ਬਠਿੰਡਾ 26 ਦਸੰਬਰ (ਖ਼ਬਰ ਖਾਸ ਬਿਊਰੋ)
ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਦਰਮਿਆਨ ਕਰੀਬ ਇੱਕ ਘੰਟਾਂ ਹੋਈ ਬੰਦ ਕਮਰਾ ਮੀਟਿੰਗ ਨੇ ਪੰਥਕ ਹਲਕਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਗਿਆਨੀ ਹਰਪ੍ਰੀਤ ਸਿੰਘ ਦੀ ਬਠਿੰਡਾ ਸਥਿਤ ਰਿਹਾਇਸ਼ ‘ਤੇ ਮੀਟਿੰਗ ਉਸ ਵਕਤ ਹੋਈ ਹੈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਪੰਦਰਾਂ ਦਿਨਾਂ ਲਈ ਮੁਲਤਵੀ ਕੀਤੀਆਂ ਹੋਈਆਂ ਹਨ। ਦੋਵਾਂ ਆਗੂਆਂ ਦਰਮਿਆਨ ਹੋਈ ਮੀਟਿੰਗ ਸਿਆਸੀ ਅਤੇ ਧਾਰਮਿਕ ਹਲਕਿਆਂ ਵਿਚ ਖੁੰਢ ਚਰਚਾ ਦਾ ਵਿਸ਼ਾ ਬਣ ਗਈ ਹੈ। ਦੱਸਿਆ ਜਾਂਦਾ ਹੈ ਕਿ ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਵੀ ਹਾਜ਼ਰ ਸਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਜਿੰਦਰ ਸਿੰਘ ਮਹਿਤਾ ਅਤੇ ਅਮਰਜੀਤ ਸਿੰਘ ਚਾਵਲਾ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਰਿਹਾਇਸ਼ ਤੇ ਡੇਰਾ ਰਾਧਾ ਸੁਆਮੀ ਮੁਖੀ ਬਾਬਾ ਗੁਰਿੰਦਰ ਸਿੰਘ ਦਰਮਿਆਨ ਹੋਈ ਮੀਟਿੰਗ ‘ਤੇ ਹੈਰਾਨੀ ਪ੍ਰਗਟ ਕੀਤੀ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਇਸ ਮੀਟਿੰਗ ਪਿੱਛੇ ਭਾਜਪਾ ਦਾ ਹੱਥ ਹੈ, ਜੋ ਪੰਜਾਬ ਵਿਚ ਆਪਣੀ ਸਥਾਪਤੀ ਲਈ ਹਰ ਤਰਾਂ ਦੇ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਢਾਹ ਲਗਾਉਂਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਦਿਲਚਸਪ ਗੱਲ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜਕੱਲ ਬਾਦਲ ਪਰਿਵਾਰ ਦੇ ਵਿਰੋਧੀ ਮੰਨੇ ਜਾਂਦੇ ਹਨ, ਜਦਕਿ ਡੇਰਾ ਬਿਆਸ ਮੁਖੀ ਦੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਨਾਲ ਕਾਫ਼ੀ ਨੇੜਤਾ ਮੰਨੀ ਜਾਂਦੀ ਹੈ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਪਿਛਲੇ ਦਿਨਾਂ ਦੌਰਾਨ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਨੇ ਗੜਗਾਓ ਸਥਿਤ ਸੁਖਬੀਰ ਸਿੰਘ ਬਾਦਲ ਦੇ ਫਾਰਮ ‘ਤੇ ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ ਨਾਲ ਵੀ ਕਰੀਬ ਇਕ ਘੰਟਾਂ ਮੀਟਿੰਗ ਕੀਤੀ ਦੱਸੀ ਜਾਂਦੀ ਹੈ।
ਜਾਣਕਾਰੀ ਅਨੁਸਾਰ ਵੀਰਵਾਰ ਨੂੰ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿਲੋਂ ਜਥੇਦਾਰ ਨੂੰ ਮਿਲਣ ਲਈ ਗ੍ਰੀਨ ਸਿਟੀ ਕਲੋਨੀ ਵਿੱਚ ਉਨਾਂ ਦੇ ਘਰ ਪੁੱਜੇ। ਪੁਲਿਸ ਨੇ ਸਖ਼ਤ ਸੁਰਖਿਆ ਪ੍ਰਬੰਧ ਕੀਤੇ ਹੋਏ ਸਨ ਅਤੇ ਮੀਡੀਆ ਨੂੰ ਨੇੜੇ ਨਹੀਂ ਜਾਣ ਦਿੱਤਾ ਗਿਆ। ਦੋਵੇਂ ਧਾਰਮਿਕ ਸਖਸ਼ੀਅਤਾਂ ਵਿਚਕਾਰ ਹੋਈ ਗੱਲਬਾਤ ਦੇ ਵੇਰਵੇ ਪ੍ਰਾਪਤ ਨਹੀਂ ਹੋ ਸਕੇ, ਪਰ ਚਰਚਾ ਹੈ ਕਿ ਇਹ ਮੀਟਿੰਗ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਨਾਉਣ ਲਈ ਕੀਤੀ ਗਈ ਹੋ ਸਕਦੀ ਹੈ। ਅਕਾਲੀ ਆਗੂਆਂ ਵਲੋਂ ਪਿਛਲੇ ਕੁੱਝ ਦਿਨਾਂ, ਖਾਸਕਰਕੇ ਅਕਾਲੀ ਆਗੂਆਂ ਨੂੰ ਤਨਖਾਹ ਲਗਾਉਣ ਤੋਂ ਬਾਅਦ ਜਥੇਦਾਰ ਹਰਪ੍ਰੀਤ ਸਿੰਘ ਦੀ ਕਿਰਦਾਰਕੁਸ਼ੀ ਕੀਤੀ ਜਾ ਰਹੀ ਹੈ। ਇਸਨੂੰ ਲੈ ਕੇ ਜਥੇਦਾਰ ਹਰਪ੍ਰੀਤ ਸਿੰਘ ਕਾਫ਼ੀ ਗੁੱਸੇ ਵਿਚ ਦੱਸੇ ਜਾਂਦੇ ਹਨ ਅਤੇ ਉਹਨਾਂ ਨੇ ਅਸਤੀਫ਼ਾ ਨਾ ਦੇਣ ਦੀ ਚੇਤਾਵਨੀ ਦਿੰਦਿਆ ਕਿਹਾ ਕਿ ਉਹ ਸਮਾਂ ਆਉਣ ‘ਤੇ ਅਕਾਲੀਆਂ ਦੁਆਰਾ ਪੁੱਛੇ ਗਏ ਸਵਾਲਾਂ ਦਾ ਜਵਾਬ ਦੇਣਗੇ। ਇਸ ਨਾਲ ਕਾਫ਼ੀ ਗਰਦ ਉਠੇਗੀ। ਸਪਸ਼ਟ ਹੈ ਕਿ ਉਹ ਅਕਾਲੀ ਆਗੂਆਂ ਦੇ ਗੁੱਝੇ ਭੇਤ ਖੋਲ ਸਕਦੇ ਹਨ।
ਇੱਥੇ ਦੱਸਿਆ ਜਾਂਦਾ ਹੈ ਕਿ ਪਿਛਲੇ ਦਿਨਾਂ ਦੌਰਾਨ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਵਲੋਂ ਵੱਖ ਵੱਖ ਧਾਰਮਿਕ ਅਤੇ ਸਿਆਸੀ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਪਿਛਲੇ ਸਮੇਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ, ਸੰਤ ਬਲਜੀਤ ਸਿੰਘ ਦਾਦੂਵਾਲ, ਅਕਾਲੀ ਦਲ, ਕਾਂਗਰਸ, ਆਪ ਤੇ ਭਾਜਪਾ ਆਗੂਆਂ ਨੂੰ ਵੀ ਡੇਰਾ ਬਿਆਸ ਵਿਖੇ ਮਿਲ ਚੁੱਕੇ ਹਨ।