ਨਵੀਂ ਦਿੱਲੀ, 27 ਅਪ੍ਰੈਲ (ਖ਼ਬਰ ਖਾਸ ਬਿਊਰੋ)
ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਅਤੇ ਅਮੇਠੀ ਲੋਕ ਸਭਾ ਸੀਟਾਂ ਤੋਂ ਉਮੀਦਵਾਰਾਂ ’ਤੇ ਚਰਚਾ ਕਰਨ ਲਈ ਕਾਂਗਰਸ ਅੱਜ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਬੈਠਕ ਕਰੇਗੀ। ਪਾਰਟੀ ਸੂਤਰਾਂ ਅਨੁਸਾਰ ਅੱਜ ਯੂਪੀ ਕਾਂਗਰਸ ਦੇ ਆਗੂਆਂ ਅਤੇ ਕੁੱਲ ਹਿੰਦ ਕਾਂਗਰਸ ਕਮੇਟੀ (ਏਆਈਸੀਸੀ) ਦੇ ਯੂਪੀ ਇੰਚਾਰਜ ਅਵਿਨਾਸ਼ ਪਾਂਡੇ ਨੂੰ ਵੀ ਮੀਟਿੰਗ ਲਈ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ ਯੂਪੀ ਕਾਂਗਰਸ ਵੱਲੋਂ ਸੀਈਸੀ ਨੂੰ ਪ੍ਰਸਤਾਵ ਦਿੱਤਾ ਗਿਆ ਸੀ ਕਿ ਗਾਂਧੀ ਪਰਿਵਾਰ ਨੂੰ ਅਮੇਠੀ ਅਤੇ ਰਾਏਬਰੇਲੀ ਸੀਟ ਤੋਂ ਚੋਣ ਲੜਨੀ ਚਾਹੀਦੀ ਹੈ ਅਤੇ ਇਹ ਫੈਸਲਾ ਸੀਈਸੀ ਅਤੇ ਲੀਡਰਸ਼ਿਪ ‘ਤੇ ਛੱਡ ਦਿੱਤਾ ਗਿਆ ਸੀ। ਪਾਰਟੀ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੰਭਾਵਨਾ ਹੈ ਕਿ ਕਾਂਗਰਸ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੂੰ ਕ੍ਰਮਵਾਰ ਅਮੇਠੀ ਅਤੇ ਰਾਏਬਰੇਲੀ ਸੀਟਾਂ ਲਈ ਆਪਣੇ ਉਮੀਦਵਾਰ ਐਲਾਨ ਸਕਦੀ ਹੈ। ਸਮ੍ਰਿਤੀ ਇਰਾਨੀ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਅਮੇਠੀ ਤੋਂ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਹਰਾਇਆ ਸੀ। ਇਰਾਨੀ ਨੂੰ ਭਾਰਤੀ ਜਨਤਾ ਪਾਰਟੀ ਨੇ ਮੁੜ ਇਸ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਦੇ ਕਾਰੋਬਾਰੀ ਪਤੀ, ਜਿਸ ਨੇ ਪਹਿਲਾਂ ਅਮੇਠੀ ਸੰਸਦੀ ਸੀਟ ਤੋਂ ਚੋਣ ਲੜਨ ਦੀ ਇੱਛਾ ਜ਼ਾਹਰ ਕੀਤੀ ਸੀ। ਅਮੇਠੀ ਅਤੇ ਰਾਏਬਰੇਲੀ ਲੋਕ ਸਭਾ ਹਲਕਿਆਂ ਵਿੱਚ ਚੋਣਾਂ ਦੇ ਪੰਜਵੇਂ ਪੜਾਅ ਵਿੱਚ 20 ਮਈ ਨੂੰ ਵੋਟਾਂ ਪੈਣਗੀਆਂ।