ਨਵੀਂ ਦਿੱਲੀ, 24 ਦਸੰਬਰ (ਖ਼ਬਰ ਖਾਸ ਬਿਊਰੋ)
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੰਗਲਵਾਰ ਨੂੰ ਆਰ.ਡੀ.ਐੱਫ ਦੇ ਮੁੱਦੇ ਉਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਦਿਲੀ ਵਿਖੇ ਮੁਲਾਕਾਤ ਕੀਤੀ। ਉਨ੍ਹਾਂ ਕੇਂਦਰੀ ਵਿੱਤ ਮੰਤਰੀ ਨੂੰ ਕਿਹਾ ਕਿ ਅਨਾਜ ਦੀ ਖਰੀਦ ‘ਤੇ ਪੰਜਾਬ ਅਤੇ ਹਰਿਆਣਾ ਵਿੱਚ ਵਸੂਲੀ ਜਾਣ ਵਾਲੀ ਇਨ੍ਹਾਂ ਫੀਸਾਂ ਦੀ ਦੇਸ਼ ਦੇ ਹੋਰਨਾਂ ਸੂਬਿਆਂ ਨਾਲ ਤੁਲਨਾ ਨਹੀਂ ਕੀਤੀ ਜਾਣੀ ਚਾਹੀਦੀ ਕਿਉਂਕਿ ਇਹ ਦੋਵੇਂ ਸੂਬੇ ਕੇਂਦਰੀ ਪੂਲ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਂਦੇ ਹਨ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਬਰਕਰਾਰ ਰੱਖਦੇ ਹਨ। ਚੀਮਾ ਨੇ ਕਿਹਾ ਕਿ ਪੰਜਾਬ ਵਿੱਚ 2000 ਮੰਡੀਆਂ ਅਤੇ 70 ਹਜ਼ਾਰ ਲਿੰਕ ਸੜਕਾਂ ਹਨ ਜੋ ਮੰਡੀਆਂ ਵਿੱਚ ਅਨਾਜ ਪਹੁੰਚਾਉਣ ਵਿੱਚ ਸਹਾਈ ਹੁੰਦੀਆਂ ਹਨ। ਜੇਕਰ ਆਰਡੀਐਫ ਨੂੰ ਇੱਕ ਫੀਸਦੀ ਤੱਕ ਘਟਾ ਦਿੱਤਾ ਜਾਂਦਾ ਹੈ ਤਾਂ ਇਹ ਸਾਰਾ ਸੜਕੀ ਨੈੱਟਵਰਕ ਬਰਬਾਦ ਹੋ ਜਾਵੇਗਾ ਅਤੇ ਮੰਡੀਆਂ ਦਾ ਵੀ ਇਹੀ ਹਾਲ ਹੋਵੇਗਾ।
ਚੀਮਾ ਨੇ ਦੱਸਿਆ ਕਿ ਵਫ਼ਦ ਨੇ ਆਰ.ਡੀ.ਐਫ ਅਤੇ ਐਮ.ਡੀ.ਐਫ ਦੇ ਭੁਗਤਾਨ ਵਿੱਚ ਹੋ ਰਹੀ ਦੇਰੀ ਕਾਰਨ ਪੰਜਾਬ ਨੂੰ ਦਰਪੇਸ਼ ਵਿਲੱਖਣ ਚੁਣੌਤੀਆਂ ‘ਤੇ ਜ਼ੋਰ ਦਿੰਦਿਆਂ ਇਸ ਮੀਟਿੰਗ ਵਿੱਚ ਉਸਾਰੂ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਮੰਡੀ ਬੋਰਡ, ਮੰਡੀਆਂ, ਮੰਡੀਆਂ ਨੂੰ ਜੋੜਨ ਵਾਲੀਆਂ ਸੜਕਾਂ ਅਤੇ ਖੇਤੀਬਾੜੀ ਮੰਡੀਕਰਨ ਨਾਲ ਸਬੰਧਤ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਇਹਨਾਂ ਫੰਡਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਕੇਂਦਰੀ ਵਿੱਤ ਮੰਤਰੀ ਨੂੰ ਜਾਣੂ ਕਰਵਾਉਣ ਲਈ ਰਾਜ ਸਰਕਾਰ ਦੇ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਜੋ ਕਿ ਇੱਕ ਵਿਕੇਂਦਰੀਕ੍ਰਿਤ ਖਰੀਦ (ਡੀ.ਸੀ.ਪੀ) ਰਾਜ ਹੈ, ਦੇ ਮਾਮਲੇ ਵਿੱਚ ਆਰ.ਡੀ.ਐਫ ਅਤੇ ਐਮ.ਡੀ.ਐਫ ਦੀ ਤੁਲਨਾ ਹੋਰ ਗੈਰ-ਡੀਸੀਪੀ ਰਾਜਾਂ ਨਾਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮੰਡੀ ਬੁਨਿਆਦੀ ਢਾਂਚਾ ਦਹਾਕਿਆਂ ਦੌਰਾਨ ਵਿਕਸਤ ਹੋਇਆ ਹੈ ਅਤੇ ਖਰੀਦ ਪ੍ਰਕਿਰਿਆਵਾਂ ਵਿੱਚ ਮਹੱਤਵਪੂਰਨ ਸੁਧਾਰ ਹੋਇਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਇਸ ਦੇ ਵਿਸ਼ਾਲ ਅਤੇ ਲੰਬੇ ਸਮੇਂ ਲਈ ਪਰਖੇ ਜਾ ਚੁੱਕੇ ਬੁਨਿਆਦੀ ਢਾਂਚੇ, ਜੋ ਕਿਸੇ ਹੋਰ ਰਾਜ ਕੋਲ ਨਹੀਂ ਹੈ, ਦੇ ਕਾਰਨ ਇੱਕ ਵਧੇਰੇ ਆਰ.ਡੀ.ਐਫ/ਐਮ.ਡੀ.ਐਫ ਚਾਰਜ ਕਰਨਾ ਪੈਂਦਾ ਹੈ । ਉਨ੍ਹਾਂ ਕਿਹਾ ਕਿ ਇਹ ਆਰ.ਡੀ.ਐਫ ਅਤੇ ਐਮ.ਡੀ.ਐਫ ਦੀ ਬਦੌਲਤ ਹੈ ਕਿ ਪੰਜਾਬ ਆਪਣੇ ਦੂਰ-ਦੁਰਾਡੇ ਦੇ ਪਿੰਡਾਂ ਨੂੰ ਮੰਡੀਆਂ ਨਾਲ ਜੋੜਨ ਵਾਲੀਆਂ ਸੜਕਾਂ ਦਾ ਇੱਕ ਵਿਸ਼ਾਲ ਨੈੱਟਵਰਕ ਵਿਕਸਿਤ ਕਰਨ ਵਿੱਚ ਕਾਮਯਾਬ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਸੜਕਾਂ ਹੁਣ ਰੱਖ-ਰਖਾਅ ਅਤੇ ਰੀਕਾਰਪੇਟਿੰਗ ਦੀ ਮੰਗ ਕਰਦੀਆਂ ਹਨ, ਜੋ ਕਿ ਲੋੜੀਂਦੇ ਆਰ.ਡੀ.ਐਫ/ਐਮ.ਡੀ.ਐਫ ਫੰਡਾਂ ਤੋਂ ਬਿਨਾਂ ਸੰਭਵ ਨਹੀਂ ਹੋਵੇਗਾ।
ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਫੰਡ ਜਾਰੀ ਕਰਨ ‘ਚ ਹੋਰ ਦੇਰੀ ਸੂਬੇ ਦੀ ਆਪਣੇ ਬੁਨਿਆਦੀ ਢਾਂਚੇ ਨੂੰ ਕਾਇਮ ਰੱਖਣ ਦੀ ਸਮਰੱਥਾ ਨੂੰ ਗੰਭੀਰਤਾ ਨਾਲ ਸੀਮਤ ਕਰਨ ਦੇ ਨਾਲ-ਨਾਲ ਅਤੇ ਫਸਲਾਂ ਦੀ ਖਰੀਦ ਪ੍ਰਕ੍ਰਿਆ ਵਿੱਚ ਔਕੜਾਂ ਖੜ੍ਹੀਆਂ ਕਰੇਗੀ ਜੋ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਕਦੇ ਨਹੀਂ ਚਾਹੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਜਲਦੀ ਹੀ ਕੋਈ ਫੈਸਲਾ ਲਿਆ ਜਾਵੇਗਾ ਅਤੇ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਨਿਰੰਤਰ ਵਿਕਾਸ ਅਤੇ ਰੱਖ-ਰਖਾਅ ਲਈ ਅਤਿ ਲੋੜੀਂਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਕੇਂਦਰ ਸਰਕਾਰ ਵੱਲੋਂ ਆਰ.ਡੀ.ਐਫ ਅਤੇ ਐਮ.ਡੀ.ਐਫ ਦੀਆਂ ਅਦਾਇਗੀਆਂ ਜਲਦੀ ਹੀ ਜਾਰੀ ਕਰ ਦਿੱਤੀਆਂ ਜਾਣਗੀਆਂ