ਕੌਂਸਲ ਤੇ ਨਿਗਮ ਚੋਣਾਂ-344 ਪੋਲਿੰਗ ਸਟੇਸ਼ਨ ਅਤਿ ਸੰਵੇਦਨਸ਼ੀਲ ਤੇ 665 ਸੰਵੇਦਨਸ਼ੀਲ ਘੋਸ਼ਿਤ

ਚੰਡੀਗੜ੍ਹ, 5 ਦਸੰਬਰ (ਖ਼ਬਰ ਖਾਸ ਬਿਊਰੋ)

ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਅੱਜ ਮਿਤੀ 5.12.2024 ਨੂੰ ਆਗਾਮੀ ਨਗਰ ਨਿਗਮ ਚੋਣਾਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਮੱਦੇਨਜ਼ਰ ਇੱਕ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਕੱਤਰ (ਗ੍ਰਹਿ) ਗੁਰਕੀਰਤ ਕਿਰਪਾਲ ਸਿੰਘ, ਵਿਸ਼ੇਸ਼ ਡੀਜੀਪੀ ਪੰਜਾਬ, ਅਰਪਿਤ ਸ਼ੁਕਲਾ ਅਤੇ ਰਾਜ ਚੋਣ ਕਮਿਸ਼ਨ ਦੇ ਸਕੱਤਰ ਜਗਜੀਤ ਸਿੰਘ ਹਾਜ਼ਰ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ 5 ਨਗਰ ਨਿਗਮਾਂ, 44 ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਦੇ 43 ਵਾਰਡਾਂ ਦੇ ਨਾਲ-ਨਾਲ ਹੋਰ ਨਗਰ ਨਿਗਮਾਂ ਦੇ 6 ਵਾਰਡਾਂ ਲਈ ਲਈ ਜ਼ਿਮਨੀ ਚੋਣਾਂ ਕਰਵਾਈਆਂ ਜਾਣਗੀਆਂ। ਸੂਬੇ ਦੇ ਕੁੱਲ 1609 ਪੋਲਿੰਗ ਸਥਾਨ ਅਤੇ 3717 ਪੋਲਿੰਗ ਬੂਥ ਹਨ; ਜਿਨ੍ਹਾਂ ਵਿੱਚੋਂ 344 ਨੂੰ ਅਤਿ ਸੰਵੇਦਨਸ਼ੀਲ ਅਤੇ 665 ਨੂੰ ਸੰਵੇਦਨਸ਼ੀਲ ਪੋਲਿੰਗ ਸਥਾਨਂ ਘੋਸ਼ਿਤ ਕੀਤਾ ਗਿਆ ਹੈ।

ਹੋਰ ਪੜ੍ਹੋ 👉  ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

ਉਨ੍ਹਾਂ ਅੱਗੇ ਦੱਸਿਆ ਕਿ ਸਾਰੇ ਪੋਲਿੰਗ ਸਥਾਨਾਂ ਅਤੇ ਬੂਥਾਂ ’ਤੇ ਸੁਰੱਖਿਆ ਦੇ ਨਿਯਮਾਂ ਅਨੁਸਾਰ ਲੋੜੀਂਦੀ ਪੁਲਿਸ ਫੋਰਸ ਤਾਇਨਾਤ ਕੀਤੀ ਜਾਵੇਗੀ। ਇਨ੍ਹਾਂ ਚੋਣਾਂ ਲਈ ਕੁੱਲ ਪੰਜਾਬ ਪੁਲਿਸ ਦੇ ਕਰੀਬ 20,486 ਪੁਲਿਸ ਮੁਲਾਜ਼ਮ ਅਤੇ ਹੋਮਗਾਰਡ ਜਵਾਨ ਤਾਇਨਾਤ ਕੀਤੇ ਜਾਣਗੇ। 500 ਪੈਟਰੋਲਿੰਗ ਪਾਰਟੀਆਂ ਅਤੇ 283 ਸਟਰਾਈਕਿੰਗ ਰਿਜ਼ਰਵ (ਡੀ.ਜੀ.ਪੀ. ਪੰਜਾਬ, ਰੇਂਜ ਅਤੇ ਜ਼ਿਲ੍ਹਾ ਹੈੱਡਕੁਆਰਟਰ, ਸਬ-ਡਵੀਜ਼ਨ ਜੀ.ਓ. ਅਤੇ ਪੁਲਿਸ ਸਟੇਸ਼ਨ) ਵੀ ਪੋਲੰਗ ਖੇਤਰਾਂ ਨੂੰ 24 ਘੰਟੇ ਸੁਰੱਖਿਅਤ ਰੱਖਣ ਅਤੇ ਕਿਸੇ ਵੀ ਸੰਕਟਕਾਲੀ ਸਥਿਤੀ ਵਿੱਚ ਤੁਰੰਤ ਕਾਰਵਾਈ ਕਰਨ ਲਈ ਤਾਇਨਾਤ ਕੀਤੇ ਜਾਣਗੇ। ਸਾਰੇ ਸਬ-ਡਵੀਜ਼ਨ ਜੀ.ਓ. ਨਿਰਵਿਘਨ ਤੇ ਪਾਰਦਰਸ਼ੀ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਆਪਣੇ ਸਬੰਧਤ ਖੇਤਰ ਦੀ ਨਿਗਰਾਨੀ ਕਰਨਗੇ।

 

ਉਕਤ ਤੋਂ ਇਲਾਵਾ, ਨਜਾਇਜ਼ ਸ਼ਰਾਬ, ਨਕਦੀ, ਨਸ਼ਿਆਂ ਅਤੇ ਸਮਾਜ ਵਿਰੋਧੀ ਤੱਤਾਂ ਦੀ ਆਵਾਜਾਈ ਨੂੰ ਰੋਕਣ ਲਈ ਸੂਬੇ ਭਰ ਵਿੱਚ ਦਿਨ-ਰਾਤ 74 ਸੈਕੰਡ ਲਾਈਨ ਆਫ਼ ਡਿਫੈਂਸ ਨਾਕੇ, 87 ਅੰਤਰਰਾਜੀ ਨਾਕੇ ਅਤੇ 257 ਅੰਤਰ-ਜ਼ਿਲ੍ਹਾ/ਇੰਟਰ-ਜ਼ਿਲ੍ਹਾ ਨਾਕੇ ਲਗਾਏ ਜਾਣਗੇ।

ਹੋਰ ਪੜ੍ਹੋ 👉  ਨਗਰ ਕੌਂਸਲ ਚੋਣਾਂ, ਅਮਨ ਅਰੋੜਾ ਦਾ ਦਾਅਵਾ 50 ਫੀਸਦੀ ਸੀਟਾਂ 'ਤੇ ਆਪ ਜਿੱਤੀ, ਕਾਂਗਰਸ ਤੇ ਅਕਾਲੀ ਦਲ ਦਾ ਹੋਇਆ ਸਫਾਇਆ

ਉਨ੍ਹਾਂ ਅੱਗੇ ਦੱਸਿਆ ਕਿ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਲਾਅ ਐਂਡ ਆਰਡਰ ਪੰਜਾਬ ਅਰਪਿਤ ਸ਼ੁਕਲਾ, ਆਈ.ਪੀ.ਐਸ. ਨੂੰ ਇਹਨਾਂ ਚੋਣਾਂ ਲਈ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨਾਲ ਸਬੰਧਤ ਸਾਰੇ ਪ੍ਰਬੰਧਾਂ ਦੀ ਨਿਗਰਾਨੀ ਲਈ ਨਿਯੁਕਤ ਕੀਤਾ ਗਿਆ ਹੈ। ਰਾਜ ਚੋਣ ਕਮਿਸ਼ਨਰ ਨੇ ਮੰਗ ਕੀਤੀ ਕਿ ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ ਵੱਲੋਂ ਅਮਨ-ਕਾਨੂੰਨ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਬਦਨਾਮ ਵਿਅਕਤੀਆਂ, ਸ਼ਰਾਰਤੀ ਅਨਸਰਾਂ, ਬੂਟ-ਲੈਗਰਸ, ਜ਼ਮਾਨਤ/ਪੈਰੋਲ ਜੰਪਰਾਂ, ਘੋਸ਼ਿਤ ਭਗੌੜਿਆਂ ਆਦਿ ਬਾਰੇ ਰੋਜ਼ਾਨਾ ਆਧਾਰ ’ਤੇ ਨਜ਼ਰ ਰੱਖੀ ਜਾਵੇ ਅਤੇ ਕਾਬੂ ਕਰਨ ਲਈ ਕਦਮ ਚੁੱਕੇ ਜਾਣ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਸਾਰੇ ਸਟੋਰੇਜ/ਕਾਉਂਟਿੰਗ ਸੈਂਟਰਾਂ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣਗੇ ਤਾਂ ਜੋ ਜਿਸ ਇਮਾਰਤ ਵਿੱਚ ਵੋਟਾਂ ਦੀ ਗਿਣਤੀ ਕੀਤੀ ਜਾਣੀ ਹੈ ਉਸ ਦੇ ਅੰਦਰ ਅਤੇ ਆਲੇ ਦੁਆਲੇ ਸੁਰੱਖਿਆ ਦੇ ਠੋਸ ਪ੍ਰਬੰਧ ਕੀਤੇ ਜਾ ਸਕਣ। ਚੋਣਾਂ ਦੀ ਮਿਤੀ ਤੋਂ 3 ਦਿਨ ਪਹਿਲਾਂ ਤੱਕ ਸ਼ਰਾਰਤੀ ਅਨਸਰਾਂ ਦੇ ਸੂਬੇ ਵਿੱਚ ਦਾਖਲੇ ਨੂੰ ਰੋਕਣ ਅਤੇ ਸ਼ਰਾਬ ਜਾਂ ਨਸ਼ਿਆਂ ਦੀ ਤਸਕਰੀ ਜਾਂ ਵੰਡ ਨੂੰ ਰੋਕਣ ਲਈ ਸਖ਼ਤ ਚੌਕਸੀ ਅਤੇ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਗਿਆ।

ਹੋਰ ਪੜ੍ਹੋ 👉  ਐਕਸਪੋ ਵਿੱਚ 30 ਵੱਖ-ਵੱਖ ਨਸਲਾਂ ਦੇ 500 ਤੋਂ ਵੱਧ ਕੁੱਤੇ ਕੀਤੇ ਜਾਣਗੇ ਪ੍ਰਦਰਸ਼ਿਤ

ਰਾਜ ਕਮਲ ਚੌਧਰੀ ਨੇ ਅੱਗੇ ਕਿਹਾ ਕਿ ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਦਮ ਚੁੱਕੇ ਜਾਣ ਅਤੇ ਇਹ ਯਕੀਨੀ ਬਣਾਉਣ ਲਈ ਢੁਕਵੇਂ ਉਪਾਅ ਕੀਤੇ ਜਾਣ ਤਾਂ ਜੋ ਵੋਟਰਾਂ ਨੂੰ ਡਰਾ/ਧਮਕਾ ਕੇ ਜਾਂ ਕਿਸੇ ਹੋਰ ਢੰਗ ਨਾਲ ਉਨ੍ਹਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਤੋਂ ਨਾ ਰੋਕਿਆ ਜਾਵੇ ।

Leave a Reply

Your email address will not be published. Required fields are marked *