ਚੰਡੀਗੜ੍ਹ 7 ਜਨਵਰੀ (ਖ਼ਬਰ ਖਾਸ ਬਿਊਰੋ)
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਦੇ ਬਰਖਾਸਤ DSP ਗੁਰਸ਼ੇਰ ਸਿੰਘ ਸੰਧੂ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਐਸਪੀ ਦੀ ਜਾਂਚ ‘ਤੇ ਆਧਾਰਿਤ ਵਿਭਾਗੀ ਕਾਰਵਾਈ ਅਤੇ ਐਫਆਈਆਰ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ।
ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਦੇ ਹੋਏ ਗੁਰਸ਼ੇਰ ਸਿੰਘ ਸੰਧੂ ਨੇ ਦੱਸਿਆ ਸੀ ਕਿ ਮੋਹਾਲੀ ਨਿਵਾਸੀ ਬਲਜਿੰਦਰ ਸਿੰਘ ਨੂੰ ਤਿੰਨ ਸੁਰੱਖਿਆ ਕਰਮਚਾਰੀ ਮਿਲੇ ਸਨ। ਪਟੀਸ਼ਨਕਰਤਾ ਸੁਰੱਖਿਆ ਸਮੀਖਿਆ ਕਮੇਟੀ ਦਾ ਮੈਂਬਰ ਸੀ। ਪਟੀਸ਼ਨਕਰਤਾ ਨੇ ਪਾਇਆ ਕਿ ਸੁਰੱਖਿਆ ਲਈ ਬਣਾਏ ਗਏ ਆਧਾਰ ਫਰਜ਼ੀ ਸਨ। ਇਸ ਦੇ ਆਧਾਰ ‘ਤੇ ਪਟੀਸ਼ਨਰ ਨੇ ਸੁਰੱਖਿਆ ਹਟਾਉਣ ਦੀ ਸਿਫਾਰਿਸ਼ ਕੀਤੀ ਸੀ। ਇਸ ਤੋਂ ਬਾਅਦ ਬਲਜਿੰਦਰ ਸਿੰਘ ਨੇ ਪਟੀਸ਼ਨਰ ਵਿਰੁੱਧ ਝੂਠੀਆਂ ਸ਼ਿਕਾਇਤਾਂ ਦਰਜ ਕਰਵਾਉਣੀਆਂ ਸ਼ੁਰੂ ਕਰ ਦਿੱਤੀਆਂ।
ਪਟੀਸ਼ਨਕਰਤਾ ਵੱਲੋਂ ਐਸਐਸਪੀ ਤੋਂ ਲੈ ਕੇ ਡੀਜੀਪੀ ਅਤੇ ਮੁੱਖ ਮੰਤਰੀ ਨੂੰ ਸ਼ਿਕਾਇਤਾਂ ਭੇਜੀਆਂ ਗਈਆਂ ਸਨ। ਇਸ ਤੋਂ ਬਾਅਦ ਮੁਹਾਲੀ ਦੇ ਐਸਐਸਪੀ ਨੇ ਮਾਮਲੇ ਦੀ ਜਾਂਚ ਕਰਦਿਆਂ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ। ਵਿਜੀਲੈਂਸ ਨੇ ਵੀ ਇਸ ਮਾਮਲੇ ਦੀ ਜਾਂਚ ਕੀਤੀ ਹੈ। ਇਸ ਤੋਂ ਬਾਅਦ ਰੋਪੜ ਰੇਂਜ ਦੇ ਆਈਜੀ ਨੇ ਸ਼ਿਕਾਇਤ ਐਸਪੀ ਇਨਵੈਸਟੀਗੇਸ਼ਨ ਨੂੰ ਜਾਂਚ ਲਈ ਸੌਂਪ ਦਿੱਤੀ।
ਐਸਪੀ ਇਨਵੈਸਟੀਗੇਸ਼ਨ ਨੇ ਆਪਣੀ ਰਿਪੋਰਟ ਵਿਚ ਦੱਸਿਆ ਕਿ ਪਟੀਸ਼ਨਕਰਤਾ ਦੇ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਐਫਆਈਆਰ ਦਰਜ ਕੀਤੀ ਗਈ ਹੈ। ਪਟੀਸ਼ਨਰ ਨੇ ਕਿਹਾ ਕਿ ਜਦੋਂ ਕਿਸੇ ਮਾਮਲੇ ਦੀ ਜਾਂਚ ਐੱਸਐੱਸਪੀ ਵੱਲੋਂ ਕੀਤੀ ਗਈ ਹੈ ਤਾਂ ਉਸ ਤੋਂ ਹੇਠਲੇ ਰੈਂਕ ਦੇ ਅਧਿਕਾਰੀ ਨੂੰ ਇਸ ਦੀ ਜਾਂਚ ਕਿਵੇਂ ਸੌਂਪੀ ਜਾ ਸਕਦੀ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਭਰੋਸਾ ਦਿੱਤਾ ਸੀ ਕਿ ਇੱਕ ਹੀ ਮਾਮਲੇ ਵਿੱਚ ਇੱਕ ਤੋਂ ਵੱਧ ਜਾਂਚ ਨਹੀਂ ਕਰਵਾਈ ਜਾਵੇਗੀ।
ਐਸਐਸਪੀ ਅਤੇ ਵਿਜੀਲੈਂਸ ਪਹਿਲਾਂ ਹੀ ਇਸ ਮਾਮਲੇ ਦੀ ਜਾਂਚ ਕਰ ਚੁੱਕੇ ਹਨ ਜਿਸ ਕਰਕੇ ਹੁਣ ਇਹ ਜਾਂਚ ਠੀਕ ਨਹੀਂ ਹੈ। ਪਟੀਸ਼ਨਰ ਦਾ ਰਿਕਾਰਡ ਬਹੁਤ ਵਧੀਆ ਰਿਹਾ ਹੈ ਅਤੇ ਜੋ ਵੀ ਉਸ ਨਾਲ ਹੋ ਰਿਹਾ ਹੈ ਉਹ ਬਦਲੇ ਦੀ ਕਾਰਵਾਈ ਹੈ। ਪਟੀਸ਼ਨਰ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਸੀ ਕਿ ਐਸਪੀ ਇਨਵੈਸਟੀਗੇਸ਼ਨ ਦੀ ਜਾਂਚ ਦੇ ਆਧਾਰ ’ਤੇ ਉਸ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਰੱਦ ਕੀਤਾ ਜਾਵੇ।
ਵਿਜੀਲੈਂਸ ਡੀਐਸਪੀ ਦੀਆਂ ਜਾਇਦਾਦਾਂ ਦੇ ਰਿਕਾਰਡ ਦੀ ਜਾਂਚ ਵਿੱਚ ਰੁੱਝੀ
ਸੀਆਈਏ ਖਰੜ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਮਾਮਲੇ ਵਿਚ ਫਰਾਰ ਹੋਏ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਦੀਆਂ ਜਾਇਦਾਦਾਂ ਦੇ ਰਿਕਾਰਡ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਵਿਜੀਲੈਂਸ ਅਧਿਕਾਰੀਆਂ ਅਨੁਸਾਰ ਮੁਲਜ਼ਮਾਂ ਦੇ ਲਾਰੈਂਸ ਬਿਸ਼ਨੋਈ ਗੈਂਗ ਤੋਂ ਇਲਾਵਾ ਹੋਰ ਵੀ ਕਈ ਗਰੋਹਾਂ ਨਾਲ ਚੰਗੇ ਸੰਪਰਕ ਸਨ। ਪੁਲਿਸ ਹਿਰਾਸਤ ‘ਚ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਕਰਵਾਉਣ ਦੇ ਨਾਮ ‘ਤੇ ਵੀ ਮੋਟੀ ਰਕਮ ਵਸੂਲੀ ਗਈ ਸੀ। ਇਸ ਤੋਂ ਪਹਿਲਾਂ ਵੀ ਕਈ ਮਾਮਲਿਆਂ ਵਿੱਚ ਬਰਖ਼ਾਸਤ ਡੀਐਸਪੀ ਦਾ ਨਾਮ ਸਾਹਮਣੇ ਆਇਆ ਸੀ। ਹੁਣ ਵਿਜੀਲੈਂਸ ਨੇ ਮੁਲਜ਼ਮਾਂ ਦੀਆਂ ਜਾਇਦਾਦਾਂ ਦੇ ਰਿਕਾਰਡ ਦੀ ਸਕੈਨਿੰਗ ਸ਼ੁਰੂ ਕਰ ਦਿੱਤੀ ਹੈ।
ਪਤਾ ਲੱਗਾ ਹੈ ਕਿ ਬਰਖ਼ਾਸਤ ਡੀਐਸਪੀ ਦੀ ਮੁਹਾਲੀ, ਡੇਰਾਬੱਸੀ, ਖਰੜ ਅਤੇ ਚੰਡੀਗੜ੍ਹ ਵਿੱਚ ਕਈ ਜਾਇਦਾਦਾਂ ਹਨ। ਵਿਜੀਲੈਂਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਜਾਇਦਾਦਾਂ ਦੀ ਸ਼ਨਾਖਤ ਕਰਕੇ ਸਰਕਾਰ ਦੇ ਰੈਵੇਨਿਊ ਰਿਕਾਰਡ ਵਿਚ ਭੇਜ ਦਿੱਤੀ ਜਾਵੇਗੀ। ਇਸ ਤੋਂ ਬਾਅਦ ਮੁਲਜ਼ਮਾਂ ਦੀਆਂ ਸਾਰੀਆਂ ਜਾਇਦਾਦਾਂ ਕੁਰਕ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
ਰੈੱਡ ਕਾਰਨਰ ਨੋਟਿਸ ਜਾਰੀ
ਇਹ ਚਰਚਾ ਜੋਰਾਂ ਉਤੇ ਹੈ ਕਿ ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਪੰਜਾਬ ਛੱਡ ਵਿਦੇਸ਼ ਖਾਸਕਰਕੇ ਅਮਰੀਕਾ ਭੱਜ ਗਿਆ ਹੈ। ਹਾਲਾਂਕਿ ਉਸ ਦੇ ਖਿਲਾਫ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ ਪਰ ਦੋਸ਼ੀ ਸਰਕਾਰ ਦੀਆਂ ਅੱਖਾਂ ‘ਚ ਧੂੜ ਪਾ ਕੇ ਦੇਸ਼ ਛੱਡਣ ‘ਚ ਕਾਮਯਾਬ ਹੋ ਗਿਆ। ਹਾਈ ਕੋਰਟ ਦੇ ਅਧੀਨ ਲਾਰੈਂਸ ਇੰਟਰਵਿਊ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਮੁਲਜ਼ਮ ਨੂੰ ਚਾਰ ਵਾਰ ਨੋਟਿਸ ਦੇ ਕੇ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ ਪਰ ਮੁਲਜ਼ਮ ਇੱਕ ਵਾਰ ਵੀ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਏ। ਮੁਲਜ਼ਮ ਸਰਕਾਰ ਵੱਲੋਂ ਬਰਖ਼ਾਸਤ ਕੀਤੇ ਜਾਣ ਤੋਂ ਪਹਿਲਾਂ ਹੀ ਵਿਦੇਸ਼ ਫਰਾਰ ਹੋ ਗਿਆ ਸੀ।