10 ਕਿਲੋ ਹੈਰੋਇਨ ਸਮੇਤ ਦੋ ਪੇਸ਼ੇਵਰ ਨਸ਼ਾ ਤਸਕਰ ਕਾਬੂ

ਅੰਮ੍ਰਿਤਸਰ, 22 ਦਸੰਬਰ (ਖ਼ਬਰ ਖਾਸ ਬਿਊਰੋ)

ਸੂਬੇ ਵਿੱਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਪੇਸ਼ੇਵਰ ਅਪਰਾਧੀਆਂ, ਜੋ ਕਿ ਪਹਿਲਾਂ 2015 ਵਿੱਚ ਦੋ ਪਾਕਿਸਤਾਨੀ ਨਾਗਰਿਕਾਂ ਸਮੇਤ ਫੜੇ ਗਏ ਸਨ, ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਕਾਬੂ ਕੀਤੇ ਨਸ਼ਾ ਤਸਕਰਾਂ , ਜਿਨ੍ਹਾਂ ਦੀ ਪਹਿਚਾਣ ਸੁਖਦੇਵ ਸਿੰਘ (60) ਵਾਸੀ ਪਿੰਡ ਤਲਵਾਨੀ ਭਰਥ, ਬਟਾਲਾ ਅਤੇ ਅਵਤਾਰ ਸਿੰਘ ਉਰਫ਼ ਤਾਰੀ (45) ਵਾਸੀ ਪਿੰਡ ਬਘਿਆੜੀ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ , ਕੋਲੋਂ ਇਸ ਵਾਰ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਜੇਲ੍ਹ ਤੋਂ ਬਾਹਰ ਆਉਣ ਪਿੱਛੋਂ ਇਹ ਮੁੜ ਤਸਕਰੀ ਦੇ ਧੰਦੇ ’ਚ ਪੈ ਗਏ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਹੈਰੋਇਨ ਦੀ ਢੋਆ-ਢੁਆਈ ਲਈ ਵਰਤੀ ਜਾਂਦੀ ਟੋਇਟਾ ਈਟੀਓਸ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ।

ਹੋਰ ਪੜ੍ਹੋ 👉  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

ਜਾਣਕਾਰੀ ਅਨੁਸਾਰ 2015 ਵਿੱਚ ਦੋ ਪਾਕਿ-ਨਾਗਰਿਕਾਂ ਨੇ , ਕਾਬੂ ਕੀਤੇ ਤਸਕਰ ਸੁਖਦੇਵ ਸਿੰਘ ਅਤੇ ਅਵਤਾਰ ਤਾਰੀ ਨੂੰ 19.5 ਕਿਲੋਗ੍ਰਾਮ ਹੈਰੋਇਨ ਦੀ ਖੇਪ ਪਹੁੰਚਾਉਣ ਲਈ ਸਰਹੱਦ ਪਾਰ ਕੀਤੀ ਸੀ ਅਤੇ ਬਾਅਦ ਵਿੱਚ ਉਕਤ ਤਸਕਰਾਂ ਨੇ ਉਨ੍ਹਾਂ ਨੂੰ ਆਪਣੇ ਘਰ ਵਿੱਚ ਪਨਾਹ ਵੀ ਦਿੱਤੀ ਸੀ। ਪੰਜਾਬ ਪੁਲਿਸ ਨੇ ਚਾਰੋਂ ਦੋਸ਼ੀਆਂ ਨੂੰ 2.5 ਕਿਲੋ ਹੈਰੋਇਨ, 65 ਲੱਖ ਰੁਪਏ ਦੀ ਡਰੱਗ ਮਨੀ, ਇੱਕ ਪਿਸਤੌਲ ਅਤੇ ਇੱਕ ਰਾਈਫਲ ਸਮੇਤ ਗ੍ਰਿਫ਼ਤਾਰ ਕੀਤਾ ਸੀ। ਜ਼ਿਕਰਯੋਗ ਹੈ ਕਿ ਮੁਲਜ਼ਮ ਸੁਖਦੇਵ ਸਿੰਘ ਪਿਛਲੇ ਸਾਲ ਜੇਲ੍ਹ ਤੋਂ ਬਾਹਰ ਆਇਆ ਸੀ ਅਤੇ ਅਵਤਾਰ ਸਿੰਘ ਤਾਰੀ ਸਤੰਬਰ ਮਹੀਨੇ ਵਿੱਚ ਜ਼ਮਾਨਤ ’ਤੇ ਬਾਹਰ ਆਇਆ ਸੀ।

ਹੋਰ ਪੜ੍ਹੋ 👉  ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜੇਲ੍ਹ ਤੋਂ ਬਾਹਰ ਆਉਣ ਉਪਰੰਤ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੇ ਮੁੜ ਪਾਕਿਸਤਾਨ ਸਥਿਤ ਤਸਕਰਾਂ ਨਾਲ ਸੰਪਰਕ ਬਣਾਇਆ ਅਤੇ ਪਿਛਲੇ ਕੁਝ ਮਹੀਨਿਆਂ ਵਿੱਚ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀਆਂ ਲਗਭਗ ਤਿੰਨ ਖੇਪਾਂ ਪ੍ਰਾਪਤ ਕਰਨ ਵਿੱਚ ਕਾਮਯਾਬ ਰਹੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਖੁਫ਼ੀਆ ਇਲਤਾਹ ਦੇ ਆਧਾਰ ’ਤੇ ਇੰਸਪੈਕਟਰ ਅਮੋਲਕਦੀਪ ਸਿੰਘ ਦੀ ਅਗਵਾਈ ਹੇਠ ਅਤੇ ਡੀ.ਸੀ.ਪੀ ਇਨਵੈਸਟੀਗੇਸ਼ਨ ਜਗਜੀਤ ਸਿੰਘ ਵਾਲੀਆ, ਏ.ਡੀ.ਸੀ.ਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ ਅਤੇ ਏ.ਸੀ.ਪੀ. ਡਿਟੈਕਟਿਵ ਕੁਲਦੀਪ ਸਿੰਘ ਦੀ ਨਿਗਰਾਨੀ ਵਿੱਚ ਸੀ.ਆਈ.ਏ. ਸਟਾਫ਼-1 ਦੀ ਪੁਲਿਸ ਟੀਮ ਨੇ ਇੱਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ।

ਹੋਰ ਪੜ੍ਹੋ 👉  ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ

ਉਨ੍ਹਾਂ ਦੱਸਿਆ ਕਿ ਪੁਸ਼ਟੀਸ਼ੁਦਾ ਤੇ ਪੁਖ਼ਤਾ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਟੀਮ ਨੇ ਦੋਵਾਂ ਮੁਲਜ਼ਮਾਂ ਨੂੰ ਪਿੰਡ ਮੂਲੇਚੱਕ ਦੇ ਸੂਆ ਪੁਲ ਨੇੜੇ ਉਦੋਂ ਕਾਬੂ ਕੀਤਾ, ਜਦੋਂ ਉਹ ਆਪਣੀ ਕਾਰ ਵਿੱਚ ਕਿਸੇ ਹੋਰ ਤਸਕਰ ਨੂੰ ਹੈਰੋਇਨ ਸਪਲਾਈ ਕਰਨ ਜਾ ਰਹੇ ਸਨ।

ਸੀ.ਪੀ. ਨੇ ਕਿਹਾ ਕਿ ਨੈਟਵਰਕ ਦੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਖ਼ਰੀਦਦਾਰਾਂ ਦੀ ਸ਼ਨਾਖ਼ਤ ਲਈ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫੜੇ ਗਏ ਵਿਅਕਤੀਆਂ ਵੱਲੋਂ ਹੁਣ ਤੱਕ ਖ਼ਰੀਦੀ ਗਏ ਨਸ਼ੇ ਦੀ ਕੁੱਲ ਮਾਤਰਾ ਦਾ ਅਨੁਮਾਨ ਲਗਾਉਣ ਲਈ ਵੀ ਯਤਨ ਜਾਰੀ ਹਨ।

ਇਸ ਸਬੰਧ ਵਿੱਚ 22-12-2024 ਨੂੰ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21(ਸੀ), 23 ਅਤੇ 29 ਤਹਿਤ ਗੇਟ ਹਕੀਮਾਂ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਨੰਬਰ 223 ਦਰਜ ਕੀਤਾ ਗਿਆ ਹੈ।

Leave a Reply

Your email address will not be published. Required fields are marked *