ਚੰਡੀਗੜ੍ਹ, 24 ਦਸੰਬਰ (ਖ਼ਬਰ ਖਾਸ ਬਿਊਰੋ)
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਮੌੜ ਵਾਸੀ ਅੰਮ੍ਰਿਤਪਾਲ ਉਰਫ਼ ਕੱਦੂ ਨਾਮਕ ਵਿਅਕਤੀ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਸਬ ਡਵੀਜ਼ਨ ਦਫ਼ਤਰ ਮੌੜ ਵਿਖੇ ਤਾਇਨਾਤ ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਅਤੇ 20000 ਰੁਪਏ ਹੋਰ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਉੱਭਾ ਦੇ ਵਸਨੀਕ ਭੋਲਾ ਸਿੰਘ ਵੱਲੋਂ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਹਨਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ ਖੁਦ ਨੂੰ ਪੀ.ਐਸ.ਪੀ.ਸੀ.ਐਲ. ਦਾ ਅਧਿਕਾਰਤ ਠੇਕੇਦਾਰ ਦੱਸਦਿਆਂ ਟਿਊਬਵੈੱਲ ਕੁਨੈਕਸ਼ਨ ਲਗਾਉਣ ਬਦਲੇ ਪੀ.ਐਸ.ਪੀ.ਸੀ.ਐਲ ਦਫ਼ਤਰ ਮੌੜ ਵਿਖੇ ਤਾਇਨਾਤ ਕਰਮਚਾਰੀਆਂ ਦੀ ਤਰਫ਼ੋਂ 35,000 ਰੁਪਏ ਰਿਸ਼ਵਤ ਮੰਗੀ ਅਤੇ ਲਈ ਸੀ। ਪੜਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਨੇ ਇਸ ਮਕਸਦ ਲਈ 20 ਹਜ਼ਾਰ ਰੁਪਏ ਹੋਰ ਵੀ ਮੰਗੇ ਸਨ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਰੇਂਜ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।