ਅੰਮ੍ਰਿਤਸਰ 8 ਦਸੰਬਰ (ਖ਼ਬਰ ਖਾਸ ਬਿਊਰੋ)
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਮੈਟਰੋ ਸ਼ਹਿਰਾਂ ਵਿੱਚ ਜਲਦ ਹੀ ਐਗਜ਼ੀਬਿਸ਼ਨ ਸੈਂਟਰਾਂ ਦੀ ਉਸਾਰੀ ਮੁਕੰਮਲ ਕਰ ਲਵੇਗੀ ਤਾਂ ਜੋ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪਾਈਟੈਕਸ ਵਰਗੇ ਸਮਾਗਮ ਕਰਵਾਉਣੇ ਆਸਾਨ ਹੋ ਸਕਣ।
ਹਰਪਾਲ ਸਿੰਘ ਚੀਮਾ ਐਤਵਾਰ ਨੂੰ ਅੰਮ੍ਰਿਤਸਰ ਵਿਖੇ ਚੱਲ ਰਹੇ 18ਵੇਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਦੇ ਸਮਾਪਤੀ ਅਤੇ ਇਨਾਮ ਵੰਡ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਚੀਮਾ ਨੇ ਪਾਈਟੈਕਸ ਵਿਖੇ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਸਟਾਲ ਦਾ ਨਿਰੀਖਣ ਕਰਨ ਉਪਰੰਤ ਕਿਹਾ ਕਿ ਪੰਜਾਬ ਹੁਣ ਰੰਗਲਾ ਪੰਜਾਬ ਬਣਨ ਵੱਲ ਤੇਜ਼ੀ ਨਾਲ ਵਧ ਰਿਹਾ ਹੈ। ਪਾਈਟੈਕਸ ਵਿੱਚ ਮਹਿਲਾ ਉੱਦਮੀਆਂ, ਗੁਆਂਢੀ ਰਾਜਾਂ ਅਤੇ ਗੁਆਂਢੀ ਦੇਸ਼ਾਂ ਦੀ ਸ਼ਮੂਲੀਅਤ ਇਸ ਗੱਲ ਦਾ ਸਬੂਤ ਹੈ ਕਿ ਕਾਰੋਬਾਰੀਆਂ ਨੇ ਹੁਣ ਪੰਜਾਬ ਨੂੰ ਆਪਣੀ ਮੰਜ਼ਿਲ ਬਣਾ ਲਿਆ ਹੈ।
ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਕਈ ਸਕੀਮਾਂ ਲਾਗੂ ਕੀਤੀਆਂ ਹਨ ਅਤੇ ਹੁਣ ਤੱਕ ਉਦਯੋਗਾਂ ਨੂੰ ਤਿੰਨ ਹਜ਼ਾਰ ਕਰੋੜ ਤੋਂ ਵੱਧ ਦੀ ਬਿਜਲੀ ਸਬਸਿਡੀ ਦਿੱਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਵੱਲੋਂ ਨਵੀਂ ਉਦਯੋਗਿਕ ਨੀਤੀ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ ਉਦਯੋਗਾਂ ਨੂੰ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਕਾਰਨ ਪੰਜਾਬ ਵਿੱਚ ਨਿਵੇਸ਼ ਕਈ ਗੁਣਾ ਵਧਿਆ ਹੈ।
ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਰਿਪੋਰਟ ਵਿੱਚ ਇਹ ਮੰਨਿਆ ਗਿਆ ਹੈ ਕਿ ਐਮਐਸਐਮਈ ਦੇ ਖੇਤਰ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਬਹੁਤ ਜਲਦੀ ਨਵੀਂ ਉਦਯੋਗਿਕ ਨੀਤੀ ਰਾਹੀਂ ਸੂਬੇ ਵਿੱਚ ਨਵੇਂ ਸਥਾਪਤ ਹੋਣ ਵਾਲੇ ਉਦਯੋਗਾਂ ਅਤੇ ਗੁਆਂਢੀ ਰਾਜਾਂ ਤੋਂ ਪੰਜਾਬ ਵਿੱਚ ਆਉਣ ਵਾਲੇ ਉਦਯੋਗਾਂ ਨੂੰ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾਣਗੀਆਂ।
ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਾਂਝੇ ਤੌਰ ‘ਤੇ ਬੈਸਟ ਡਿਸਪਲੇਅ ਇੰਡੋਰ ਦਾ ਐਵਾਰਡ ਮਕੀਨ ਅਤੇ ਆਊਟਡੋਰ ਦਾ ਐਵਾਰਡ ਨੋਵਲਟੀ ਹੁੰਡਈ ਨੂੰ ਦਿੱਤਾ ਗਿਆ। ਪ੍ਰੋਗਰਾਮ ਦੌਰਾਨ ਪੀਐਚਡੀਸੀਸੀਆਈ ਪੰਜਾਬ ਚੈਪਟਰ ਦੇ ਚੇਅਰ ਕਰਨ ਗਿਲਹੋਤਰਾ, ਉਪ ਸਕੱਤਰ ਨਵੀਨ ਸੇਠ, ਖੇਤਰੀ ਨਿਰਦੇਸ਼ਕ ਭਾਰਤੀ ਸੂਦ, ਪੰਜਾਬੀ ਗਾਇਕਾ ਸੋਨੀਆ ਮਾਨ, ਸਥਾਨਕ ਕੋਆਰਡੀਨੇਟਰ ਜੈਦੀਪ ਸਿੰਘ ਅਤੇ ਕਈ ਹੋਰ ਪਤਵੰਤੇ ਹਾਜ਼ਰ ਸਨ