ਰੂਪਨਗਰ, 24 ਦਸੰਬਰ (ਖ਼ਬਰ ਖਾਸ ਬਿਊਰੋ)
ਭਾਰਤ ਦੇ ਪਹਾੜੀ ਖੇਤਰਾਂ ਵਿੱਚ ਬਰਫਵਾਰੀ ਹੋਣ ਕਾਰਣ ਪੰਜਾਬ ਦੇ ਰਾਤ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਹੋਣ ਠੰਡ ਦਾ ਪ੍ਰਕੋਪ ਵੱਧ ਰਿਹਾ ਹੈ।ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਪੈ ਰਹੀ ਸਰਦੀ ਨੂੰ ਮੁੱਖ ਰੱਖਦੇ ਹੋਏ ਮੌਸਮ ਵਿਭਾਗ ਵੱਲੋਂ ਇਸ ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ। ਇਹ ਜਾਣਕਾਰੀ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਨੇ ਦਿੱਤੀ।
ਡਾ. ਤਰਸੇਮ ਸਿੰਘ ਨੇ ਲੋਕਾੰ ਨੂੰ ਅਪੀਲ ਕੀਤੀ ਹੈ ਕਿ ਸ਼ੀਤ ਲਹਿਰ ਨਾਲ ਜ਼ਿਆਦਾਤਰ ਬਜੁਰਗ ਅਤੇ ਛੋਟੇ ਬੱਚੇ ਜਿਆਦਾ ਪ੍ਰਭਾਵਤ ਹੁੰਦੇ ਹਨ। ਉਨ੍ਹਾਂ ਨੂੰ ਸਰਦੀ ਲੱਗਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਇਸ ਲਈ ਬਜੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜਿਆਦਾ ਠੰਡ ਅਤੇ ਧੁੰਦ ਹੋਣ ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ ਅਤੇ ਸ਼ੀਤ ਲਹਿਰ ਦੇ ਮੱਦੇਨਜ਼ਰ ਦੋ-ਪਹੀਆ ਵਾਹਨ ਦੀ ਵਰਤੋ ਘੱਟ ਕੀਤੀ ਜਾਵੇ। ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨਿਮੋਨੀਆ ਹੋਣ ਦਾ ਖਤਰਾ ਜਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰ੍ਹਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ਤੇ ਟੋਪੀ ਅਤੇ ਪੈਰਾਂ ਵਿੱਚ ਜੁਰਾਬਾਂ ਜ਼ਰੂਰ ਪਾਈਆਂ ਜਾਣ।
ਉਨ੍ਹਾਂ ਕਿਹਾ ਕਿ ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਅਧੀਨ ਆਉਂਦੇ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਠੰਡ ਨਾਲ ਪੀੜਤ ਮਰੀਜਾਂ ਦੇ ਇਲਾਜ ਲਈ ਹਸਪਤਾਲਾਂ ਵਿੱਚ ਲੋੜੀਂਦੇ ਇੰਤਜਾਮ ਕਰਨ ਲਈ ਕਿਹਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਠੰਡ ਵਿੱਚ ਆਪਣੀ ਖੁਰਾਕ ਵਿੱਚ ਵੀ ਗਰਮ ਚੀਜਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਮੌਸਮ ਵਿੱਚ ਗਰਮ ਕੱਪੜੇ ਦੋ ਜਾਂ ਤਿੰਨ ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ। ਸਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜੇ ਥੋੜੇ ਸਮੇਂ ਜਾਂ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ, ਸੰਤੁਲਿਤ ਖੁਰਾਕ ਦਾ ਸੇਵਨ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸਰਦੀ ਲੱਗਣ ਨਾਲ ਆਮ ਤੌਰ ਤੇ ਫ਼ਲੂ ਹੋ ਜਾਂਦਾ ਹੈ। ਠੰਡ ਵਿਚ ਕੰਬਣੀ ਆਉਣ ਨੂੰ ਵੀ ਨਜਰਅੰਦਾਜ ਨਾ ਕੀਤਾ ਜਾਵੇ। ਜੇਕਰ ਕੋਈ ਅਜਿਹਾ ਲੱਛਣ ਦਿਖਾਈ ਦਿੰਦਾ ਹੈ ਤਾਂ ਨੇੜੇ ਦੀ ਸਿਹਤ ਸੰਸਥਾ ਵਿੱਚ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।