ਰੂਪਨਗਰ, 5 ਦਸੰਬਰ (ਖ਼ਬਰ ਖਾਸ ਬਿਊਰੋ)
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸੂ ਜੈਨ ਅਤੇ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਦੇ ਟੋਕਨ ਫਲੈਗ ਲਗਾ ਕੇ ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਆਗਾਜ਼ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਵਿੰਗ ਕਮਾਂਡਰ ਗੁਰਪ੍ਰੀਤ ਸਿੰਘ ਅਤੇ ਵਾਈਸ ਪ੍ਰੈਜ਼ੀਡੈਂਟ ਸੁਕਆਅਡਰਨ ਲੀਡਰ ਹਾਕਮ ਸਿੰਘ ਰਾਹੀ ਨੇ ਝੰਡਾ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਭਾਰਤੀ ਥਲ ਸੈਨਾ, ਜਲ ਸੈਨਾ, ਅਤੇ ਹਵਾਈ ਸੈਨਾ ਦੇ ਸੂਰਵੀਰ ਸੈਨਿਕਾਂ ਦੀ ਕੁਰਬਾਨੀ ਅਤੇ ਬਹਾਦਰੀ ਵਜੋਂ ਮਨਾਇਆ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਅਵਸਰ ਤੇ ਦੇਸ਼ ਵਾਸੀ ਝੰਡਾ ਚਿੰਨ੍ਹ ਲਗਾ ਕੇ ਅਤੇ ਖੁੱਲ੍ਹੇ ਦਿਲ ਨਾਲ ਦਾਨ ਕਰਕੇ ਸੈਨਿਕਾਂ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ ਕਰਦੇ ਹਨ। ਇਸ ਦਿਨ ਇਕੱਤਰ ਕੀਤਾ ਗਿਆ ਫੰਡ ਸ਼ਹੀਦਾ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਵਰਤਿਆ ਜਾਂਦਾ ਹੈ।
ਇਸ ਦੇ ਨਾਲ ਹੀ ਜ਼ਿਲ੍ਹਾ ਸੈਨਿਕ ਬੋਰਡ ਰੂਪਨਗਰ ਦੀ ਤਿਮਾਹੀ ਮੀਟਿੰਗ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਦੀ ਪ੍ਰਧਾਨਗੀ ਹੇਠ ਬੁਲਾਈ ਗਈ ਜਿਸ ਵਿੱਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ/ਔਕੜਾਂ ਵਰਗੇ ਕਈ ਮੁੱਦਿਆਂ ਉੱਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਤੇ ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਵਿੰਗ ਕਮਾਂਡਰ ਗੁਰਪ੍ਰੀਤ ਸਿੰਘ, ਡੀ.ਐਸ.ਪੀ. ਮੋਹਿਤ ਕੁਮਾਰ ਸਿੰਗਲਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਧਨਵੰਤ ਸਿੰਘ ਰੰਧਾਵਾ, ਉਪ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਡਾ. ਅਜੇ ਕੁਮਾਰ ਜਿੰਦਲ, ਕੈਪਟਨ ਹਰਪਾਲ ਸਿੰਘ ਅਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦਾ ਸਮੂਹ ਸਟਾਫ ਹਾਜ਼ਰ ਸੀ।