ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣਾ ਭਗਵੰਤ ਮਾਨ ਦੀ ਸਭ ਤੋਂ ਵੱਡੀ ਰਾਜਨੀਤਿਕ ਭੁੱਲ : ਸਾਂਪਲਾ

ਜਲੰਧਰ, 25 ਜੂਨ (ਖ਼ਬਰ ਖਾਸ ਬਿਊਰੋ)

ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਵਿਜੇ ਸਾਂਪਲਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵਿਡੀਉ ਦੀ ਜਾਅਲੀ ਫੋਰੈਂਸਿਕ ਰਿਪੋਰਟ ਮਾਮਲੇ ਚ ਗੁਰੁਗ੍ਰਾਮ ਵਿੱਚ ਦਰਜ ਹੋਈ ਐਫ.ਆਈ.ਆਰ. ਅਤੇ ਹੋਈਆਂ ਗ੍ਰਿਫ਼ਤਾਰੀਆਂ ਨੇ ਪੰਜਾਬ ਸਰਕਾਰ ਅਤੇ ਉਸਦੇ ਨੁਮਾਇੰਦਿਆਂ ਵੱਲੋਂ ਕੀਤੇ ਗਏ ਕਈ ਦਾਵਿਆਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਨੂੰ ਝੂਠਾ ਸਾਬਤ ਕਰਨ ਲਈ ਕਥਿਤ ਤੌਰ ’ਤੇ ਪੈਸੇ ਅਤੇ ਪ੍ਰਭਾਵ ਦੀ ਵਰਤੋਂ ਕਰਕੇ ਮਨਘੜਤ ਫੋਰੈਂਸਿਕ ਰਿਪੋਰਟਾਂ ਤਿਆਰ ਕਰਵਾਉਣ ਦੀ ਸਾਜ਼ਿਸ਼ ਦਾ ਸਾਹਮਣੇ ਆਉਣਾ ਬਹੁਤ ਹੀ ਗੰਭੀਰ ਮਾਮਲਾ ਹੈ।

ਸਾਂਪਲਾ ਨੇ ਕਿਹਾ ਕਿ ਜੇਕਰ ਜਾਂਚ ਵਿੱਚ ਲੱਗੇ ਦੋਸ਼ ਸਹੀ ਸਾਬਤ ਹੁੰਦੇ ਹਨ ਤਾਂ ਇਹ ਸਿਰਫ਼ ਕਾਨੂੰਨ ਅਤੇ ਜਾਂਚ ਪ੍ਰਕਿਰਿਆ ਨਾਲ ਧੋਖਾਧੜੀ ਨਹੀਂ, ਸਗੋਂ ਸਿੱਖ ਕੌਮ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਸਰਵਉੱਚਤਾ ਨੂੰ ਠੇਸ ਪਹੁੰਚਾਉਣ ਦੀ ਇੱਕ ਸੁਚਿੰਤਿਤ ਕੋਸ਼ਿਸ਼ ਵੀ ਮੰਨੀ ਜਾਵੇਗੀ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸਦੀਵੀ ਸੰਸਥਾ ਹੈ ਅਤੇ ਇੱਥੋਂ ਜਾਰੀ ਹੋਣ ਵਾਲੇ ਹੁਕਮਨਾਮੇ ਸਮੂਹ ਸਿੱਖ ਕੌਮ ਲਈ ਸਤਿਕਾਰਯੋਗ ਅਤੇ ਮੰਨਣਯੋਗ ਹੁੰਦੇ ਹਨ। ਕੋਈ ਵੀ ਵਿਅਕਤੀ, ਭਾਵੇਂ ਉਹ ਕਿਸੇ ਵੀ ਅਹੁਦੇ ’ਤੇ ਕਿਉਂ ਨਾ ਹੋਵੇ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਤੋਂ ਉੱਪਰ ਨਹੀਂ ਹੋ ਸਕਦਾ।

ਵਿਜੇ ਸਾਂਪਲਾ ਨੇ ਕਿਹਾ ਕਿ ਸਿੰਘ ਸਾਹਿਬਾਨਾਂ ਦੇ ਆਦੇਸ਼ਾਂ ਦੀ ਅਣਦੇਖੀ ਕਰਕੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦੇ ਕੇ ਭਗਵੰਤ ਮਾਨ ਨੇ ਆਪਣੀ ਸਭ ਤੋਂ ਵੱਡੀ ਰਾਜਨੀਤਿਕ ਭੁੱਲ ਕੀਤੀ ਹੈ। ਸਿੱਖ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਿਨ੍ਹਾਂ ਨੇ ਵੀ ਅਹੰਕਾਰ ਵੱਸ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਉਣ ਦੀ ਕੋਸ਼ਿਸ਼ ਕੀਤੀ, ਉਨ੍ਹਾਂ ਨੂੰ ਨਾ ਪੰਥ ਵਿੱਚ ਸਤਿਕਾਰ ਮਿਲਿਆ ਅਤੇ ਨਾ ਹੀ ਇਤਿਹਾਸ ਨੇ ਉਨ੍ਹਾਂ ਨੂੰ ਮੁਆਫ਼ ਕੀਤਾ।

ਉਨ੍ਹਾਂ ਕਿਹਾ ਕਿ “ਵਿਨਾਸ਼ ਕਾਲੇ ਵਿਪਰੀਤ ਬੁੱਧੀ” ਦੀ ਕਹਾਵਤ ਮੌਜੂਦਾ ਘਟਨਾਕ੍ਰਮ ’ਤੇ ਪੂਰੀ ਤਰ੍ਹਾਂ ਢੁੱਕਵੀਂ ਬੈਠਦੀ ਹੈ। ਸੱਤਾ ਦੇ ਹੰਕਾਰ ਵਿੱਚ ਪੰਥਕ ਭਾਵਨਾਵਾਂ, ਧਾਰਮਿਕ ਮਰਿਆਦਾਵਾਂ ਅਤੇ ਲੋਕਤੰਤਰੀ ਸੰਸਥਾਵਾਂ ਨੂੰ ਚੁਣੌਤੀ ਦੇਣ ਵਾਲੀ ਰਾਜਨੀਤੀ ਦਾ ਅੰਤ ਨਿਸ਼ਚਿਤ ਹੁੰਦਾ ਹੈ। ਪੰਥ ਅਤੇ ਪੰਜਾਬ ਵਿਰੋਧੀ ਸੋਚ ਕਦੇ ਵੀ ਲੋਕਾਂ ਦਾ ਵਿਸ਼ਵਾਸ ਹਾਸਲ ਨਹੀਂ ਕਰ ਸਕਦੀ।

ਸਾਂਪਲਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਅਤੇ ਸਮੂਹ ਸਿੱਖ ਸੰਗਤ ਜਾਣਨਾ ਚਾਹੁੰਦੀ ਹੈ ਕਿ ਆਖ਼ਿਰ ਅਜਿਹੀ ਕਿਹੜੀ ਲੋੜ ਪੈ ਗਈ ਸੀ ਕਿ ਇੱਕ ਧਾਰਮਿਕ ਅਤੇ ਪੰਥਕ ਮਾਮਲੇ ਵਿੱਚ ਫੋਰੈਂਸਿਕ ਰਿਪੋਰਟਾਂ ਨੂੰ ਪ੍ਰਭਾਵਿਤ ਕਰਨ ਦੇ ਦੋਸ਼ ਸਾਹਮਣੇ ਆ ਰਹੇ ਹਨ। ਇਸ ਲਈ ਸੱਚਾਈ ਦਾ ਸਾਹਮਣੇ ਆਉਣਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਹਰਿਆਣਾ ਪੁਲਿਸ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਰਾਜਨੀਤਿਕ ਦਬਾਅ ਤੋਂ ਬਿਨਾਂ ਨਿਰਪੱਖ, ਪਾਰਦਰਸ਼ੀ ਅਤੇ ਸਖ਼ਤ ਜਾਂਚ ਕਰਕੇ ਸਾਰੇ ਤੱਥ ਜਨਤਾ ਸਾਹਮਣੇ ਲਿਆਵੇ ਅਤੇ ਦੋਸ਼ੀ ਪਾਏ ਜਾਣ ਵਾਲੇ ਹਰ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ।

ਅੰਤ ਵਿੱਚ ਵਿਜੇ ਸਾਂਪਲਾ ਨੇ ਕਿਹਾ ਕਿ ਭਗਵੰਤ ਮਾਨ ਨੂੰ ਆਪਣੀ ਗਲਤੀ ਸਵੀਕਾਰ ਕਰਦੇ ਹੋਏ ਮੁੱਖ ਮੰਤਰੀ ਦੇ ਅਹੁਦੇ ਤੋਂ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਤਮਸਤਕ ਹੋ ਕੇ ਸਿੱਖ ਕੌਮ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਸਿੱਖ ਕੌਮ ਵਿੱਚ ਮਾਣ-ਸਤਿਕਾਰ ਸੱਤਾ ਨਾਲ ਨਹੀਂ, ਸਗੋਂ ਗੁਰੂ ਘਰ ਦੀ ਮਰਿਆਦਾ ਦੀ ਪਾਲਣਾ ਨਾਲ ਮਿਲਦਾ ਹੈ।

Leave a Reply

Your email address will not be published. Required fields are marked *