ਪੁਲਿਸ ਵੱਲੋਂ 95 ਨਸ਼ਾ ਤਸਕਰ ਕਾਬੂ; 11 ਕਿਲੋ ਹੈਰੋਇਨ, 7.5 ਕਿਲੋ ਅਫੀਮ ਬਰਾਮਦ

ਲੁਧਿਆਣਾ, 18 ਮਾਰਚ (ਖਬ਼ਰ ਖਾਸ ਬਿਊਰੋ)

ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 18ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਅੱਜ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਕਬਜ਼ੇ ‘ਚੋਂ 11 ਕਿਲੋ ਹੈਰੋਇਨ, 7.5 ਕਿਲੋ ਅਫੀਮ ਅਤੇ 31000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ 18 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 2231 ਹੋ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਹੋਰ ਪੜ੍ਹੋ 👉  ED ਦੇ ਸਾਬਕਾ ਅਧਿਕਾਰੀ ਨਰੰਜਨ ਸਿੰਘ ਨੇ ਵਾਰਸ ਪੰਜਾਬ ਤੋ ਤੋੜਿਆ ਨਾਤਾ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਲੜਾਈ ਵਿੱਚ ਲਿਆਂਦੀ ਤੇਜ਼ੀ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਹਿੱਸੇ ਵਜੋਂ, ਮਲੇਰਕੋਟਲਾ ਪੁਲਿਸ ਨੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਪਿੰਡ ਫਿਰੋਜ਼ਪੁਰ ਕੋਠਲਾ, ਥਾਣਾ ਸੰਦੌਰ ਵਿਖੇ ਸੰਪਰਕ ਮੀਟਿੰਗ ਕਰਵਾਈ, ਜਿਸ ਦੌਰਾਨ 40 ਪੰਚਾਇਤਾਂ ਵੱਲੋਂ ਨਸ਼ਿਆਂ ਦੇ ਖ਼ਤਰੇ ਦਾ ਸਾਂਝੇ ਤੌਰ ‘ਤੇ ਮੁਕਾਬਲਾ ਕਰਨ ਅਤੇ ਪੁਲਿਸ-ਜਨਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਲਈ ਮਤਾ ਪਾਸ ਕੀਤਾ ਗਿਆ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਬੋਲੇ,ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ;7-ਮੈਂਬਰੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਮੀਟਿੰਗਾਂ ਕਰੇਗੀ

ਆਪਰੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 97 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1600 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ 539 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ ਜਿਸ ਦੌਰਾਨ 61 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 599 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ, ਜਦਕਿ ਪ੍ਰੀਵੈਂਸ਼ਨ ਹਿੱਸੇ ਤਹਿਤ ਅੱਜ ਸੂਬੇ ਭਰ ਵਿੱਚ 137 ਜਾਗਰੂਕਤਾ ਸਮਾਗਮ ਕਰਵਾਏ ਗਏ।

ਹੋਰ ਪੜ੍ਹੋ 👉  ਸੰਸਥਾਵਾਂ ’ਤੇ ਦੋਸ਼ ਲਗਾਉਣ ਦੀ ਬਜਾਏ ਰਾਹੁਲ ਗਾਂਧੀ ਨੂੰ ਆਤਮ-ਮੰਥਨ ਕਰਨਾ ਚਾਹੀਦਾ ਹੈ: ਸੰਜੇ ਟੰਡਨ

Leave a Reply

Your email address will not be published. Required fields are marked *