ਫਗਵਾੜਾ 3 ਦਸੰਬਰ (ਖ਼ਬਰ ਖਾਸ ਬਿਊਰੋ)
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਕਿਹਾ ਹੈ ਕਿ ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ ਉਲੀਕੀ ਗਈ ਹੈ, ਜਿਸ ਤਹਿਤ ਭਵਿੱਖ ਵਿਚ ਪਾਣੀ ਦੀ ਕਮੀ ਦਾ ਸਾਹਮਣਾ ਕਰ ਰਹੇ ਖੇਤਰਾਂ ਵਿਚ ਪਹਿਲ ਦੇ ਆਧਾਰ ’ਤੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਵਲੋਂ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ।
ਅੱਜ ਫਗਵਾੜਾ ਵਿਖੇ 4.35 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਜਾਣ ਵਾਲੇ ਵਾਟਰ ਸਪਲਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਨਗਰ ਨਿਗਮ ਅਤੇ ਨਗਰ ਕੌਂਸਲਾਂ ਵਿਚ ਪਾਣੀ ਦੀ ਸਪਲਾਈ ਸਬੰਧੀ ਅਧਿਕਾਰੀਆਂ ਨੂੰ ਮੁਕੰਮਲ ਅਧਿਐਨ ਪਿੱਛੋਂ ਵਿਆਪਕ ਰਿਪੋਰਟਾਂ ਦੇਣ ਦੇ ਹੁਕਮ ਦਿੱਤੇ ਗਏ ਹਨ।
ਉਨ੍ਹਾਂ ਦੱਸਿਆ ਕਿ 4.35 ਕਰੋੜ ਰੁਪਏ ਦੇ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਸੰਤੋਖਪੁਰਾ, ਗੋਬਿੰਦਪੁਰਾ, ਕੋਠੜਾ, ਨਕੋਦਰ ਰੋਡ, ਪੁਰੇਵਾਲ ਨਗਰ ਤੇ ਖਲਵਾੜਾ ਰੋਡ ਦੀ 8 ਹਜ਼ਾਰ ਤੋਂ ਵੱਧ ਆਬਾਦੀ ਨੂੰ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ 9 ਕਿਲੋਮੀਟਰ ਲੰਬੀ ਪਾਈਪ ਲਾਈਨ ਵਿਛਾਈ ਜਾ ਰਹੀ ਹੈ,ਜਿਸ ਵਿਚ 1 ਹਜ਼ਾਰ ਤੋਂ ਵੱਧ ਘਰਾਂ ਨੂੰ ਪਾਣੀ ਦੇ ਕੁਨੈਕਸ਼ਨ ਦਿੱਤੇ ਜਾਣਗੇ। ਇਹ ਸਮੁੱਚਾ ਪ੍ਰਾਜੈਕਟ 27 ਮਈ 2025 ਤੱਕ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਕੈਬਨਿਟ ਮੰਤਰੀ ਨੇ ਨਗਰ ਨਿਗਮ ਕਮਿਸ਼ਨਰ ਫਗਵਾੜਾ ਨਵਨੀਤ ਕੌਰ ਬੱਲ ਨੂੰ ਕਿਹਾ ਕਿ ਉਹ ਪ੍ਰਾਜੈਕਟ ਦੀ ਪ੍ਰਗਤੀ ਉੱਪਰ ਨੇੜਿਓ ਨਜ਼ਰ ਰੱਖਣ ਤਾਂ ਜੋ ਇਸਨੂੰ ਸਮੇਂ ਸਿਰ ਮੁਕੰਮਲ ਕਰਕੇ ਲੋਕਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਪ੍ਰਾਜੈਕਟ ਸਬੰਧੀ ਹਰ ਪੰਦਰਵਾੜੇ ਰਿਪੋਰਟ ਸੌਂਪਣ।
ਇਸ ਮੌਕੇ ਸਾਬਕਾ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ, ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਲਲਿਤ ਸਕਲਾਨੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਸ਼ਮੀਰ ਸਿੰਘ , ਆਮ ਆਦਮੀ ਪਾਰਟੀ ਦੇ ਬੁਲਾਰੇ ਹਰਨੂਰ ਸਿੰਘ ਮਾਨ, ਦਲਜੀਤ ਰਾਜੂ ਤੇ ਹੋਰ ਮੌਜੂਦ ਸਨ।