ਚੰਡੀਗੜ੍ਹ, 10 ਦਸੰਬਰ (ਖ਼ਬਰ ਖਾਸ ਬਿਊਰੋ)
ਆਮ ਆਦਮੀ ਪਾਰਟੀ (ਆਪ) ਨੇ 21 ਦਸੰਬਰ ਨੂੰ ਹੋਣ ਵਾਲੀਆਂ ਲੋਕਲ ਬਾੱਡੀ ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਇੱਕ ਉੱਚ-ਪੱਧਰੀ ਤਿਆਰੀ ਅਤੇ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕੀਤੀ। ਮੀਟਿੰਗ ਵਿੱਚ ਸੂਬਾ ਅਤੇ ਜ਼ਿਲ੍ਹਾ ਪੱਧਰੀ ਅਹੁਦੇਦਾਰਾਂ, ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਦੇ ਹੋਰ ਪ੍ਰਮੁੱਖ ਮੈਂਬਰਾਂ ਸਮੇਤ ਸੀਨੀਅਰ ਆਗੂ ਸ਼ਾਮਿਲ ਸਨ।
‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਮੀਟਿੰਗ ਦੌਰਾਨ ਦਿਖਾਈ ਗਈ ਉਤਸ਼ਾਹੀ ਸ਼ਮੂਲੀਅਤ ਅਤੇ ਸਕਾਰਾਤਮਿਕ ਊਰਜਾ ਨੂੰ ਉਜਾਗਰ ਕਰਦੇ ਹੋਏ 5 ਨਗਰ ਨਿਗਮਾਂ ਅਤੇ 43 ਕਮੇਟੀਆਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ 977 ਵਾਰਡਾਂ ਲਈ ਪਾਰਦਰਸ਼ੀ ਅਤੇ ਮੈਰਿਟ ਆਧਾਰਿਤ ਉਮੀਦਵਾਰਾਂ ਦੀ ਚੋਣ ਲਈ ਪਾਰਟੀ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੰਗਠਨ ਦੇ ਜਨਰਲ ਸਕੱਤਰ ਡਾ. ਸੰਦੀਪ ਪਾਠਕ ਦੀ ਅਗਵਾਈ ਹੇਠ, ਅਸੀਂ ਉਮੀਦਵਾਰਾਂ ਦੀ ਚੋਣ ਲਈ ਇੱਕ ਯੋਜਨਾਬੱਧ ਪਹੁੰਚ ਨੂੰ ਯਕੀਨੀ ਬਣਾਉਣ ਲਈ ਪੰਜਾਬ ਨੂੰ 10 ਜ਼ੋਨਾਂ ਵਿੱਚ ਵੰਡਿਆ ਹੈ। ਇਸ ਪ੍ਰਕਿਰਿਆ ਦੀ ਨਿਗਰਾਨੀ ਲਈ ਹਰੇਕ ਜ਼ੋਨ ਵਿੱਚ 9 ਮੈਂਬਰੀ ਟੀਮ ਦੇ ਨਾਲ ਅਹੁਦੇਦਾਰਾਂ ਦਾ ਗਠਨ ਕੀਤਾ ਗਿਆ ਹੈ।”
ਅਰੋੜਾ ਨੇ ਕਿਹਾ ਕਿ ਪਹਿਲੀ ਵਾਰ, ਪਾਰਟੀ ਦੇ ਲਗਭਗ 350 ਅਹੁਦੇਦਾਰਾਂ ਨੇ ਸਕਰੀਨਿੰਗ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲਿਆ, ਜੋ ਕਿ ਸ਼ਮੂਲੀਅਤ ਅਤੇ ਨਿਰਪੱਖ ਪ੍ਰਤੀਨਿਧਤਾ ਪ੍ਰਤੀ ਪਾਰਟੀ ਦੇ ਸਮਰਪਣ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੰਭਾਵੀ ਉਮੀਦਵਾਰਾਂ ਤੋਂ ਪ੍ਰਾਪਤ ਹੋਈਆਂ ਅਰਜ਼ੀਆਂ ਦੀ ਭਾਰੀ ਗਿਣਤੀ ‘ਆਪ’ ਦੇ ਸ਼ਾਸਨ ਅਤੇ ਦ੍ਰਿਸ਼ਟੀਕੋਣ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਦਰਸਾਉਂਦੀ ਹੈ। ਅਰੋੜਾ ਨੇ ਦੱਸਿਆ ਕਿ ਪਾਰਟੀ ਨੂੰ ਪ੍ਰਤੀ ਵਾਰਡ ਔਸਤਨ 12 ਤੋਂ 15 ਅਰਜ਼ੀਆਂ ਮਿਲੀਆਂ ਹਨ।
ਉਨ੍ਹਾਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਕੀਤੇ ਗਏ ਬਦਲਾਅ ਦੇ ਕੰਮਾਂ ਦਾ ਹਵਾਲਾ ਦਿੰਦੇ ਹੋਏ ਪਾਰਟੀ ਦੀ ਕਾਰਗੁਜ਼ਾਰੀ ‘ਤੇ ਭਰੋਸਾ ਪ੍ਰਗਟਾਇਆ। ਉਨ੍ਹਾਂ ਕਿਹਾ, “ਲੋਕ ਸਾਡੀ ਸਰਕਾਰ ਦੁਆਰਾ ਲਿਆਂਦੇ ਗਏ ਬਦਲਾਅ ਦੇ ਗਵਾਹ ਹਨ ਅਤੇ ਸਥਾਨਕ ਪੱਧਰ ‘ਤੇ ਨਿਰੰਤਰ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਚੋਣਾਂ ਵਿੱਚ ‘ਆਪ’ ਦਾ ਸਮਰਥਨ ਕਰਨ ਲਈ ਤਿਆਰ ਹਨ।”
‘ਆਪ’ ਦਾ ਟੀਚਾ ਵੋਟਰਾਂ ਦਾ ਵਿਸ਼ਵਾਸ ਜਿੱਤਣ ਲਈ ਉੱਚ ਯੋਗਤਾ ਅਤੇ ਸਮਰੱਥਾ ਵਾਲੇ ਉਮੀਦਵਾਰ ਖੜ੍ਹੇ ਕਰਨਾ ਹੈ। ਅਰੋੜਾ ਨੇ ਅਖੀਰ ਵਿੱਚ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਜੋ ਉਤਸ਼ਾਹ ਅਤੇ ਦ੍ਰਿੜ੍ਹਤਾ ਦੇਖੀ ਗਈ ਹੈ, ਸਾਨੂੰ ਇਨ੍ਹਾਂ ਚੋਣਾਂ ਵਿੱਚ ਇਤਿਹਾਸਕ ਜਿੱਤ ਦਾ ਭਰੋਸਾ ਹੈ, ਜਿਸ ਨਾਲ ਆਮ ਆਦਮੀ ਪਾਰਟੀ ਵਿੱਚ ਲੋਕਾਂ ਦਾ ਭਰੋਸਾ ਹੋਰ ਵੀ ਮਜ਼ਬੂਤ ਹੋਵੇਗਾ।”