ਚੰਡੀਗੜ੍ਹ, 7 ਜਨਵਰੀ (ਖ਼ਬਰ ਖਾਸ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਦੇ ਨਾਲ-ਨਾਲ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇਸ਼ ਵਿਚ ਡੂੰਘੇ ਹੋ ਰਹੇ ਖੇਤੀਬਾੜੀ ਸੰਕਟ ਲਈ ਬਰਾਬਰ ਦੀਆਂ ਜ਼ਿੰਮੇਵਾਰ ਹਨ ਅਤੇ ਪਾਰਟੀ ਨੇ ਦੋਵਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਨਾਲ ਗੱਲਬਾਤ ਕੀਤੀ ਜਾਵੇ ਅਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਵਾਸਤੇ ਜੋ ਵੀ ਕਦਮ ਚੁੱਕਣੇ ਪੈਣ ਚੁੱਕੇ ਜਾਣ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀਹੈਰਾਨੀ ਵਾਲੀ ਗੱਲ ਹੈ ਕਿ ਭਾਵੇਂ ਸੁਪਰੀਮ ਕੋਰਟ ਰੋਜ਼ਾਨਾ ਆਧਾਰ ’ਤੇ ਕਿਸਾਨ ਆਗੂ ਦੇ ਮਰਨ ਵਰਤ ਦੀ ਸਮੀਖਿਆ ਕਰ ਰਿਹਾ ਹੈ ਪਰ ਦੋਵੇਂ ਕੇਂਦਰ ਸਰਕਾਰ ਤੇ ਪੰਜਾਬ ਦੀ ਰਾਜ ਸਰਕਾਰ ਇਕ ਦੂਜੇ ’ਤੇ ਦੋਸ਼ ਮੜ੍ਹ ਰਹੇ ਹਨ ਤੇ ਇਕ ਸੰਵੇਦਨਸ਼ੀਲ ਮਸਲੇ ’ਤੇ ਰਾਜਨੀਤੀ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਸਾਰੇ ਮਾਮਲੇ ਦੇ ਧਰੁਵੀਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਹੈ ਤੇ ਇਹ ਪੰਜਾਬ ਵਰਗੇ ਸਰਹੱਦੀ ਰਾਜ ਲਈ ਬਹੁਤ ਖ਼ਤਰਨਾਕ ਸਾਬਤ ਹੋ ਸਕਦਾ ਹੈ।
ਡਾ. ਦਲਜੀਤ ਸਿੰਘ ਚੀਮਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਖੁਦ ਅਗਵਾਈ ਕਰਨ ਅਤੇ ਅਜਿਹਾ ਮਾਹੌਲ ਸਿਰਜਣ ਜਿਸ ਵਿਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਇਆ ਜਾ ਸਕੇ। ਉਹਨਾਂ ਕਿਹਾ ਕਿ ਇਸ ਵਾਸਤੇ ਪ੍ਰਧਾਨ ਮੰਤਰੀ ਨੂੰ ਤੁਰੰਤ ਐਮ ਐਸ ਪੀ ਦੀ ਗਰੰਟੀ ਦਾ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹ ਵਾਅਦਾ ਪ੍ਰਧਾਨ ਮੰਤਰੀ ਨੇ ਉਦੋਂ ਵੀ ਦੇਸ਼ ਦੇ ਲੋਕਾਂ ਨਾਲ ਕੀਤਾ ਸੀ ਜਦੋਂ ਉਹਨਾਂ ਨੇ ਤਿੰਨ ਖੇਤੀ ਕਾਨੂੰਨ ਵਾਪਸ ਲਏ ਸਨ ਜਿਸ ਸਦਕਾ ਕਿਸਾਨ ਅੰਦੋਲਨ ਖ਼ਤਮ ਹੋਇਆ ਸੀ।
ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਕੇਂਦਰ ਸਰਕਾਰ ਨੂੰ ਖੇਤੀਬਾੜੀ ਨੀਤੀ ਦਾ ਉਹ ਖਰੜਾ ਵਾਪਸ ਲੈਣਾ ਚਾਹੀਦਾ ਹੈ ਜਿਸ ਵਿਚ ਉਹਨਾਂ ਤਿੰਨਾਂ ਵਿਵਾਦਤ ਕਾਨੂੰਨ ਦੇ ਅੰਸ਼ ਸ਼ਾਮਲ ਹਨ ਜਿਹਨਾਂ ਖਿਲਾਫ ਕਿਸਾਨ ਅੰਦੋਲਨ ਹੋਇਆ ਸੀ ਤੇ ਹੁਣ ਸਰਕਾਰ ਪਿਛਲੇ ਦਰਵਾਜ਼ੇ ਤੋਂ ਇਹ ਕਾਨੂੰਨ ਲਾਗੂ ਕਰਨਾ ਚਾਹੁੰਦੀ ਹੈ। ਉਹਨਾਂਕਿਹਾ ਕਿ ਜਦੋਂ ਇਹ ਨੀਤੀ ਵਾਪਸ ਹੋ ਗਈ ਤਾਂ ਇਸ ਨਾਲ ਕਿਸਾਨਾਂ ਨਾਲ ਖੁੱਲ੍ਹੇ ਦਿਲ ਨਾਲ ਗੱਲਬਾਤ ਸ਼ੁਰੂ ਹੋ ਸਕੇਗੀ ਤੇ ਭਵਿੱਖ ਵਿਚ ਖੇਤੀਬਾੜੀ ਲਈ ਵਧੀਆ ਨੀਤੀਆਂ ਘੜੀਆਂ ਜਾ ਸਕਣਗੀਆਂ।
ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕਦਮ ਕਿਸਾਨਾਂ ਦੇ ਮਨਾਂ ਵਿਚ ਉਹ ਰੋਸ ਦੂਰ ਕਰਨਗੇ ਜਿਹਨਾਂ ਕਾਰਣ ਮੌਜੂਦਾ ਕਿਸਾਨ ਅੰਦੋਲਨ ਚਲ ਰਿਹਾ ਹੈ। ਉਹਨਾਂ ਨੇ ਮੁੱਖ ਮੰਤਰੀ ਵੱਲੋਂ ਮੌਜੂਦਾ ਸੰਕਟ ਨੁੰ ਖ਼ਤਮ ਕਰਵਾਉਣ ਲਈ ਬਣਦੀ ਜ਼ਿੰਮੇਵਾਰੀ ਨਾ ਨਿਭਾਉਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਹੁਣ ਵੀ ਬਹੁਤੀ ਦੇਰ ਨਹੀਂ ਹੋਈ ਹੈ। ਮੁੱਖ ਮੰਤਰੀ ਨੂੰ ਤੁਰੰਤ ਪ੍ਰਧਾਨ ਮੰਤਰੀ ਕੋਲ ਪਹੁੰਚ ਕਰਨੀ ਚਾਹੀਦੀ ਹੈ ਤੇ ਉਹਨਾਂ ਨੂੰ ਇਸ ਗੱਲ ਲਈ ਰਾਜ਼ੀ ਕਰਨਾ ਚਾਹੀਦਾ ਹੈ ਕਿ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਿਹਨਾਂ ਦੀ ਸਿਹਤ ਬਹੁਤ ਨਾਜ਼ੁਕ ਬਣੀ ਹੋਈ ਹੈ, ਦੀ ਜਾਨ ਬਚਾਉਣ ਲਈ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ। ਉਹਨਾਂ ਕਿਹਾ ਕਿ ਸਰਦਾਰ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਨੂੰ ਰਾਜ਼ੀ ਕਰਨਾ ਚਾਹੀਦਾ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਗੁੱਸੇ ਨੂੰ ਸਮਝਿਆ ਜਾਵੇ ਅਤੇ ਇਹ ਵੀ ਸਮਝਿਆ ਜਾਵੇ ਕਿ ਜੇਕਰ ਅਜਿਹਾ ਨਾ ਕੀਤਾ ਤਾਂ ਸਰਹੱਦੀ ਸੂਬੇ ਪੰਜਾਬ ਵਿਚ ਮੁਸ਼ਕਿਲਾਂ ਪੈਦਾ ਹੋ ਸਕਦੀਆਂ ਹਨ।
ਅਕਾਲੀ ਆਗੂ ਨੇ ਕੇਂਦਰ ਤੇ ਪੰਜਾਬ ਦੋਵਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਆਗੂ ਦੀ ਸਿਹਤ ਹੋਰ ਜ਼ਿਆਦਾ ਵਿਗੜਨ ’ਤੇ ਕਾਨੂੰਨੀ ਰਸਮਾਂ ਪੂਰੀਆਂ ਕਰਨ ਵੱਲ ਧਿਆਨ ਨਾ ਦੇਣ ਸਗੋਂ ਇਹ ਸਮਝਿਆ ਜਾਵੇ ਕਿ ਹਾਲਾਤ ਬਹੁਤ ਖ਼ਤਰਨਾਕ ਹਨ ਤੇ ਸਰਦਾਰ ਡੱਲੇਵਾਲ ਦੀ ਜਾਨ ਬਚਾਉਣ ਲਈ ਸੰਜੀਦਗੀ ਨਾਲ ਯਤਨ ਹੋਣੇ ਚਾਹੀਦੇ ਹਨ ਤੇ ਜੇਕਰ ਰੱਬ ਨਾ ਕਰੇ ਜੇਕਰ ਉਹਨਾਂ ਦੀ ਜਾਨ ਨੂੰ ਕੁਝ ਹੋ ਜਾਂਦਾ ਹੈ ਤਾਂ ਕਿਸਾਨਾਂ ਦੇ ਮਨਾਂ ਵਿਚ ਰੋਸ ਨੂੰ ਦੂਰ ਕਰਨ ਵਾਸਤੇ ਸੰਜੀਦਗੀ ਨਾਲ ਯਤਨ ਹੋਣੇ ਚਾਹੀਦੇ ਹਨ।