ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ, 5 ਮਈ (ਖ਼ਬਰ ਖਾਸ ਬਿਊਰੋ)

ਪੰਜਾਬ ਵਿਧਾਨ ਸਭਾ ਨੇ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੁਆਰਾ ਪੇਸ਼ ਕੀਤੇ ਗਏ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਹ ਇਤਿਹਾਸਕ ਸੋਧ ਪੰਜਾਬ ਸਰਕਾਰ ਨੂੰ ਐਡਵੋਕੇਟ ਜਨਰਲ ਪੰਜਾਬ ਦੇ ਦਫ਼ਤਰ ਵਿੱਚ ਕਾਨੂੰਨ ਅਧਿਕਾਰੀਆਂ ਵਜੋਂ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਦੀ ਨਿਯੁਕਤੀ ਲਈ ਘੱਟੋ-ਘੱਟ ਸਾਲਾਨਾ ਪੇਸ਼ੇਵਰ ਆਮਦਨ ਦੇ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਆਗਿਆ ਦੇਵੇਗੀ।

ਪੰਜਾਬ ਦੇ ਪਾਣੀਆਂ ਦੀ ਰਾਖੀ ‘ਤੇ ਕੇਂਦ੍ਰਿਤ ਵਿਸ਼ੇਸ਼ ਸੈਸ਼ਨ ਦੌਰਾਨ ਬਿੱਲ ਪੇਸ਼ ਕਰਦਿਆਂ ਵਿੱਤ ਮੰਤਰੀ ਸ. ਚੀਮਾ ਨੇ ਕਿਹਾ ਕਿ ਇਹ ਸੋਧ ਐਡਵੋਕੇਟ ਜਨਰਲ ਪੰਜਾਬ ਦੇ ਦਫ਼ਤਰ ਵਿੱਚ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਢੁਕਵੀਂ ਪ੍ਰਤੀਨਿਧਤਾ ਪ੍ਰਦਾਨ ਕਰੇਗੀ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਆਮ ਆਦਮੀ ਪਾਰਟੀ ਨੇ ਗਰੀਬ ਅਤੇ ਪਛੜੇ ਪਰਿਵਾਰਾਂ ਨਾਲ ਸਬੰਧਤ ਵਕੀਲਾਂ ਨੂੰ ਨਿਯੁਕਤ ਕਰਨ ਦਾ ਵਾਅਦਾ ਕੀਤਾ ਸੀ ਅਤੇ ਇਹ ਸੋਧ ਉਸ ਵਚਨਬੱਧਤਾ ਤਹਿਤ ਹੈ।

ਹੋਰ ਪੜ੍ਹੋ 👉  ਜਨਗਣਨਾ 2027 ਦੇ ਫੇਜ਼-2 ਦੇ ਕੰਮ ਲਈ ਜ਼ਿਲ੍ਹਾ ਰੂਪਨਗਰ ਵਿੱਚ ਸਿਖਲਾਈ ਦਾ ਆਯੋਜਨ

ਵਿੱਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਐਡਵੋਕੇਟ ਜਨਰਲ ਦਫ਼ਤਰ ਵਿੱਚ 58 ਅਸਾਮੀਆਂ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਲਈ ਰਾਖਵੀਆਂ ਕੀਤੀਆਂ ਸਨ। ਹਾਲਾਂਕਿ ਸਾਲ 2017 ਦੇ ਕਾਨੂੰਨ ਤਹਿਤ ਨਿਰਧਾਰਤ ਆਮਦਨ ਸੀਮਾ ਜਿਆਦਾ ਹੋਣ ਕਾਰਨ ਤਕਰੀਬਨ ਸਾਰੀਆਂ ਸੀਟਾਂ ਖਾਲੀ ਰਹਿ ਜਾਂਦੀਆਂ ਸਨ। ਇਸ ਸੋਧ ਦਾ ਉਦੇਸ਼ ਆਮਦਨ ਸੀਮਾ ਨੂੰ ਘਟਾਉਣਾ ਹੈ, ਜਿਸ ਨਾਲ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਲਈ ਐਡਵੋਕੇਟ ਜਨਰਲ ਦਫ਼ਤਰ ਦਾ ਹਿੱਸਾ ਬਣਨ ਦੀ ਪ੍ਰਕਿਰਿਆ ਸੁਖਾਲੀ ਹੋ ਜਾਵੇ।

ਵਿੱਤ ਮੰਤਰੀ ਚੀਮਾ ਨੇ ਇਸ ਮੁੱਦੇ ‘ਤੇ ਕਾਂਗਰਸ ਪਾਰਟੀ ਦੇ ਸਟੈਂਡ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਦੋ ਕੈਬਨਿਟ ਮੰਤਰੀ ਹੋਣ ਦੇ ਬਾਵਜੂਦ, ਉਹ ਇਨ੍ਹਾਂ ਭਾਈਚਾਰਿਆਂ ਦੇ ਅਧਿਕਾਰਾਂ ਦੀ ਰਾਖੀ ਵਿੱਚ ਅਸਫ਼ਲ ਰਹੀ। ਉਨ੍ਹਾਂ ਨੇ ਸਾਲ 2017 ਦੇ ਐਕਟ ਵਿੱਚ ਰਾਖਵੇਂਕਰਨ ਦੀ ਵਕਾਲਤ ਕਰਨ ਦੇ ਆਪਣੇ ਯਤਨਾਂ ਨੂੰ ਵੀ ਯਾਦ ਕਰਵਾਇਆ, ਜਿਨ੍ਹਾਂ ਨੂੰ ਬਦਕਿਸਮਤੀ ਨਾਲ ਪਿਛਲੀ ਕਾਂਗਰਸ ਸਰਕਾਰ ਨੇ ਸਵੀਕਾਰ ਨਹੀਂ ਕੀਤਾ।

ਹੋਰ ਪੜ੍ਹੋ 👉  ਪ੍ਰਿੰਸੀਪਲ ਸਰਵਣ ਸਿੰਘ ਨੇ ਕੀਤਾ ਖੇਡ ਸਾਹਿਤ ਨੂੰ ਮਕਬੂਲ ਤੇ ਪ੍ਰਫੁੱਲਿਤ

ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਵਿਧਾਇਕਾਂ ਸਮੇਤ ਡਾ. ਸੁਖਵਿੰਦਰ ਕੁਮਾਰ ਸੁੱਖੀ, ਬੁੱਧ ਰਾਮ ਸਿੰਘ, ਨਛੱਤਰ ਪਾਲ, ਰਜਨੀਸ਼ ਕੁਮਾਰ ਦਹੀਆ ਅਤੇ ਵਿਕਰਮਜੀਤ ਸਿੰਘ ਚੌਧਰੀ ਨੇ ਇਸ ਅਤਿ-ਲੋੜੀਂਦੀ ਸੋਧ ਨੂੰ ਲਿਆਉਣ ਲਈ ਵਿੱਤ ਮੰਤਰੀ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *