ਚੰਡੀਗੜ੍ਹ, 26 ਦਸੰਬਰ (ਖ਼ਬਰ ਖਾਸ ਬਿਊਰੋ)
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪਸ਼ੂ ਪਾਲਣ ਵਿਭਾਗ ਵਿੱਚ ਭਰਤੀ ਹੋਏ ਇਨ੍ਹਾਂ ਉਮੀਦਵਾਰਾਂ ਵਿੱਚ ਸੱਤ ਵੈਟਰਨਰੀ ਇੰਸਪੈਕਟਰ, ਤਿੰਨ ਸਟੈਨੋ ਟਾਈਪਿਸਟ ਅਤੇ ਇੱਕ ਦਰਜਾ ਚਾਰ ਕਰਮਚਾਰੀ ਸ਼ਾਮਲ ਹੈ।
ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 33 ਮਹੀਨਿਆਂ ਵਿੱਚ ਤਕਰੀਬਨ 50,000 ਨੌਜਵਾਨਾਂ ਨੂੰ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਅਤੇ ਪਾਰਦਰਸ਼ੀ ਤੇ ਕੁਸ਼ਲ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ ‘ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ।
ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਡਾ. ਜੀ.ਐਸ. ਬੇਦੀ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।