ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ

ਰੋਪੜ  6 ਜਨਵਰੀ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਉੱਪਰ ਚੱਲਦਿਆਂ ਨਵੇਂ ਜੋਸ਼, ਲਗਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਪ੍ਰਣ ਲਿਆ।

ਅੱਜ ਇਥੇ ਰੋਪੜ ਦੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਨੇ ਸਾਨੂੰ ਜਬਰ-ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ ‘ਤੇ ਸਾਨੂੰ ਸਾਰਿਆਂ ਨੂੰ ਲੋਕਾਂ ਦੀ ਸੇਵਾ ਲਈ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ।

ਹੋਰ ਪੜ੍ਹੋ 👉  Supreem Court- ਮੁੱਖ ਸਕੱਤਰ ਅਤੇ ਡੀਜੀਪੀ ਖਿਲਾਫ਼ ਮਾਨਹਾਨੀ ਮਾਮਲੇ 'ਚ ਸੁਣਵਾਈ ਸ਼ੁੱਕਰਵਾਰ ਤੱਕ ਮੁਲਤਵੀ

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਮਹਾਨ ਜੀਵਨ ਅਤੇ ਫ਼ਲਸਫ਼ਾ ਮਾਨਵਤਾ ਨੂੰ ਇਕਜੁਟ ਹੋ ਕੇ ਰਹਿਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਸ਼ਾਂਤੀ, ਮਾਨਵਤਾ, ਪਿਆਰ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਅਜੋਕੇ ਸਮੇਂ ਵਿੱਚ ਹੋਰ ਵੀ ਪ੍ਰਸੰਗਿਕ ਹੋ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾ ਰਹੀ ਹੈ।

ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਇਹ ਵੀ ਅਰਦਾਸ ਕੀਤੀ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਆਏ ਦਿਨ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਸ਼ਰਧਾ ਭਾਵਨਾ ਅਤੇ ਤਨਦੇਹੀ ਨਾਲ ਮਨਾਉਣ ਦਾ ਸੱਦਾ ਦਿੱਤਾ।

ਹੋਰ ਪੜ੍ਹੋ 👉  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਚੋਣਾਂ ਲਈ ਵੋਟਰ ਸੂਚੀ ਦੀ ਹੋਈ ਮੁੱਢਲੀ ਪ੍ਰਕਾਸ਼ਨਾ 24 ਜਨਵਰੀ ਤੱਕ ਮੰਗੇ ਇਤਰਾਜ਼

Leave a Reply

Your email address will not be published. Required fields are marked *