ਸ਼੍ਰੀ ਅੰਮ੍ਰਿਤਸਰ ਸਾਹਿਬ 2 ਦਸੰਬਰ (ਖ਼ਬਰ ਖਾਸ ਬਿਊਰੋ)
ਪੰਜ ਸਿੰਘ ਸਾਹਿਬਾਨ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ, ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਕੇਸਗੜ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਮੰਦਰ ਸਾਹਿਬ , ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਗ੍ਰੰਥੀ ਗੁਰਮਿੰਦਰ ਸਿੰਘ ਅਤੇ ਬਲਜੀਤ ਸਿੰਘ ਦੀ ਮੀਟਿੰਗ ਅਕਾਲ ਤਖ਼ਤ ਸਾਹਿਬ ‘ਤੇ ਹੋਈ।
ਪੰਜ ਸਿੰਘ ਸਾਹਿਬਾਨ ਨੇ ਵਿਰਸਾ ਸਿੰਘ ਵਲਟੋਹਾ ਨੂੰ ਸਖ਼ਤ ਤਾੜਨਾ ਕੀਤੀ। ਸਿੰਘ ਸਾਹਿਬਾਨ ਨੇ ਆਪਣੇ ਫੈਸਲੇ ਵਿਚ ਵਿਰਸਾ ਸਿੰਘ ਵਲਟੋਹਾ ਨੂੰ ਤਾੜਨਾ ਦਿੰਦਿਆਂ ਕਿਹਾ ਕਿ ਪਹਿਲਾਂ ਵੀ ਬੇ- ਬੁਨਿਆਦ ਗੱਲਾਂ ਸਿੰਘ ਸਾਹਿਬ ਬਾਰੇ ਕੀਤੀਆਂ ਜਿਸ ਕਰਕੇ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਆਦੇਸ਼ ਕੀਤਾ ਸੀ ਕਿ ਇਸ ਨੂੰ (ਵਲਟੋਹਾ) 10 ਸਾਲ ਲਈ ਪਾਰਟੀ ਚੋਂ ਕੱਢਿਆ ਜਾਵੇ।
ਇਸ ਨੂੰ ਤਾੜਨਾ ਵੀ ਕੀਤੀ ਗਈ ਸੀ ਕਿ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ ਆਵੇ ਪਰ ਇਸਨੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਹੁਕਮ ਦੀ ਪਰਵਾਹ ਨਹੀਂ ਕੀਤੀ। ਇਸ ਲਈ ਇਸ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਦੁਬਾਰਾ ਫਿਰ ਤਾੜਨਾ ਕੀਤੀ ਜਾਂਦੀ ਹੈ ਕਿ ਆਪਣੀਆਂ ਬੜਬੋਲੀਆਂ ਹਰਕਤਾਂ ਤੋਂ ਬਾਜ ਆਵੇ ਨਹੀਂ ਤਾਂ ਅਗਲੀ ਇਕੱਤਰਤਾ ਵਿੱਚ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।