ਚੰਡੀਗੜ੍ਹ 30 ਦਸੰਬਰ (ਖ਼ਬਰ ਖਾਸ ਬਿਊਰੋ)
ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਦਿੱਤੇ ਪੰਜਾਬ ਸੱਦੇ ਨੂੰ ਅੱਜ ਵਿਆਪਕ ਪੱਧਰ ਉਤੇ ਹੁੰਗਾਰਾ ਮਿਲਿਆ ਹੈ। ਵੱਖ ਵੱਖ ਸ਼ਹਿਰਾਂ, ਕਸਬਿਆਂ ਵਿਚ ਕਿਸਾਨਾਂ ਨੇ ਧਰਨੇ ਦਿੱਤੇ ਅਤੇ ਕਿਤੇ ਕਿਤੇ ਦੁਕਾਨਾਂ, ਕਾਰੋਬਾਰ ਬੰਦ ਕਰਵਾਉਣ ਅਤੇ ਲੰਘਣ ਨੂੰ ਲੈ ਕੇ ਕਿਸਾਨਾਂ ਅਤੇ ਲੋਕਾਂ ਵਿਚ ਤੂੰ ਤੂੰ ਮੈਂ ਮੈਂ ਹੋਣ ਦੀਆਂ ਰਿਪੋਰਟਾਂ ਵੀ ਮਿਲੀਆ ਹਨ।
ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੱਜ ਦੇ ਬੰਦ ਨੂੰ ਸਮੂਹ ਪੰਜਾਬੀਆਂ ਵੱਲੋਂ ਮਿਲੇ ਹੁੰਗਾਰੇ ਨੇ ਸਾਬਿਤ ਕਰ ਦਿੱਤਾ ਹੈ ਕਿ ਸ਼ੰਭੂ, ਖਨੌਰੀ ਅਤੇ ਰਤਨਪੁਰਾ ( ਰਾਜਸਥਾਨ ) ਬਾਡਰਾਂ ਤੇ ਚੱਲ ਰਹੇ ਦਿੱਲੀ ਅੰਦੋਲਨ 2 ਦੀਆਂ ਮੰਗਾਂ ਨਾਲ ਪੰਜਾਬੀ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ। ਉਹਨਾਂ ਕਿਹਾ ਲੋਕ ਡੱਲੇਵਾਲ ਜੀ ਦੀ ਸਿਹਤ ਲਈ ਫ਼ਿਕਰਮੰਦ ਹਨ ਅਤੇ ਸਰਕਾਰ ਦੇ ਅੜੀਅਲ ਵਤੀਰੇ ਤੋਂ ਹੈਰਾਨ ਅਤੇ ਰੋਸ ਵਿੱਚ ਹਨ।
ਉਹਨਾਂ ਦੱਸਿਆ ਕਿ ਅੱਜ ਪੰਜਾਬ ਭਰ ਵਿੱਚ 23 ਜਿਲ੍ਹਿਆਂ ਵਿੱਚ 200 ਤੋਂ ਵੱਧ ਥਾਵਾਂ ਤੇ ਧਰਨੇ ਪ੍ਰਦਰਸ਼ਨ ਕੀਤਾ ਗਏ । ਉਹਨਾਂ ਦੱਸਿਆ ਕਿ ਬਾਜ਼ਾਰਾਂ ਦੇ ਨਾਲ ਨਾਲ ਸੜਕ ਮਾਰਗ ਅਤੇ ਰੇਲ ਮਾਰਗ ਵੀ ਜਾਮ ਰਹੇ ਅਤੇ ਮੈਡੀਕਲ ਅਤੇ ਸਿਹਤ ਸੇਵਾਵਾਂ, ਵਿਆਹ ਸ਼ਾਦੀਆਂ ਵਾਲੀਆਂ ਗੱਡੀਆਂ, ਜਰੂਰੀ ਇੰਟਰਵਿਊ ਲਈ ਜਾਣ ਵਾਲੇ ਜਾਂ ਵਿਦੇਸ਼ ਜਾਣ ਲਈ ਹਵਾਈ ਅੱਡੇ ਨੂੰ ਜਾਣ ਵਾਲੇ ਲੋਕਾਂ ਨੂੰ ਬੰਦ ਤੋਂ ਰਾਹਤ ਦਿੱਤੀ ਗਈ।
ਉਹਨਾਂ ਕਿਹਾ ਕਿ ਜਿਸ ਤਰ੍ਹਾਂ ਦੁਕਾਨਦਾਰਾਂ ਨੇ ਆਪਣੇ ਆਪ ਬਾਜ਼ਾਰਾਂ ਦੇ ਬਾਜ਼ਾਰ ਬੰਦ ਕਰਕੇ ਸਾਥ ਦਿੱਤਾ ਗਿਆ ਉਸਤੋਂ ਸਾਬਿਤ ਹੋਇਆ ਹੈ ਕਿ ਲੋਕ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਨੂੰ ਤੇਜ਼ੀ ਨਾਲ ਸਮਝ ਰਹੇ ਹਨ। ਉਹਨਾਂ ਕਿਹਾ ਕਿ ਸਵੇਰੇ 7 ਵਜੇ ਤੋਂ ਹੀ ਲੋਕਾਂ ਵੱਲੋਂ ਆਪਣੇ ਆਪ ਸੜਕਾਂ ਖਾਲੀ ਕਰ ਦਿੱਤੀਆ ਗਈਆਂ। ਉਹਨਾਂ ਇਸ ਬੰਦ ਨੂੰ ਸਫਲ ਬਣਾਉਣ ਵਿੱਚ ਸਾਥ ਦੇਣ ਵਾਲੇ ਸਮੂਹ ਪੰਜਾਬੀਆਂ ਸਮੇਤ ਸਾਰੀਆਂ ਜਨਤਕ ਤੇ ਟਰੇਡ ਯੂਨੀਅਨਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਅਜਿਹਾ ਏਕਾ ਸਰਕਾਰ ਨੂੰ ਝੰਜੋੜਨ ਦਾ ਕੰਮ ਕਰੇਗਾ।
ਉਹਨਾਂ ਕਿਹਾ ਕਿ ਫ਼ਸਲਾਂ ਦੀ ਖਰੀਦ ਤੇ ਐਮ ਐਸ ਪੀ ਦਾ ਗਰੰਟੀ ਕਨੂੰਨ ਅਤੇ ਫ਼ਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ, ਮਨਰੇਗਾ ਵਿੱਚ 200 ਦਿਨ ਰੁਜਗਾਰ ਅਤੇ ਦਿਹਾੜੀ 700 ਕਰਨ, ਕਿਸਾਨਾਂ ਮਜਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ, ਆਦਿਵਾਸੀਆਂ ਦੇ ਅਧਿਕਾਰਾਂ ਦੀ ਰਾਖੀ ਲਈ ਸਵਿਧਾਨ ਦੀ 5ਵੀਂ ਸੂਚੀ ਲਾਗੂ ਕਰਨ ਸਮੇਤ ਸਾਰੀਆਂ ਮੰਗਾਂ ਦੇ ਠੋਸ ਹੱਲ ਤੱਕ ਇਹ ਸੰਘਰਸ਼ ਜਾਰੀ ਰਹੇਗਾ।
ਉਹਨਾਂ ਕਿਹਾ ਕਿ ਅੱਜ ਦੇ ਇੱਕਠ ਚੇਤਾਵਨੀ ਦਿੰਦੇ ਹਨ ਕਿ ਪੰਜਾਬ ਸਰਕਾਰ ਸੁਪਰੀਮ ਕੋਰਟ ਦੇ ਹੁਕਮਾਂ ਦੀ ਆੜ ਹੇਠ ਮੋਦੀ ਸਰਕਾਰ ਦੀ ਪੁਸ਼ਤਪਨਾਹੀ ਕਰਨ ਲਈ ਖਨੌਰੀ ਬਾਡਰ ਤੇ ਕੋਈ ਵੀ ਕਾਰਵਾਈ ਕਰਨ ਤੋਂ ਬਾਜ਼ ਆਵੇ। ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਗਰ ਪੰਜਾਬ ਜਾਂ ਕੇਂਦਰ ਸਰਕਾਰ ਖਨੌਰੀ ਉਤੇ ਪੁਲਸੀਆ ਜਬਰ ਕਰਨ ਦੀ ਕੋਸ਼ਿਸ਼ ਕਰਦੀ ਹੈ ਤਾਂ ਵੱਧ ਤੋਂ ਵੱਧ ਗਿਣਤੀ ਵਿਚ ਪੁੱਜਿਆ ਜਾਵੇ।