ਚੰਡੀਗੜ੍ਹ, 11 ਜਨਵਰੀ (ਖ਼ਬਰ ਖਾਸ ਬਿਊਰੋ)
ਪੰਜਾਬ ਵਾਸੀਆਂ ਨੂੰ ਲੋਹੜੀ ਦੇ ਸ਼ੂਭ ਮੌਕੇ ਉੱਤੇ ਤਹਿਸੀਲਾਂ ਵਿਚ ਖੱਜਲ-ਖੁਆਰ ਹੋਣਾ ਪੈ ਸਕਦਾ ਹੈ। ਪੰਜਾਬ ਰੈਵੇਨਿਊ ਅਫਸਰ ਐਸੋਸੀਏਸ਼ਨ ਨੇ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਐਸੋਸੀਏਸ਼ਨ ਦੇ ਪ੍ਰਧਾਨ ਸੁਖਚਰਨ ਸਿੰਘ ਚੰਨੀ ਦੀ ਕਥਿਤ ਗੈਰ-ਕਾਨੂੰਨੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ 13 ਜਨਵਰੀ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦੀ ਧਮਕੀ ਦਿੱਤੀ ਹੈ। ਇਸ ਹੜਤਾਲ ਕਾਰਨ ਸੂਬੇ ਵਿੱਚ ਰਜਿਸਟਰੀ ਅਤੇ ਜ਼ਮੀਨੀ ਰਿਕਾਰਡ ਨਾਲ ਸਬੰਧਤ ਕੰਮ ਠੱਪ ਹੋ ਸਕਦਾ ਹੈ।
ਐਸੋਸੀਏਸ਼ਨ ਦੇ ਪ੍ਰਧਾਨ ਸੁਖਚਰਨ ਸਿੰਘ ਚੰਨੀ ਨੇ ਕਿਹਾ ਕਿ ਵਿਜੀਲੈਂਸ ਨੇ ਪਿਛਲੇ ਦਿਨ ਉਸਨੂੰ ਝੂਠੇ ਕੇਸ ਵਿਚ ਫਸਾਉਣ ਲਈ ਗੈਰ-ਕਾਨੂੰਨੀ ਢੰਗ ਨਾਲ ਫਸਾਇਆ ਗਿਆ ਹੈ।
ਐਸੋਸੀਏਸ਼ਨ ਦੇ ਪ੍ਰਧਾਨ ਚੰਨੀ ਨੇ ਆਪਣੇ ਸਾਥੀ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਦੱਸਿਆ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ, ਜਿਸ ਕਾਰਨ ਉਹ ਬੇਵੱਸ ਮਹਿਸੂਸ ਕਰ ਰਹੇ ਹਨ। ਸਰਕਾਰ ਨਾਲ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਮੰਗਾਂ ਦਾ ਹੱਲ ਨਹੀਂ ਨਿਕਲਿਆ।
ਇਸੇ ਕਰਕੇ ਐਸੋਸੀਏਸ਼ਨ ਨੂੰ ਇਹ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ ਹੈ। ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਹੜ੍ਹਤਾਲ ਕਾਰਨ ਲੋਕਾਂ ਨੂੰ ਅਸੁਵਿਧਾ ਹੋ ਸਕਦੀ ਹੈ, ਪਰ ਉਨ੍ਹਾਂ ਕੋਲ ਹੋਰ ਕੋਈ ਵਿਕਲਪ ਨਹੀਂ ਬਚਿਆ ।
ਮਾਲ ਅਧਿਕਾਰੀਆਂ ਨੇ ਦੱਸਿਆ ਕਿ ਹਾਲ ਹੀ ਵਿੱਚ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਰਾਜ ਸਰਕਾਰ ਦੇ ਕੈਬਨਿਟ ਮੰਤਰੀ ਨਾਲ ਮੁਲਾਕਾਤ ਕੀਤੀ ਸੀ। ਇਹ ਭਰੋਸਾ ਦਿੱਤਾ ਗਿਆ ਸੀ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਇੱਕ ਆਈਏਐਸ ਅਧਿਕਾਰੀ ਦੁਆਰਾ ਕੀਤੀ ਜਾਵੇਗੀ ਪਰ ਹੁਣ ਤੱਕ ਕੋਈ ਜਾਂਚ ਸ਼ੁਰੂ ਨਹੀਂ ਕੀਤੀ ਗਈ। ਇਸਤੋ ਇਲਾਵਾ ਦੋਸ਼ੀ ਵਿਜੀਲੈਂਸ ਅਧਿਕਾਰੀਆਂ ਵਿਰੁੱਧ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ।