ਚੰਡੀਗੜ੍ਹ 26 ਨਵੰਬਰ (ਖ਼ਬਰ ਖਾਸ ਬਿਊਰੋ)
ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ ਜਸਟਿਸ ਕੁਲਦੀਪ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਭਾ ਦੇ ਪ੍ਰਧਾਨ ਪ੍ਰੋਫੈਸਰ ਸ਼ਾਮ ਸਿੰਘ ਅਤੇ ਜਨਰਲ ਸਕੱਤਰ ਡਾ. ਖੁਸ਼ਹਾਲ ਸਿੰਘ ਨੇ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਨੂੰ ਉਹਨਾਂ ਵੱਲੋਂ ਕੀਤੇ ਗਏ ਇਤਿਹਾਸਕ ਫੈਸਲਿਆਂ ਕਰਕੇ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਸਿੱਖ ਭਾਈਚਾਰੇ ਦੇ ਮੁੱਦਿਆਂ ਅਤੇ ਮਸਲਿਆਂ ਦੇ ਹੱਲ ਲਈ ਉਹਨਾਂ ਨੇ ਵਰਲਡ ਸਿੱਖ ਫੋਰਮ ਦੀ ਸਥਾਪਨਾ ਕੀਤੀ ਸੀ, ਜਿਸ ਵਿੱਚ ਸਿੱਖਾਂ ਦੀਆਂ ਪ੍ਰਮੁੱਖ ਹਸਤੀਆਂ ਨੂੰ ਸ਼ਾਮਿਲ ਕੀਤਾ ਗਿਆ ਸੀ।
ਉਹਨਾਂ ਕਿਹਾ ਕਿ ਜਦ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਵਾਅਦੇ ਅਨੁਸਾਰ, ਸਿੱਖ ਨੌਜਵਾਨਾਂ ਦੇ ਝੂਠੇ ਮੁਕਾਬਲਿਆਂ ਅਤੇ ਸਿੱਖਾਂ ਨਾਲ ਹੋਈਆਂ ਵਧੀਕੀਆਂ ਦੀ ਜਾਂਚ ਕਰਵਾਉਣ ਤੋਂ ਪਾਸਾ ਵੱਟ ਲਿਆ ਸੀ ਤਾਂ ਜਸਟਿਸ ਕੁਲਦੀਪ ਸਿੰਘ ਦੀ ਅਗਵਾਈ ਵਿੱਚ ਪੀਪਲਜ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ, ਜਿਸ ਵਿੱਚ ਕਲਕੱਤਾ ਅਤੇ ਮੁੰਬਈ ਹਾਈਕੋਰਟ ਦੇ ਦੋ ਜੱਜ ਸ਼ਾਮਲ ਸਨ। ਪਰ ਕੁਝ ਸਿੱਖ ਤੇ ਪੰਜਾਬ ਵਿਰੋਧੀ ਤਾਕਤਾਂ ਨੇ ਹਾਈਕੋਰਟ ਵਿੱਚ ਰਿੱਟ ਪਾ ਕੇ ਇਸ ਕਮਿਸ਼ਨ ਨੂੰ ਕੰਮ ਕਰਨ ਤੋਂ ਰੋਕ ਦਿੱਤਾ ਸੀ।
ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਨੇ ਲੋਕ ਸਭਾ ਹਲਕਿਆਂ ਦੀ ਮੁੜ ਹੱਦਬੰਦੀ ਕਮਿਸ਼ਨ ਦੇ ਚੇਅਰਮੈਨ ਹੁੰਦਿਆਂ ਵੀ ਇਤਿਹਾਸਕ ਫੈਸਲਾ ਦਿੱਤਾ ਸੀ। ਉਹਨਾਂ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਨੇ ਨਵੇਂ ਚੰਡੀਗੜ੍ਹ ਵਾਲੇ ਪਾਸੇ 28 ਹਜ਼ਾਰ ਜ਼ਮੀਨ ਦੀ ਨਿਸ਼ਾਨਦੇਹੀ ਕੀਤੀ ਸੀ, ਜਿਸ ਉਪਰ ਨਜਾਇਜ ਕਬਜੇ ਕੀਤੇ ਗਏ ਸਨ ਪਰ ਬਾਅਦ ਵਿੱਚ ਬਾਦਲ ਸਾਹਿਬ ਦੀ ਮਿਹਰਬਾਨੀ ਸਦਕਾ ਇਹ ਮਾਮਲਾ ਖਟਾਈ ਵਿੱਚ ਪੈ ਗਿਆ ਸੀ।