ਖਨੌਰੀ, ਸੰਗਰੂਰ 1 ਜਨਵਰੀ (ਖ਼ਬਰ ਖਾਸ ਬਿਊਰੋ)
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਨੇ ਖਨੌਰੀ ਮੋਰਚੇ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਸ਼ੁਰੂ ਕੀਤੇ ਗਏ ਮਰਨ ਵਰਤ ਨੂੰ ਇਕ ਲਹਿਰ ਵਜੋਂ ਉਭਾਰਨ ਲਈ 4 ਜਨਵਰੀ ਨੂੰ ਹੋਣ ਵਾਲੇ ਰਾਸ਼ਟਰੀ ਕਿਸਾਨ ਮਹਾਪੰਚਾਇਤ ਦੀਆਂ ਤਿਆਰੀਆਂ ‘ਚ ਜੁਟ ਗਿਆ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਬੁਧਵਾਰ ਨੂੰ ਮੀਟਿੰਗਾਂ ਦਾ ਸਿਲਸਿਲਾ ਦਿਨ ਭਰ ਜਾਰੀ ਰਿਹਾ। ਇਸ ਮੌਕੇ ਮਹਾਂਪੰਚਾਇਤ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਸ਼ੇਸ਼ ਡਿਊਟੀਆਂ ਵੀ ਲਗਾਈਆਂ ਗਈਆਂ।
ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਇਸ ਮਹਾਂਪੰਚਾਇਤ ਵਿੱਚ ਵੱਧ ਤੋਂ ਵੱਧ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਾਮਲ ਹੋਣ ਦੀ ਵਿਸ਼ੇਸ਼ ਤੌਰ ’ਤੇ ਅਪੀਲ ਕੀਤੀ ਹੈ। ਇਸ ਮਹਾਂਪੰਚਾਇਤ ਦੌਰਾਨ ਡੱਲੇਵਾਲ ਖੁਦ ਵੀ ਇਕੱਠ ਨੂੰ ਸੰਬੋਧਨ ਕਰਨਗੇ।
ਦੂਜੇ ਪਾਸੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 37ਵੇਂ ਦਿਨ ਵੀ ਜਾਰੀ ਰਿਹਾ। ਡਾਕਟਰਾਂ ਨੇ ਮੈਡੀਕਲ ਬੁਲੇਟਿਨ ਪੇਸ਼ ਕਰਦਿਆਂ ਕਿਹਾ ਕਿ ਡੱਲੇਵਾਲ ਨੂੰ ਬੋਲਣ ਵਿਚ ਵੀ ਮੁਸ਼ਕਲ ਆ ਰਹੀ ਸੀ। ਅੱਜ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਅਤੇ ਧੌਰਾਹਾਰਾ ਤੋਂ ਸਮਾਜਵਾਦੀ ਪਾਰਟੀ ਦੇ ਦੋ ਸੰਸਦ ਮੈਂਬਰ ਆਨੰਦ ਭਦੌਰੀਆ ਅਤੇ ਉਤਕਰਸ਼ ਵਰਮਾ ਆਪਣੇ ਵਫ਼ਦ ਸਮੇਤ ਡੱਲੇਵਾਲ ਪੁੱਜੇ ਅਤੇ ਉਨ੍ਹਾਂ ਨੂੰ ਸਮਾਜਵਾਦੀ ਪਾਰਟੀ ਦੀ ਤਰਫ਼ੋਂ ਸਮਰਥਨ ਪੱਤਰ ਸੌਂਪਿਆ। ਅੱਜ ਬੱਬੂ ਮਾਨ ਸਮੇਤ ਕਈ ਲੋਕ ਕਲਾਕਾਰ ਡੱਲੇਵਾਲ ਦਾ ਹਾਲ-ਚਾਲ ਪੁੱਛਣ ਲਈ ਖਨੌਰੀ ਕਿਸਾਨ ਮੋਰਚਾ ਪਹੁੰਚੇ। ਜੇਜੇਪੀ ਪਾਰਟੀ ਦੇ ਆਗੂ ਦਿਗਵਿਜੇ ਚੌਟਾਲਾ ਵੀ ਖਨੌਰੀ ਮੋਰਚੇ ’ਤੇ ਪੁੱਜੇ।
ਡੱਲੇਵਾਲ ਨੂੰ ਮੈਡੀਕਲ ਕਰਵਾਉਣ ਲਈ ਰਾਜ਼ੀ ਕਰਨ ਲਈ ਪੁਲਸ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਕਿਸਾਨ ਆਗੂ ਨਾਲ ਵੀ ਮੁਲਾਕਾਤ ਕੀਤੀ। ਹਾਲਾਂਕਿ, ਉਨ੍ਹਾਂ ਦੀਆਂ ਕੋਸ਼ਿਸ਼ਾਂ ਸਫਲ ਨਹੀਂ ਹੋਈਆਂ ਅਤੇ ਕਿਸਾਨ ਆਗੂ ਨੇ ਦੁਹਰਾਇਆ ਕਿ ਕੇਂਦਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਹੀ ਉਹ ਡਾਕਟਰੀ ਇਲਾਜ ਕਰਵਾਉਣਗੇ। ਕਿਸਾਨ ਆਗੂ ਨੂੰ ਮਿਲਣ ਵਾਲਿਆਂ ਵਿੱਚ ਸੇਵਾਮੁਕਤ ਏਡੀਜੀਪੀ ਜਸਕਰਨ ਸਿੰਘ, ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਅਤੇ ਪਟਿਆਲਾ ਦੇ ਐਸਐਸਪੀ ਡਾ ਨਾਨਕ ਸਿੰਘ ਸ਼ਾਮਲ ਸਨ।