ਜਿਊਲਰ ਹਮਲੇ ਪਿੱਛੇ ਗੈਂਗਸਟਰ ਲਖਬੀਰ ਲੰਡਾ ਦਾ ਹੱਥ; ਮੁੱਖ ਸ਼ੂਟਰ ਗ੍ਰਿਫ਼ਤਾਰ

ਚੰਡੀਗੜ੍ਹ, 30 ਅਗਸਤ (ਖ਼ਬਰ ਖਾਸ ਬਿਊਰੋ)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਜਿਊਲਰ ਹਮਲੇ ਵਿੱਚ ਸ਼ਾਮਲ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਗਰੋਸ਼ਨ ਸਿੰਘ ਵਾਸੀ ਨੌਸ਼ਹਿਰਾ ਪੰਨੂਆਂ, ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ।

ਹੋਰ ਪੜ੍ਹੋ 👉  ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ਵੀਡੀਐਸ ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਸੌਂਦ

ਜਾਣਕਾਰੀ ਅਨੁਸਾਰ, 14 ਅਗਸਤ, 2025 ਨੂੰ ਸ਼ਾਮ 6 ਵਜੇ ਦੇ ਕਰੀਬ ਜ਼ਿਲ੍ਹਾ ਫਿਰੋਜ਼ਪੁਰ ਦੇ ਜ਼ੀਰਾ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਨੇ ਇੱਕ ਜਿਊਲਰੀ ਸ਼ਾਪ ਦੇ ਮਾਲਕ ’ਤੇ ਗੋਲੀਬਾਰੀ ਕੀਤੀ ਸੀ ਅਤੇ ਇਸ ਹਮਲੇ ਦੌਰਾਨ ਦੁਕਾਨ ਮਾਲਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸ਼ੂਟਰਾਂ ਨੇ ਵਿਦੇਸ਼ ਅਧਾਰਤ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਦੇ ਇਸ਼ਾਰਿਆਂ ‘ਤੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਹੋਰ ਪੜ੍ਹੋ 👉  'ਕੱਟੜ ਇਮਾਨਦਾਰਾ' ਦਾ ਮੁਖੌਟਾ ਅਦਾਲਤ ਵਿੱਚ ਤਾਰ-ਤਾਰ ਹੋਇਆ: ਭਾਜਪਾ

ਇਸ ਆਪਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ, ਏਜੀਟੀਐਫ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ’ਤੇ ਕਾਰਵਾਈ ਕਰਦਿਆਂ, ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਦੀ ਅਗਵਾਈ ਵਿੱਚ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਜ਼ੀਰਾ ਦੇ ਪਿੰਡ ਮਨਸੂਰ ਦੇਵਾ ਵਿੱਚ ਝਟਰਾ ਰੋਡ ’ਤੇ ਨਹਿਰ ਦੇ ਪੁਲ ਤੋਂ ਦੋਸ਼ੀ ਜਗਰੋਸ਼ਨ ਨੂੰ ਗ੍ਰਿਫ਼ਤਾਰ ਕਰ ਲਿਆ।

ਏਡੀਜੀਪੀ ਨੇ ਦੱਸਿਆ ਕਿ ਜਗਰੋਸ਼ਨ ਜਿਊਲਰ ਹਮਲੇ ਸਬੰਧੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਤੀਜਾ ਦੋਸ਼ੀ ਹੈ ਅਤੇ ਉਹ ਇਸ ਹਮਲੇ ਵਿੱਚ ਮੁੱਖ ਸ਼ੂਟਰ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ, ਦੋ ਹੋਰ ਦੋਸ਼ੀਆਂ, ਜਿਨ੍ਹਾਂ ਦੀ ਪਛਾਣ ਹਰਜੀਤ ਉਰਫ ਜੀਤਾ ਅਤੇ ਸਨਮੁਖ ਉਰਫ ਸੰਨੀ ਵਜੋਂ ਹੋਈ ਹੈ, ਨੂੰ ਏਜੀਟੀਐਫ ਦੀਆਂ ਟੀਮਾਂ ਨੇ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ।

ਹੋਰ ਪੜ੍ਹੋ 👉  ਲੁਧਿਆਣਾ ਚ ਫੁੱਟਬਾਲਰ ਦਾ ਕਤਲ, ਬਠਿੰਡਾ ਵਿੱਚ ਫਿਰੌਤੀ ਲਈ ਗੋਲੀਬਾਰੀ ਨੇ ਕਾਨੂੰਨ ਵਿਵਸਥਾ ਉਤੇ ਉਠਾਏ ਸਵਾਲ

ਇਸ ਸਬੰਧੀ, ਐਫਆਈਆਰ ਨੰਬਰ 87 ਮਿਤੀ 15.08.2025 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109 ਅਤੇ 309 (6) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਥਾਣਾ ਜ਼ੀਰਾ ਵਿਖੇ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

Leave a Reply

Your email address will not be published. Required fields are marked *