ਚੰਡੀਗੜ੍ਹ, 11 ਜਨਵਰੀ (ਖ਼ਬਰ ਖਾਸ ਬਿਊਰੋ)
ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਲੋਚਨਾਂ ਕਰਦਿਆਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਵਾਅਦੇ ਨਾਲੋਂ ਮਾਈਨਿੰਗ ਤੋਂ ਘੱਟ ਮਾਲੀਆ ਇਕੱਠਾ ਕਰਨ ਦਾ ਨਵਾਂ ਟੀਚਾ ਤੈਅ ਕੀਤਾ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੀ ਡਿੱਗਦੀ ਵਿੱਤੀ ਹਾਲਤ ਨੂੰ ਮੁੜ ਸੁਰਜੀਤ ਕਰਨ ਲਈ ‘ਆਪ’ ਸਰਕਾਰ ਹੁਣ ਮਾਈਨਿੰਗ ਕਾਰਜਾਂ ਤੋਂ ਸਾਲਾਨਾ 800 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਦੀ ਉਮੀਦ ਕਰ ਰਹੀ ਹੈ। ਬਾਜਵਾ ਨੇ ਕਿਹਾ ਕਿ ਹਾਲਾਂਕਿ ਕੇਜਰੀਵਾਲ ਨੇ ਮਾਈਨਿੰਗ ਤੋਂ ਸਾਲਾਨਾ 20,000 ਕਰੋੜ ਰੁਪਏ ਇਕੱਠੇ ਕਰਨ ਦਾ ਵਾਅਦਾ ਕੀਤਾ ਗਿਆ ਸੀ।
ਬਾਜਵਾ ਨੇ ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮਾਈਨਿੰਗ ਤੋਂ ਸਾਲਾਨਾ 20,000 ਕਰੋੜ ਰੁਪਏ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਕੇ ਸਾਲਾਨਾ 34,000 ਕਰੋੜ ਰੁਪਏ ਇਕੱਠੇ ਕਰਨ ਦੀ ਸਿਆਸੀ ਬਿਆਨਬਾਜ਼ੀ ਕਰ ਕੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਸੀ। ਇਸ ਦੌਰਾਨ ਤਿੰਨ ਸਾਲ ਸੱਤਾ ‘ਚ ਰਹਿਣ ਤੋਂ ਬਾਅਦ ਪਾਰਟੀ ਆਪਣੇ ਮੂਲ ਵਾਅਦੇ ਤੋਂ ਪੂਰੀ ਤਰ੍ਹਾਂ ਭਟਕ ਗਈ ਹੈ।
ਹੁਣ ਸੱਤਾ ਸੰਭਾਲਣ ਦੇ ਤਿੰਨ ਸਾਲ ਬਾਅਦ ਪੰਜਾਬ ਵਿਕਾਸ ਕਮਿਸ਼ਨ ਅਤੇ ਖਣਨ ਅਤੇ ਭੂ-ਵਿਗਿਆਨ ਵਿਭਾਗ ਨੇ ਪੰਜਾਬ ਵਿੱਚ ਮਾਈਨਿੰਗ ਮਾਲੀਆ ਵਧਾਉਣ ਬਾਰੇ ਇੱਕ ਖਰੜਾ ਰਿਪੋਰਟ ਤਿਆਰ ਕੀਤੀ ਹੈ। ਇਸ ਦੇ ਪਿੱਛੇ ‘ਆਪ’ ਸਰਕਾਰ ਦਾ ਦੂਜਾ ਮਕਸਦ ਗੈਰ-ਕਾਨੂੰਨੀ ਮਾਰਨਿੰਗ ਨੂੰ ਖਤਮ ਕਰਨ ਦੇ ਪਾਰਟੀ ਦੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਪੂਰਾ ਕਰਨਾ ਹੈ। ਕੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੱਸ ਸਕਦੇ ਹਨ ਕਿ ਉਨ੍ਹਾਂ ਦੀ ਪਾਰਟੀ ਪਿਛਲੇ ਤਿੰਨ ਸਾਲਾਂ ਤੋਂ ਕੀ ਕਰ ਰਹੀ ਹੈ?
ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਤੱਕ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਬੁਰੀ ਤਰਾਂ ਅਸਫਲ ਰਹੀ ਹੈ। ਝਾੜੂ ਪਾਰਟੀ ਸੂਬੇ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਸਮੇਂ-ਸਮੇਂ ‘ਤੇ ਨਵੀਆਂ ਸਮਾਂ-ਸੀਮਾਵਾਂ ਨਿਰਧਾਰਤ ਕਰ ਰਹੀ ਹੈ। ਸਰਕਾਰ ਨੇ ਅਜੇ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਰੋਡਮੈਪ ਤਿਆਰ ਨਹੀਂ ਕੀਤਾ ਹੈ।