ਚੰਡੀਗੜ੍ਹ, 9 ਦਸੰਬਰ (ਖ਼ਬਰ ਖਾਸ ਬਿਊਰੋ)
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਕੇਂਦਰ ਸਰਕਾਰ ‘ਤੇ ਦੋਸ਼ ਲਾਇਆ ਕਿ ਉਹ ਕਿਸਾਨਾਂ ਦੀਆਂ ਹੱਕੀ ਮੰਗਾਂ ਵੱਲ ਅੱਖਾਂ ਬੰਦ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਸੜਕਾਂ ‘ਤੇ ਰੁਲਣ ਲਈ ਛੱਡ ਰਹੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਨਾਲ ਗੱਲਬਾਤ ਦੇ ਰਾਹ ਖੋਲ੍ਹਣ ਦੀ ਅਪੀਲ ਕਰਦਿਆਂ ਸਪੀਕਰ ਸ. ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਨੂੰ ਨਿਰਣਾਇਕ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਨੂੰ ਬਿਨਾਂ ਦੇਰੀ ਹੱਲ ਕਰਨਾ ਚਾਹੀਦਾ ਹੈ।
ਸੰਧਵਾਂ ਨੇ ਅਫ਼ਸੋਸ ਪ੍ਰਗਟਾਇਆ ਕਿ ਪੰਜਾਬ ਦੇ ਕਿਸਾਨ ਸੜਕਾਂ ‘ਤੇ ਖੱਜਲ ਹੋ ਰਹੇ ਹਨ, ਜਦਕਿ ਕੇਂਦਰ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਇੱਕ ਤੁਲਨਾ ਕਰਦਿਆਂ ਉਨ੍ਹਾਂ ਇਸ਼ਾਰਾ ਕੀਤਾ ਕਿ ਯੂਰਪ ਅਤੇ ਹੋਰ ਦੇਸ਼ਾਂ ਵਿੱਚ ਕਿਸਾਨ ਆਪਣੇ ਮੁੱਦਿਆਂ ਨੂੰ ਸਿੱਧੇ ਸੰਸਦਾਂ ਵਿੱਚ ਲਿਜਾਣ ਦੇ ਯੋਗ ਹੁੰਦੇ ਹਨ, ਜਦੋਂ ਕਿ ਭਾਰਤੀ ਕਿਸਾਨ ਜਦੋਂ ਉਹ ਜਾਇਜ਼ ਮੰਗਾੰ ਉਠਾਉਂਦੇ ਹਨ ਤਾਂ ਉਨ੍ਹਾਂ ਨੂੰ ਪਾਸੇ ਧੱਕ ਦਿੱਤਾ ਜਾਂਦਾ ਹੈ।
ਸਪੀਕਰ ਨੇ ਕੇਂਦਰ ਨੂੰ ਯਾਦ ਦਿਵਾਇਆ ਕਿ ਦੇਸ਼ ਦੇ ਕਿਸਾਨ ਨਾ ਸਿਰਫ਼ ਲੱਖਾਂ ਲੋਕਾਂ ਲਈ ਭੋਜਨ ਉਗਾਉਂਦੇ ਹਨ ਬਲਕਿ ਵੱਖ-ਵੱਖ ਕਿਸਮਾਂ ਦੀਆਂ ਫ਼ਸਲਾਂ ਪੈਦਾ ਕਰਕੇ ਭਾਰਤ ਦੇ ਵਪਾਰ, ਉਦਯੋਗ ਅਤੇ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰਦੇ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਅਤੇ ਉਨ੍ਹਾਂ ਨੂੰ ਖੁੱਲ੍ਹੇ ਮਨ, ਸੰਜੀਦਗੀ ਅਤੇ ਹਮਦਰਦੀ ਨਾਲ ਹੱਲ ਕਰਨ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ, ‘’ਹੁਣ ਸਮਾਂ ਆ ਗਿਆ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇ।’’ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਨ੍ਹਾਂ ਅਹਿਮ ਮੁੱਦਿਆਂ ਨੂੰ ਹੱਲ ਕਰਨ ਲਈ ਸਮੇਂ ਸਿਰ ਕਦਮ ਚੁੱਕਣੇ ਚਾਹੀਦੇ ਹਨ।