ਚੰਡੀਗੜ੍ਹ, 2 ਦਸੰਬਰ (ਖ਼ਬਰ ਖਾਸ ਬਿਊਰੋ)
ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐੱਸ.ਟੀ.) ਮੁਆਵਜ਼ਾ ਸੈੱਸ ਪ੍ਰਣਾਲੀ ਨੂੰ ਜਾਰੀ ਰੱਖਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਵਕਾਲਤ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 31 ਮਾਰਚ, 2026 ਤੋਂ ਬਾਅਦ ਵੀ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐੱਸ.ਟੀ.) ਮੁਆਵਜ਼ਾ ਸੈੱਸ ਪ੍ਰਣਾਲੀ ਨੂੰ ਜਾਰੀ ਰੱਖਣ ਦੀ ਜ਼ੋਰਦਾਰ ਸਿਫਾਰਸ਼ ਕੀਤੀ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਵੱਖ-ਵੱਖ ਟੈਕਸਾਂ ਨੂੰ ਜੀ.ਐਸ.ਟੀ ਵਿੱਚ ਸ਼ਾਮਲ ਕਰਨ ਨਾਲ ਸੂਬਿਆਂ ਨੂੰ ਹੋ ਰਹੇ ਨੁਕਸਾਨ ਦੀ ਪੂਰਤੀ ਕੀਤੀ ਜਾ ਸਕੇ। ਇਹ ਸਿਫਾਰਿਸ਼ ਅੱਜ ਮੁਆਵਜ਼ਾ ਸੈੱਸ ਬਾਰੇ ਮੰਤਰੀਆਂ ਦੇ ਸਮੂਹ (ਜੀ.ਓ.ਐਮ) ਦੀ ਮੀਟਿੰਗ ਦੌਰਾਨ ਕੀਤੀ ਗਈ, ਜਿਸ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਿਲ ਹੋਏ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਵਸਤੂਆਂ ਅਤੇ ਸੇਵਾਵਾਂ (ਰਾਜਾਂ ਨੂੰ ਮੁਆਵਜ਼ਾ) ਐਕਟ 2017 ਦੇ ਅਨੁਸਾਰ ਜੀ.ਐਸ.ਟੀ ਕੌਂਸਲ ਕੋਲ ਮੁਆਵਜ਼ੇ ਦੀ ਮਿਆਦ ਨੂੰ ਪੰਜ ਸਾਲਾਂ ਤੋਂ ਅੱਗੇ ਵਧਾਉਣ ਦੀ ਸਿਫ਼ਾਰਸ਼ ਕਰਨ ਦਾ ਅਧਿਕਾਰ ਹੈ। ਉਨ੍ਹਾਂ ਨੇ ਅਨਾਜ ‘ਤੇ ਖਰੀਦ ਟੈਕਸ ਨੂੰ ਜੀ.ਐਸ.ਟੀ ਵਿੱਚ ਸ਼ਾਮਲ ਕਰਨ ਕਾਰਨ ਪੰਜਾਬ ਨੂੰ ਦਰਪੇਸ਼ ਮਹੱਤਵਪੂਰਨ ਅਤੇ ਸਥਾਈ ਮਾਲੀਏ ਦੇ ਨੁਕਸਾਨ ਦਾ ਵਿਸ਼ੇਸ਼ ਤੌਰ ‘ਤੇ ਜਿਕਰ ਕੀਤਾ। ਉਨ੍ਹਾਂ ਕਿਹਾ ਕਿ ਇਹ ਟੈਕਸ ਜੀਐਸਟੀ ਪ੍ਰਣਾਲੀ ਲਾਗੂ ਹੋਣ ਤੋਂ ਪਹਿਲਾਂ ਸੂਬੇ ਦੇ ਮਾਲੀਏ ਵਿੱਚ ਇੱਕ ਮਹੱਤਵਪੂਰਨ ਯੋਗਦਾਨ ਪਾਊਂਦਾ ਸੀ।
ਵਿੱਤ ਮੰਤਰੀ ਚੀਮਾ ਨੇ ਅੱਗੇ ਦੱਸਿਆ ਕਿ ਵੈਲਿਊ ਐਡਿਡ ਟੈਕਸ (ਵੈਟ) ਪ੍ਰਣਾਲੀ ਅਧੀਨ ਵਸਤਾਂ ‘ਤੇ ਟੈਕਸ ਦੀ ਦਰ ਜੀਐਸਟੀ ਅਧੀਨ ਲਾਗੂ ਦਰਾਂ ਨਾਲੋਂ ਕਾਫ਼ੀ ਜ਼ਿਆਦਾ ਸੀ। ਉਨ੍ਹਾਂ ਕਿਹਾ ਕਿ ਇਸ ਵੱਡੇ ਫਰਕ ਕਾਰਨ ਸੂਬੇ ਨੂੰ ਮਾਲੀਏ ਦਾ ਕਾਫੀ ਨੁਕਸਾਨ ਹੋਇਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਵਿੱਤੀ ਚੁਣੌਤੀਆਂ ਨਾਲ ਨਜਿੱਠਣ ਅਤੇ ਪੰਜਾਬ ਵਰਗੇ ਰਾਜਾਂ ਦੀ ਵਿੱਤੀ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਜੀਐਸਟੀ ਮੁਆਵਜ਼ਾ ਸੈੱਸ ਪ੍ਰਣਾਲੀ ਨੂੰ ਜਾਰੀ ਰੱਖਣਾ ਜ਼ਰੂਰੀ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੀਤੀ ਗਈ ਇਹ ਸਿਫਾਰਿਸ਼ ਉਨ੍ਹਾਂ ਕਈ ਰਾਜਾਂ ਦੀਆਂ ਵਿਆਪਕ ਚਿੰਤਾਵਾਂ ਨੂੰ ਦਰਸਾਉਂਦਾ ਹੈ ਜਿਨ੍ਹਾਂ ਨੂੰ ਜੀਐਸਟੀ ਲਾਗੂ ਕਰਨ ਕਾਰਨ ਪੰਜਾਬ ਵਾਂਗ ਮਾਲੀਆ ਨੁਕਸਾਨ ਹੋਇਆ ਹੈ। ਉਨ੍ਹਾਂ ਦੀ ਸਿਫ਼ਾਰਿਸ਼ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਰਾਜਾਂ ਨੂੰ ਉਨ੍ਹਾਂ ਨੂੰ ਲੱਗੇ ਵਿੱਤੀ ਝਟਕਿਆਂ ਲਈ ਢੁਕਵੇਂ ਰੂਪ ਵਿੱਚ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹ ਆਪਣੇ ਨਾਗਰਿਕਾਂ ਲਈ ਜ਼ਰੂਰੀ ਸੇਵਾਵਾਂ ਅਤੇ ਵਿਕਾਸ ਪਹਿਲਕਦਮੀਆਂ ਪ੍ਰਦਾਨ ਕਰਨਾ ਜਾਰੀ ਰੱਖ ਸਕਣ। ਜੀਐਸਟੀ ਮੁਆਵਜ਼ਾ ਸੈੱਸ ਪ੍ਰਣਾਲੀ ਦੇ ਵਿਸਤਾਰ ਲਈ ਵਿੱਤ ਮੰਤਰੀ ਦੀ ਜ਼ੋਰਦਾਰ ਵਕਾਲਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਵਿੱਤੀ ਹਿੱਤਾਂ ਦੀ ਰਾਖੀ ਲਈ ਵਚਨਬੱਧਤਾ ਨੂੰ ਵੀ ਦਰਸਾਉਂਦੀ ਹੈ।