ਅਧਿਆਪਕ ਵਿਦਿਆਰਥੀਆਂ ਦੇ ਭਵਿੱਖ ਨੂੰ ਸੇਧ ਦੇਣ ਦੇ ਨਾਲ-ਨਾਲ ਸਮਾਜ ਦੀ ਤਰੱਕੀ ‘ਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ – ਗੁਨਜੀਤ ਕੌਰ
ਰੂਪਨਗਰ, 5 ਸਤੰਬਰ (ਖ਼ਬਰ ਖਾਸ ਬਿਊਰੋ)
ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਗੁਨਜੀਤ ਕੌਰ ਦੀ ਸਰਪ੍ਰਸਤੀ ਹੇਠ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਮਹਾਨ ਫਿਲਾਸਫਰ, ਚਿੰਤਕ ਅਤੇ ਅਧਿਆਪਕ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਅਧਿਆਪਕਾਂ ਦੇ ਵਿਦਿਆਰਥੀਆਂ ਅਤੇ ਸਮਾਜ ਪ੍ਰਤੀ ਫ਼ਰਜ਼ਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਪ੍ਰਿੰਸੀਪਲ ਗੁਨਜੀਤ ਕੌਰ ਨੇ ਅਧਿਆਪਕਾਂ ਨੂੰ ਲਗਨ, ਮਿਹਨਤ ਅਤੇ ਸਮਰਪਣ ਨਾਲ ਆਪਣੇ ਫ਼ਰਜ਼ ਨਿਭਾਉਣ ਅਤੇ ਸਮੇਂ ਦੇ ਹਾਣੀ ਬਣ ਕੇ ਵਿਦਿਆਰਥੀਆਂ ਦੀ ਯੋਗ ਰਹਿਨੁਮਾਈ ਕਰਨ ਲਈ ਪ੍ਰੇਰਿਤ ਕੀਤਾ।
ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਕਾਲਜ ਦੇ ਸਾਬਕਾ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਅਧਿਆਪਕਾਂ ਨੂੰ ਆਧੁਨਿਕ ਤਕਨਾਲੋਜੀ ਦਾ ਸੁਚੱਜਾ ਸਦਉਪਯੋਗ ਕਰਦਿਆਂ ਸੱਭਿਆਚਾਰ ਦੀ ਰਾਖੀ, ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਨ ਅਤੇ ਸਮਾਜ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਸੈਣੀ ਚੈਰੀਟੇਬਲ ਟਰੱਸਟ ਰੂਪਨਗਰ ਦੇ ਅਹੁਦੇਦਾਰ ਸ. ਬਲਬੀਰ ਸਿੰਘ, ਸ. ਅਮਰਜੀਤ ਸਿੰਘ, ਸ੍ਰੀ ਰਜਿੰਦਰ ਸੈਣੀ ਅਤੇ ਐਡਵੋਕੇਟ ਰਵਿੰਦਰ ਸਿੰਘ ਮੁਦਰਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸ. ਬਲਬੀਰ ਸਿੰਘ ਨੇ ਅਧਿਆਪਕ ਦੀ ਭੂਮਿਕਾ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਸੈਣੀ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਵਜ਼ੀਫ਼ਿਆਂ ਸਬੰਧੀ ਜਾਣਕਾਰੀ ਦਿੱਤੀ।
ਅਧਿਆਪਕ ਦਿਵਸ ਮੌਕੇ ਪ੍ਰੋ. ਉਪਦੇਸ਼ਦੀਪ ਕੌਰ, ਪ੍ਰੋ. ਹਰਦੀਪ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਰਜਿੰਦਰ ਕੌਰ ਅਤੇ ਡਾ. ਸ਼ਿਖਾ ਵੱਲੋਂ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਪ੍ਰੋ. ਮਨਜਿੰਦਰ ਸਿੰਘ ਨੇ ਵੀ ਅਧਿਆਪਕ ਦਿਵਸ ਦੀ ਮਹੱਤਤਾ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।
ਕਾਲਜ ਪ੍ਰਬੰਧਕਾਂ ਵੱਲੋਂ ਸਮਾਗਮ ਵਿੱਚ ਸ਼ਾਮਲ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਇਸ ਦੇ ਨਾਲ ਹੀ ਕਾਲਜ ਦੇ ਸਟਾਫ਼ ਮੈਂਬਰਾਂ ਨੂੰ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਪਾਏ ਜਾ ਰਹੇ ਯੋਗਦਾਨ ਬਦਲੇ ਪ੍ਰਮਾਣ-ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਕਾਲਜ ਰਜਿਸਟਰਾਰ ਪ੍ਰੋ. ਮੀਨਾ ਕੁਮਾਰੀ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ, ਪ੍ਰੋ. ਅਰਵਿੰਦਰ ਕੌਰ, ਪ੍ਰੋ. ਸ਼ਮਿੰਦਰ ਕੌਰ ਅਤੇ ਪ੍ਰੋ. ਜਗਜੀਤ ਸਿੰਘ ਨੇ ਅਹਿਮ ਸਹਿਯੋਗ ਦਿੱਤਾ। ਕਾਲਜ ਦੇ ਉਪ-ਪ੍ਰਿੰਸੀਪਲ ਪ੍ਰੋ. ਹਰਜੀਤ ਸਿੰਘ ਨੇ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਡਾ. ਨਿਰਮਲ ਸਿੰਘ ਬਰਾੜ ਨੇ ਬਾਖੂਬੀ ਨਿਭਾਇਆ।