ਮੁੱਖ ਮੰਤਰੀ ਨੇ ਕੀਤੀ ਆਮ ਲੋਕਾਂ ਦੀ ਭਲਾਈ ਲਈ ਨਵੇਂ ਵਿਚਾਰਾਂ ਅਤੇ ਨਿਵੇਕਲੀ ਸੋਚ ਦੇ ਧਾਰਨੀ ਬਣਨ ਦੀ ਵਕਾਲਤ


ਚੰਡੀਗੜ੍ਹ, 21 ਅਗਸਤ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਸੀਨੀਅਰ ਪੰਜਾਬ ਗੁੱਡ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਕਈ ਪ੍ਰਮੁੱਖ ਯੋਜਨਾਵਾਂ ਅਤੇ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ ਦਿੱਤਾ।

ਅੱਜ ਇੱਥੇ ਫੈਲੋਜ਼ ਨਾਲ ਵਿਚਾਰ-ਚਰਚਾ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾਉਣ ਲਈ ਭਰਤੀ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਮੁੱਖ ਮੰਤਰੀ ਸਿਹਤ ਯੋਜਨਾ, ਯੁੱਧ ਨਸ਼ਿਆਂ ਵਿਰੁੱਧ, ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ ਅਤੇ ਹੋਰਨਾਂ ਸਮੇਤ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਲਈ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਹ ਫੈਲੋਜ਼ ਸਮਰਪਿਤ ਭਾਵਨਾ, ਨਵੀਨਤਾ, ਅਮਲ ਅਤੇ ਲੋਕਾਂ ਨਾਲ ਜੁੜ ਕੇ ਸੇਵਾ ਪ੍ਰਦਾਨ ਕਰਨ ਅਤੇ ਪ੍ਰਸ਼ਾਸਨ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਲਈ ਨਵੇਂ ਦ੍ਰਿਸ਼ਟੀਕੋਣ, ਹੁਨਰ ਅਤੇ ਅਮਲ ਨੂੰ ਯਕੀਨੀ ਬਣਾਉਣਗੇ। ਭਗਵੰਤ ਸਿੰਘ ਮਾਨ ਨੇ ਫੈਲੋਜ਼ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਤਾਂ ਜੋ ਉਹ ਸਕੀਮਾਂ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਲਾਗੂ ਕਰਨ ਲਈ ਜ਼ਮੀਨੀ ਪੱਧਰ ‘ਤੇ ਹਕੀਕਤਾਂ ਤੋਂ ਜਾਣੂ ਹੋ ਸਕਣ।

ਹੋਰ ਪੜ੍ਹੋ 👉  ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ

ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਫੈਲੋਜ਼ ਨੂੰ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਲਈ ਖੁੱਲ੍ਹੀ ਆਜ਼ਾਦੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਫੈਲੋਜ਼ ਆਈ.ਆਈ.ਟੀ. ਤੋਂ ਲੈ ਕੇ ਆਈ.ਆਈ.ਐਮ. ਆਦਿ ਸੰਸਥਾਵਾਂ ਤੋਂ ਸਿਖਲਾਈ ਪ੍ਰਾਪਤ ਹਨ ਅਤੇ ਉਨ੍ਹਾਂ ਕੋਲ ਲੋਕ ਪੱਖੀ ਕਦਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਵਿਆਪਕ ਗਿਆਨ ਅਤੇ ਮੁਹਾਰਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸੂਬਾ ਸਰਕਾਰ ਦਾ ਅਹਿਮ ਹਿੱਸਾ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਕਾਲੀ ਦੁਨੀਆ ਦਿਮਾਗੀ ਤੌਰ ‘ਤੇ ਸੋਚ-ਵਿਚਾਰ ਕਰਨ ਅਤੇ ਨਵੇਂ ਵਿਚਾਰ ਲਿਆਉਣ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਇੱਕ ਜਾਂ ਦੋ ਵਿਅਕਤੀਆਂ ਵੱਲੋਂ ਦਿੱਤੇ ਬੇਸ਼ਕੀਮਤੀ ਵਿਚਾਰ ਨਾਲ ਅਰਬਾਂ ਡਾਲਰਾਂ ਦੇ ਕਾਰੋਬਾਰ ਬਣੇ ਹਨ।

ਮੁੱਖ ਮੰਤਰੀ ਨੇ ਫੈਲੋਜ਼ ਨੂੰ ਜ਼ਮੀਨੀ ਹਕੀਕਤਾਂ ਦਾ ਪਤਾ ਲਾਉਣ ਅਤੇ ਲੋਕਾਂ ਤੇ ਸੂਬਾ ਸਰਕਾਰ ਦਰਮਿਆਨ ਸੰਚਾਰ ਦੇ ਪਾੜੇ ਨੂੰ ਪੂਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਸਰਕਾਰ ਦੇ ਹਰ ਫੈਸਲੇ ਬਾਰੇ ਜ਼ਮੀਨੀ ਪੱਧਰ ‘ਤੇ ਜਾਣਕਾਰੀ ਪ੍ਰਦਾਨ ਕਰਨ ਲਈ ਉਤਸ਼ਾਹਿਤ ਕੀਤਾ ਤਾਂ ਜੋ ਇੱਕ ਮਜ਼ਬੂਤ ਅਤੇ ਵਿਵਹਾਰਕ ਫੀਡਬੈਕ ਵਿਧੀ ਵਿਕਸਤ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਕਾਰਾਤਮਕ ਵਿਚਾਰ ਅਤੇ ਵਿਹਾਰ ਸਫਲਤਾ ਦੀ ਕੁੰਜੀ ਹੈ ਅਤੇ ਉਨਾਂ ਨੂੰ ਆਪਣੇ ਦ੍ਰਿਸ਼ਟੀਕੋਣ ਅਤੇ ਕੰਮਕਾਜ ਵਿੱਚ ਸਕਾਰਾਤਮਕਤਾ ਪੈਦਾ ਕਰਨੀ ਚਾਹੀਦੀ ਹੈ।

ਹੋਰ ਪੜ੍ਹੋ 👉  ਵਿਜੀਲੈਂਸ ਬਿਊਰੋ ਨੇ ਇਕ ਸਾਲ ਵਿਚ  1111 ਮੁਲਜ਼ਮ ਕੀਤੇ ਗ੍ਰਿਫ਼ਤਾਰ

ਇੱਕ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾ ਤਾਂ ਉਨ੍ਹਾਂ ਨੇ ਅਤੇ ਨਾ ਹੀ ਉਨ੍ਹਾਂ ਦੇ ਕਿਸੇ ਵੀ ਮੰਤਰੀ ਨੇ ਕਦੇ ਇਹ ਦਾਅਵਾ ਕੀਤਾ ਕਿ ਸਰਕਾਰੀ ਖਜ਼ਾਨਾ ਖਾਲੀ ਹੈ ਅਤੇ ਸੂਬੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬੇ ਦੇ ਇੱਕ-ਇੱਕ ਪੈਸੇ ਦੀ ਵਰਤੋਂ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਸਮਝਦਾਰੀ ਨਾਲ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਦੁੱਖ ਪ੍ਰਗਟ ਕੀਤਾ ਕਿ ਸਾਬਕਾ ਵਿੱਤ ਮੰਤਰੀ ਇਹ ਬਿਆਨਬਾਜ਼ੀ ਕਰਦੇ ਰਹੇ ਸਨ ਕਿ ਖਜ਼ਾਨਾ ਖਾਲੀ ਹੈ ਜਿਸ ਕਾਰਨ ਸੂਬੇ ਦੇ ਵਿਕਾਸ ਵਿੱਚ ਵੱਡੀ ਰੁਕਾਵਟ ਆ ਰਹੀ ਹੈ।

ਹੋਰ ਪੜ੍ਹੋ 👉  ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਉਸਾਰੂ ਮਾਹੌਲ ਸਿਰਜਣ ਲਈ ਕੋਈ ਤਰੱਦਦ ਨਹੀਂ ਕੀਤਾ ਅਤੇ ਪ੍ਰਸ਼ਾਸਨਿਕ ਢਾਂਚੇ ਨੂੰ ਤਬਾਹ ਕਰ ਦਿੱਤਾ ਹੈ ਜਿਸ ਕਾਰਨ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜਬੂਰ ਹੋਣਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਹਮੇਸ਼ਾ ਨਵੇਂ ਵਿਚਾਰਾਂ ਅਤੇ ਲੀਹੋਂ ਹਟਵੀਂ ਸੋਚ ਦੇ ਧਾਰਨੀ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਨੂੰ ਸਮਰੱਥ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਨਵੀਨਤਮ ਕਾਢਾਂ ਲਈ ਹਮੇਸ਼ਾ ਤਿਆਰ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਤਵੰਤਿਆਂ ਦਾ ਸਵਾਗਤ ਕੀਤਾ।

Leave a Reply

Your email address will not be published. Required fields are marked *