ਚੰਡੀਗੜ੍ਹ, 7 ਸਤੰਬਰ (ਖ਼ਬਰ ਖਾਸ ਬਿਊਰੋ)
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਨਾਭਾ ਜੇਲ੍ਹ ਬ੍ਰੇਕ ਮਾਮਲੇ ਦੇ ਮਾਸਟਰਮਾਈਂਡ ਗੈਂਗਸਟਰ ਗੁਰਪ੍ਰੀਤ ਸੇਖੋਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ’ਤੇ ਸਵਾਲ ਕੀਤਾ।
ਵੜਿੰਗ ਨੇ ਅੱਜ ਦਿੱਲੀ ਵਿੱਚ ਨਵੇਂ ਨਿਯੁਕਤ ਜਨਰਲ ਸਕੱਤਰ ਇੰਚਾਰਜ ਸਚਿਨ ਪਾਇਲਟ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਪਾਇਲਟ ਦੇਸ਼ ਦੇ ਹਮੇਸ਼ਾ ਹੀ ਇੱਕ ਬੇਹੱਦ ਲੋਕਪ੍ਰਿਯ ਅਤੇ ਮੰਗ ਵਾਲੇ ਆਗੂ ਰਹੇ ਹਨ। ਉਨ੍ਹਾਂ ਦੱਸਿਆ ਕਿ ਜਦੋਂ ਉਹ ਇੰਡੀਅਨ ਯੂਥ ਕਾਂਗਰਸ ਦੇ ਪ੍ਰਧਾਨ ਸਨ, ਉਸ ਸਮੇਂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਤੋਂ ਬਾਅਦ ਸਚਿਨ ਪਾਇਲਟ ਦੀ ਸਭ ਤੋਂ ਵੱਧ ਮੰਗ ਰਹਿੰਦੀ ਸੀ।
ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਪੂਰੀ ਲੀਡਰਸ਼ਿਪ ਅਤੇ ਪਾਰਟੀ ਦਾ ਹਰ ਵਰਕਰ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਬਹੁਤ ਜਲਦ ਪੂਰੀ ਲੀਡਰਸ਼ਿਪ ਇੱਕੋ ਮੰਚ ’ਤੇ ਨਜ਼ਰ ਆਵੇਗੀ।
ਗੈਂਗਸਟਰ ਗੁਰਪ੍ਰੀਤ ਸੇਖੋਂ ਨੂੰ ‘ਆਪ’ ਵਿੱਚ ਸ਼ਾਮਲ ਕੀਤੇ ਜਾਣ ਸਬੰਧੀ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ‘ਆਪ’ ਨਿਰਾਸ਼ਾ ਅਤੇ ਬੇਚੈਨੀ ਵਿੱਚ ਗੰਦੀ ਰਾਜਨੀਤੀ ’ਤੇ ਉਤਰ ਆਈ ਹੈ।
ਉਨ੍ਹਾਂ ਕਿਹਾ ਕਿ ‘ਆਪ’ ਸੇਖੋਂ ਨੂੰ ਜ਼ੀਰਾ ਤੋਂ ਚੋਣ ਲੜਾਉਣ ਦੀ ਯੋਜਨਾ ਬਣਾ ਰਹੀ ਹੈ, ਜਦਕਿ ਇਸ ਹਲਕੇ ਤੋਂ ਪਹਿਲਾਂ ਹੀ ਪਾਰਟੀ ਦਾ ਮੌਜੂਦਾ ਵਿਧਾਇਕ ਹੈ। ਇਸ ਦਾ ਸਪੱਸ਼ਟ ਮਤਲਬ ਹੈ ਕਿ ‘ਆਪ’ ਆਪਣੀ ਜ਼ਮੀਨੀ ਪਕੜ ਗੁਆ ਚੁੱਕੀ ਹੈ ਅਤੇ ਹੁਣ ਚੋਣਾਂ ਵਿੱਚ ਗੈਂਗਸਟਰਾਂ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਉਨ੍ਹਾਂ ਕੇਜਰੀਵਾਲ ਨੂੰ ਯਾਦ ਕਰਵਾਇਆ ਕਿ ਜਦੋਂ 2016 ਵਿੱਚ ਨਾਭਾ ਜੇਲ੍ਹ ਬ੍ਰੇਕ ਦੀ ਘਟਨਾ ਵਾਪਰੀ ਸੀ, ਉਸ ਸਮੇਂ ਉਨ੍ਹਾਂ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਚੁੱਕੇ ਸਨ। ਹੁਣ ਉਹੀ ਕੇਜਰੀਵਾਲ ਇਸ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਭ ਕੁਝ ਦੇਖ ਰਹੇ ਹਨ।
ਵੜਿੰਗ ਨੇ ਕਿਹਾ ਕਿ ਪੰਜਾਬ ਦੇ ਲੋਕ ਗੈਂਗਸਟਰਾਂ ਤੋਂ ਛੁਟਕਾਰਾ ਚਾਹੁੰਦੇ ਹਨ, ਜਦਕਿ ‘ਆਪ’ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਸਿਆਸੀ ਤਾਕਤ ਦੇ ਰਹੀ ਹੈ। ਉਨ੍ਹਾਂ ਇਹ ਵੀ ਯਾਦ ਕਰਵਾਇਆ ਕਿ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਕਾਲੀਆਂ ਨੂੰ ਤਾਅਨੇ ਮਾਰਦੇ ਸਨ ਕਿ ਅਕਾਲੀ ਦਲ ਨੇ ਉੱਥੋਂ ਇੱਕ ਗੈਂਗਸਟਰ ਦੀ ਸੱਸ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।
ਉਨ੍ਹਾਂ ‘ਆਪ’ ਲੀਡਰਸ਼ਿਪ ਨੂੰ ਸਵਾਲ ਕੀਤਾ, “ਜਿਸ ਵਿਅਕਤੀ ਖ਼ਿਲਾਫ਼ 47 ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਨਾਭਾ ਜੇਲ੍ਹ ਬ੍ਰੇਕ ਦਾ ਮਾਮਲਾ ਵੀ ਸ਼ਾਮਲ ਹੈ, ਉਸ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਬਾਅਦ ਤੁਸੀਂ ਲੋਕਾਂ ਦਾ ਸਾਹਮਣਾ ਕਿਸ ਮੂੰਹ ਨਾਲ ਕਰੋਗੇ?”