ਲੁਧਿਆਣਾ, 19 ਦਸੰਬਰ (ਖ਼ਬਰ ਖਾਸ ਬਿਊਰੋ)
ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਫਿਲਹਾਲ ਰੋਕ ਲਗਾ ਦਿੱਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਵੀਰਵਾਰ ਨੂੰ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ (ਲੁਧਿਆਣਾ) ਵਿਖੇ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ , ਉਨਾਂ ਦੇ ਸਾਬਕਾ ਸਾਢੂ ਗੁਰਪ੍ਰੀਤ ਸਿੰਘ ਸਪੁੱਤਰ ਗੁਰਦੇਵ ਸਿੰਘ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀ ਸ਼ਿਕਾਇਤ `ਤੇ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੌਕੇ ਜਥੇਦਾਰ ਦੇ ਖਿਲਾਫ ਸ਼ਿਕਾਇਤ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਅਤੇ ਅੰਤ੍ਰਿਗ ਮੈਂਬਰ ਦਲਜੀਤ ਸਿੰਘ ਭਿੰਡਰ ਨੂੰ ਸ਼ਾਮਲ ਕੀਤਾ ਗਿਆ। ਇਹ ਸਬ ਕਮੇਟੀ 15 ਦਿਨਾਂ ਵਿਚ ਮੁਕੰਮਲ ਪੜਤਾਲ ਰਿਪੋਰਟ ਪੇਸ਼ ਕਰੇਗੀ।
ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਸੁਰਜੀਤ ਸਿੰਘ ਤੁਗਲਵਾਲ,ਪਰਮਜੀਤ ਸਿੰਘ ਖ਼ਾਲਸਾ, ਸੁਰਜੀਤ ਸਿੰਘ ਗੜ੍ਹੀ, ਦਲਜੀਤ ਸਿੰਘ ਭਿੰਡਰ, ਰਵਿੰਦਰ ਸਿੰਘ ਖ਼ਾਲਸਾ, ਸ. ਜਸਵੰਤ ਸਿੰਘ ਪੁੜੈਣ, ਪਰਮਜੀਤ ਸਿੰਘ ਰਾਏਪੁਰ, ਸਕੱਤਰ ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਨਿੱਜੀ ਸਕੱਤਰ ਸ਼ਾਹਬਾਜ ਸਿੰਘ, ਇੰਚਾਰਜ ਆਜ਼ਾਦਦੀਪ ਸਿੰਘ ਹਾਜ਼ਰ ਸਨ।
ਇੱਥੇ ਦੱਸਿਆ ਜਾਂਦਾ ਹੈ ਕਿ 2 ਦਸੰਬਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਅਕਾਲੀ ਆਗੂਆਂ ਨੂੰ ਲਗਾਈ ਗਈ ਤਨਖਾਹ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਬਿਆਨਬਾਜ਼ੀ ਦਾ ਸਿਲਸਿਲਾ ਸ਼ੁਰੂ ਹੋ ਗਿਆ ।
ਸਾਬਕਾ ਵਿਧਾਇਕ ਤੇ ਅਕਾਲ ਤਖਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਅਕਾਲੀ ਦਲ ਤੋਂ ਅਸਤੀਫਾ ਦੇਣ ਵਾਲੇ ਵਿਰਸਾ ਸਿੰਘ ਵਲਟੋਹਾ ਵੱਲੋਂ ਲਗਾਤਾਰ ਗਿਆਨੀ ਹਰਪ੍ਰੀਤ ਸਿੰਘ ਦੀ ਨੁਕਤਾ ਚੀਨੀ ਕੀਤੀ ਜਾ ਰਹੀ ਸੀ ਬੀਤੇ ਕੱਲ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਦਲ ਦੇ ਕੁਝ ਆਗੂਆਂ ਤੇ ਉਹਨਾਂ ਦੀ ਕਿਰਦਾਰਕੁਸ਼ੀ ਕਰਨ ਦੇ ਗੰਭੀਰ ਦੋਸ਼ ਲਾਏ ਸਨ।
ਸੂਤਰ ਦੱਸਦੇ ਹਨ ਭਾਵੇਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਨੇ ਜਾਂਚ ਲਈ ਕਮੇਟੀ ਬਿਠਾ ਕੇ ਫਿਲਹਾਲ ਜਥੇਦਾਰਾਂ ਦੀ ਸੇਵਾਵਾਂ ਤੇ ਰੋਕ ਲਗਾ ਦਿੱਤੀ ਹੈ। ਪਰ ਆਉਣ ਵਾਲੇ ਦਿਨਾਂ ਵਿੱਚ ਜਥੇਦਾਰ ਦੀ ਛੁੱਟੀ ਕਰਨ ਦੀਆਂ ਸਭਵਾਂ ਵੱਧ ਗਈਆਂ ਹਨ