ਨਸ਼ਾ ਮੁਕਤ-ਰੰਗਲਾ ਪੰਜਾਬ’ ਮੁਹਿੰਮ ਤਹਿਤ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤੀ ਪੈਦਲ ਯਾਤਰਾ

ਜਲੰਧਰ, 10 ਦਸੰਬਰ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇਥੋਂ ਨੇੜਲੇ ਇਤਿਹਾਸਕ ਪਿੰਡ ਬਿਆਸ ਤੋਂ ‘ਨਸ਼ਾ ਮੁਕਤ-ਰੰਗਲਾ ਪੰਜਾਬ’ ਮੁਹਿੰਮ ਤਹਿਤ ਨਸ਼ਿਆਂ ਖਿਲਾਫ਼ ਦੋ ਦਿਨਾਂ ਪੈਦਲ ਯਾਤਰਾ ਦੀ ਸ਼ੁਰੂਆਤ ਕਰਦਿਆਂ ਔਰਤਾਂ ਨੂੰ ਇਸ ਸਮਾਜਿਕ ਬੁਰਾਈ ਖਿਲਾਫ਼ ਲਾਮਬੰਦ ਹੋਣ ਦਾ ਸੱਦਾ ਦਿੱਤਾ।

ਵਿਸ਼ਵ ਪ੍ਰਸਿੱਧ ਦੌੜਾਕ ਫੌਜਾ ਸਿੰਘ ਦੇ ਘਰ ਤੋਂ ਸ਼ੁਰੂ ਹੋਈ ਇਸ ਯਾਤਰਾ ਦੀ ਅਗਵਾਈ ਕਰਦਿਆਂ ਸ਼੍ਰੀ ਕਟਾਰੀਆ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਕਾਰਾਂ ਵੱਲੋਂ ਆਪਣੇ ਪੱਧਰ ’ਤੇ ਵਿਆਪਕ ਕਾਰਵਾਈਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਪਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਾਰੇ ਨਾਗਰਿਕਾਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ। ਖਾਸ ਕਰ ਔਰਤਾਂ ਨੂੰ ਅੱਗੇ ਆ ਕੇ ਨਸ਼ਿਆਂ ਦਾ ਵਿਰੋਧ ਕਰਨਾ ਚਾਹੀਦਾ ਹੈ।

ਹੋਰ ਪੜ੍ਹੋ 👉  ਮੋਹਾਲੀ 'ਚ ਬਹੁਮੰਜ਼ਲੀ ਇਮਾਰਤ ਡਿੱਗਣ ਦਾ ਮਾਮਲਾ, ਸਮਾਂਬੱਧ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ

ਉਨ੍ਹਾਂ ਕਿਹਾ ਕਿ ਨਸ਼ੇ ਕਰਨ ਨਾਲ ਸਿਰਫ਼ ਵਿਅਕਤੀ ਦੀ ਸਿਹਤ ’ਤੇ ਹੀ ਮਾੜਾ ਅਸਰ ਨਹੀਂ ਪੈਂਦਾ ਸਗੋਂ ਉਸਦੇ ਪਰਿਵਾਰ ਨੂੰ ਵੀ ਇਸ ਅਲਾਮਤ ਦਾ ਸੰਤਾਪ ਭੁਗਤਣਾ ਪੈਂਦਾ ਹੈ, ਜਿਸ ਦਾ ਜ਼ਿਆਦਾ ਸ਼ਿਕਾਰ ਔਰਤਾਂ ਹੁੰਦੀਆਂ ਹਨ। ਸ਼੍ਰੀ ਕਟਾਰੀਆ ਨੇ ਕਿਹਾ ਕਿ ਔਰਤਾਂ ਸਮਾਜ ਦੀ ਮਹੱਤਵਪੂਰਣ ਕੜੀ ਹਨ ਅਤੇ ਨਸ਼ਿਆਂ ਦੀ ਸਮੱਸਿਆ ਦੇ ਖਾਤਮੇ ਵਿੱਚ ਬੇਹੱਦ ਪ੍ਰਭਾਵੀ ਭੂਮਿਕਾ ਨਿਭਾਅ ਸਕਦੀਆਂ ਹਨ।

ਰਾਜਪਾਲ ਨੇ ਕਿਹਾ ਕਿ ਨਸ਼ਾ ਜਿਥੇ ਆਪਣੇ ਆਪ ਵਿੱਚ ਸਮੱਸਿਆ ਹੈ ਉਥੇ ਇਸ ਨਾਲ ਹੋਰ ਕਈ ਸਮੱਸਿਆਵਾਂ ਜੁੜੀਆਂ ਹੋਈਆਂ ਹਨ, ਜਿਸ ਵਿੱਚ ਸਭ ਤੋਂ ਵੱਡਾ ਮਸਲਾ ਜੁਰਮ ਹੈ। ਨਸ਼ੇ ਕਰਨ ਵਾਲਾ ਵਿਅਕਤੀ ਨਸ਼ੇ ਦੀ ਪੂਰਤੀ ਲਈ ਅਪਰਾਧ ਦੇ ਰਾਹ ’ਤੇ ਵੀ ਤੁਰਨ ਤੋਂ ਗੁਰੇਜ਼ ਨਹੀਂ ਕਰਦਾ।
ਨਸ਼ਿਆਂ ਖਿਲਾਫ਼ ਲੋਕ ਲਹਿਰ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਸ਼੍ਰੀ ਕਟਾਰੀਆ ਨੇ ਕਿਹਾ ਕਿ ਕੋਈ ਵੀ ਮੁਹਿੰਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸਫ਼ਲ ਨਹੀਂ ਹੋ ਸਕਦੀ। ਉਨ੍ਹਾਂ ਲੋਕਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਨਸ਼ਾ ਮੁਕਤ ਭਵਿੱਖ ਸਿਰਜਣ ਲਈ ਇਸ ਅਭਿਆਨ ਵਿੱਚ ਸਰਗਰਮ ਭਾਗੀਦਾਰ ਬਣਨ ਦਾ ਹੋਕਾ ਦਿੱਤਾ।

ਹੋਰ ਪੜ੍ਹੋ 👉  ਐਕਸਪੋ ਵਿੱਚ 30 ਵੱਖ-ਵੱਖ ਨਸਲਾਂ ਦੇ 500 ਤੋਂ ਵੱਧ ਕੁੱਤੇ ਕੀਤੇ ਜਾਣਗੇ ਪ੍ਰਦਰਸ਼ਿਤ

ਇੰਡੀਅਨ ਰੈੱਡ ਕਰਾਸ ਸੁਸਾਇਟੀ ਅਤੇ ਸੋਸ਼ਲ ਵਰਕਰ ਤੇ ਉੱਘੇ ਲੇਖਕ ਖੁਸ਼ਵੰਤ ਸਿੰਘ ਦੇ ਸਹਿਯੋਗ ਨਾਲ ਕੱਢੀ ਗਈ ਇਹ ਪੈਦਲ ਯਾਤਰਾ ਅੱਜ ਪਿੰਡ ਭੱਠੇ ਵਿਖੇ ਸਮਾਪਤ ਹੋਈ। ਕਰੀਬ 8 ਕਿਲੋਮੀਟਰ ਦੀ ਇਸ ਯਾਤਰਾ ਦੀ ਅਗਵਾਈ ਰਾਜਪਾਲ ਪੰਜਾਬ ਵੱਲੋਂ ਖੁਦ ਪੈਦਲ ਚੱਲ ਕੇ ਕੀਤੀ ਗਈ। ਬੁੱਧਵਾਰ 11 ਦਸੰਬਰ ਨੂੰ ਪਿੰਡ ਭੱਠੇ ਤੋਂ ਸਵੇਰੇ 10:30 ਵਜੇ ਕਰੀਬ 7 ਕਿਲੋਮੀਟਰ ਦੂਰੀ ਤੈਅ ਕਰਕੇ ਇਹ ਯਾਤਰਾ ਜੰਗ-ਏ-ਆਜ਼ਾਦੀ ਕਰਤਾਰਪੁਰ ਵਿਖੇ ਸਮਾਪਤ ਹੋਵੇਗੀ, ਜਿਥੇ ਸਮਾਪਤੀ ਸਮਾਗਮ ਕਰਵਾਇਆ ਜਾ ਰਿਹਾ ਹੈ। ਕਰੀਬ 113 ਦੌੜਾਕ ਫੌਜਾ ਸਿੰਘ ਨੇ ਵੀ ਇਸ ਪੈਦਲ ਯਾਤਰਾ ਵਿੱਚ ਭਾਗ ਲਿਆ ਅਤੇ ਕਰੀਬ ਇਕ ਕਿਲੋਮੀਟਰ ਪੈਦਲ ਤੁਰੇ।ਉਪਰੰਤ ਰਾਜਪਾਲ ਵੱਲੋਂ ਦੌੜਾਕ ਫੌਜਾ ਸਿੰਘ ਦਾ ਸਨਮਾਨ ਵੀ ਕੀਤਾ ਗਿਆ।

ਹੋਰ ਪੜ੍ਹੋ 👉  ਨਗਰ ਕੌਂਸਲ ਚੋਣਾਂ, ਅਮਨ ਅਰੋੜਾ ਦਾ ਦਾਅਵਾ 50 ਫੀਸਦੀ ਸੀਟਾਂ 'ਤੇ ਆਪ ਜਿੱਤੀ, ਕਾਂਗਰਸ ਤੇ ਅਕਾਲੀ ਦਲ ਦਾ ਹੋਇਆ ਸਫਾਇਆ

ਸਕੂਲਾਂ ਦੇ ਵਿਦਿਆਰਥੀਆਂ ਨੇ ਪੈਦਲ ਯਾਤਰਾ ਦਾ ਹਿੱਸਾ ਬਣਦਿਆਂ ਹੱਥਾਂ ਵਿੱਚ ਬੈਨਰ ਅਤੇ ਤਖ਼ਤੀਆਂ ਫੜ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੱਤਾ।ਡਾਇਰੈਕਟਰ ਐਮ.ਐਚ.ਏ. (ਸੈਂਸਜ਼ ਐਂਡ ਸਿਟੀਜ਼ਨਸ਼ਿਪ) ਲਲਿਤ ਜੈਨ ਆਈ.ਏ.ਐਸ., ਸਕੱਤਰ ਰੈੱਡ ਕਰਾਸ ਸੁਸਾਇਟੀ ਪੰਜਾਬ ਸ਼ਿਵ ਦੁਲਾਰ ਸਿੰਘ ਢਿੱਲੋਂ ਸਾਬਕਾ ਆਈ.ਏ. ਐਸ., ਸਾਬਕਾ ਪ੍ਰਿੰਸੀਪਲ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਸਾਬਕਾ ਸੂਚਨਾ ਕਮਿਸ਼ਨਰ ਤੇ ਉੱਘੇ ਲੇਖਕ ਖੁਸ਼ਵੰਤ ਸਿੰਘ, ਪਿੰਡਾਂ ਦੀਆਂ ਪੰਚਾਇਤਾਂ, ਸਮਾਜਿਕ ਸੰਸਥਾਵਾਂ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਪੈਦਲ ਯਾਤਰਾ ਵਿੱਚ ਸ਼ਮੂਲੀਅਤ ਕੀਤੀ।

Leave a Reply

Your email address will not be published. Required fields are marked *