ਚੰਡੀਗੜ੍ਹ, 3 ਜਨਵਰੀ (ਖ਼ਬਰ ਖਾਸ ਬਿਊਰੋ)
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਅਤੇ ਦਿੱਲੀ ਦੇ ਕਿਸਾਨਾਂ ਨਾਲ ਧੋਖਾ ਕਰ ਰਹ ਰਹੀ ਹੈ । ਉਨਾਂ ਕਿਹਾ ਕਿ ਕਿਸਾਨਾਂ ਨੂੰ ਮੋਦੀ ਸਰਕਾਰ ਦੁਆਰਾ ਦਿੱਤੇ ਜਾਣ ਵਾਲੇ ਲਾਭਾਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀਆਂ ਨੀਤੀਆਂ ਨਾ ਸਿਰਫ਼ ਕਿਸਾਨਾਂ ਦਾ ਨੁਕਸਾਨ ਕਰ ਰਹੀਆਂ ਹਨ ਸਗੋਂ ਦੇਸ਼ ਨੂੰ ਝੂਠੇ ਬਿਆਨਾਂ ਅਤੇ ਖੋਖਲੇ ਵਾਅਦਿਆਂ ਨਾਲ ਗੁੰਮਰਾਹ ਕਰ ਰਹੀਆਂ ਹਨ।
ਚੁੱਘ ਨੇ ਕਿਹਾ ਕਾਂਗਰਸ ਅਤੇ ‘ਆਪ’ ਇੱਕ ਦੂਜੇ ‘ਤੇ ਦੋਸ਼ ਲਗਾਉਣ ਵਿੱਚ ਰੁੱਝੇ ਹੋਏ ਹਨ ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਨੇ ਖੇਤੀਬਾੜੀ ਸੈਕਟਰ ਦੇ ਬਜਟ ਵਿੱਚ ਕਈ ਗੁਣਾ ਵਾਧਾ ਕੀਤਾ ਹੈ। ਉਨ੍ਹਾਂ ਕਿਹਾ, “ਯੂਪੀਏ ਸਰਕਾਰ ਵੇਲੇ ਇਹ ਬਜਟ ਸਿਰਫ਼ 20,000 ਕਰੋੜ ਰੁਪਏ ਦਾ ਸੀ, ਜਦੋਂ ਕਿ ਹੁਣ ਮੋਦੀ ਸਰਕਾਰ ਦੌਰਾਨ ਇਹ 1.5 ਲੱਖ ਕਰੋੜ ਰੁਪਏ ਤੋਂ ਵੱਧ ਹੋ ਗਿਆ ਹੈ।
ਚੁੱਘ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਭਾਜਪਾ ਸ਼ਾਸਿਤ ਹਰਿਆਣਾ ਵਿੱਚ ਕਿਸਾਨਾਂ ਨੂੰ 24 ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾ ਰਿਹਾ ਹੈ, ਜਦਕਿ ਕਿਸਾਨ ਹਿਤੈਸ਼ੀ ਕਹਾਉਣ ਵਾਲੀ ‘ਆਪ’ ਪਾਰਟੀ ਨੇ ਪੰਜਾਬ ਅਤੇ ਦਿੱਲੀ ਦੇ ਕਿਸਾਨਾਂ ਨੂੰ ਅਜਿਹਾ ਕੋਈ ਲਾਭ ਦੇਣ ਤੋਂ ਇਨਕਾਰ ਕੀਤਾ ਹੈ।
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੂੰ ਲਿਖੇ ਇੱਕ ਤਾਜ਼ਾ ਪੱਤਰ ਦਾ ਹਵਾਲਾ ਦਿੰਦੇ ਹੋਏ ਚੁੱਘ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਬੀਜ ਗ੍ਰਾਮ ਯੋਜਨਾ ਅਤੇ ਸੰਗਠਿਤ ਫੁੱਲ ਵਿਕਾਸ ਯੋਜਨਾ ਵਰਗੀਆਂ ਮਹੱਤਵਪੂਰਨ ਯੋਜਨਾਵਾਂ ਨੂੰ ਲਾਗੂ ਨਾ ਕਰਨ ‘ਤੇ ਗੁੱਸਾ ਜ਼ਾਹਰ ਕਰਦਿਆਂ ਇਸ ਨੂੰ ਚਿੰਤਾਜਨਕ ਕਰਾਰ ਦਿੱਤਾ ਹੈ ਜਾਣਬੁੱਝ ਕੇ ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ।
ਚੁੱਘ ਨੇ ਕਿਹਾ ਕਿ ਦਿੱਲੀ ਦੀ ‘ਆਪ’ ਸਰਕਾਰ ਜਾਣਬੁੱਝ ਕੇ ਕਿਸਾਨਾਂ ਨੂੰ ਹਰ ਫਰੰਟ ‘ਤੇ ਫੇਲ ਕਰ ਰਹੀ ਹੈ। ਉਨ੍ਹਾਂ ਕਿਹਾ, “ਕਿਸਾਨਾਂ ‘ਤੇ ਪਹਿਲਾਂ ਹੀ ਬਿਜਲੀ ਦੀਆਂ ਵਧੀਆਂ ਦਰਾਂ ਦਾ ਬੋਝ ਹੈ, ਅਤੇ ਹੁਣ ਉਨ੍ਹਾਂ ਨੂੰ ਟਰੈਕਟਰਾਂ ਅਤੇ ਹੋਰ ਸਾਜ਼ੋ-ਸਾਮਾਨ ਲਈ ਵੀ ਭਾਰੀ ਕੀਮਤ ਅਦਾ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਹ ਸਪੱਸ਼ਟ ਤੌਰ ‘ਤੇ ‘ਆਪ’ ਸਰਕਾਰ ਦੀ ਕਿਸਾਨ ਵਿਰੋਧੀ ਨੀਤੀ ਨੂੰ ਦਰਸਾਉਂਦਾ ਹੈ।