ਚੰਡੀਗੜ੍ਹ 21 ਜਨਵਰੀ (ਖ਼ਬਰ ਖਾਸ ਬਿਊਰੋ)
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਨਗਰ ਨਿਗਮ ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ 29 ਜਨਵਰੀ ਤੱਕ ਮੁਲਤਵੀ ਕਰ ਦਿੱਤੀਆਂ ਹਨ। ਇਸ ਦਾ ਮਤਲਬ ਹੈ ਕਿ ਹੁਣ ਚੰਡੀਗੜ੍ਹ ਦੇ ਮੇਅਰ ਦੀ ਚੋਣ 29 ਜਨਵਰੀ ਤੋਂ ਬਾਅਦ ਹੀ ਹੋ ਸਕਦੀ ਹੈ। ਪਹਿਲਾਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ 24 ਜਨਵਰੀ ਨੂੰ ਹੋਣੀ ਸੀ। ਹਾਈ ਕੋਰਟ ਨੇ ਹੱਥ ਖੜ੍ਹੇ ਕਰਕੇ ਵੋਟ ਪਾਉਣ ਦੀ ਮੰਗ ‘ਤੇ ਵਿਚਾਰ ਕਰਨ ਦਾ ਵੀ ਹੁਕਮ ਦਿੱਤਾ ਹੈ।
ਆਮ ਆਦਮੀ ਪਾਰਟੀ ਨੇ ਮੇਅਰ ਚੋਣਾਂ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਮੇਅਰ ਕੁਲਦੀਪ ਨੇ ਚੋਣ ਤਰੀਕ ਅਤੇ ਵੋਟਿੰਗ ਪ੍ਰਕਿਰਿਆ ਵਿੱਚ ਬਦਲਾਅ ਦੀ ਮੰਗ ਕੀਤੀ ਸੀ। ਇਸ ਵਿੱਚ ਕਾਂਗਰਸ ਨੇ ਵੀ ਆਮ ਆਦਮੀ ਪਾਰਟੀ ਦਾ ਸਮਰਥਨ ਕੀਤਾ। ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਸੀ ਕਿ ਮੇਅਰ ਦੀ ਚੋਣ 20 ਫਰਵਰੀ ਤੋਂ ਪਹਿਲਾਂ ਨਾ ਕਰਵਾਈ ਜਾਵੇ।
ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਮੌਜੂਦਾ ਮੇਅਰ ਕੁਲਦੀਪ ਕੁਮਾਰ ਦਾ ਕਾਰਜਕਾਲ 19 ਫਰਵਰੀ, 2025 ਤੱਕ ਹੋਣਾ ਚਾਹੀਦਾ ਹੈ, ਕਿਉਂਕਿ ਸੁਪਰੀਮ ਕੋਰਟ ਨੇ 20 ਫਰਵਰੀ 2024 ਨੂੰ ਇੱਕ ਹੁਕਮ ਦੇ ਕੇ ਕੁਲਦੀਪ ਕੁਮਾਰ ਨੂੰ ਮੇਅਰ ਦੇ ਅਹੁਦੇ ‘ਤੇ ਨਿਯੁਕਤ ਕੀਤਾ ਸੀ। ਜੇਕਰ ਚੋਣਾਂ 20 ਫਰਵਰੀ ਤੋਂ ਪਹਿਲਾਂ ਹੁੰਦੀਆਂ ਹਨ, ਤਾਂ ਮੇਅਰ ਦਾ ਇੱਕ ਸਾਲ ਦਾ ਕਾਰਜਕਾਲ ਪੂਰਾ ਨਹੀਂ ਹੋਵੇਗਾ। ਇਸ ਦੇ ਨਾਲ ਹੀ ਇਹ ਵੀ ਮੰਗ ਕੀਤੀ ਗਈ ਕਿ ਚੋਣਾਂ ਖੁੱਲ੍ਹੀ ਵੋਟਿੰਗ ਰਾਹੀਂ ਕਰਵਾਈਆਂ ਜਾਣ, ਪਰ ਪ੍ਰਸ਼ਾਸਨ ਨੇ ਇਸ ਮੰਗ ਨੂੰ ਠੁਕਰਾ ਦਿੱਤਾ ਸੀ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪ੍ਰਸ਼ਾਸਨ ਨੇ ਮੇਅਰ ਚੋਣ-2025 ਵਿੱਚ ਵੋਟਿੰਗ ਸਿਰਫ਼ ਗੁਪਤ ਬੈਲਟ ਪੇਪਰ ਰਾਹੀਂ ਕਰਵਾਉਣ ਦਾ ਫੈਸਲਾ ਕੀਤਾ ਸੀ। ਇਸ ਵੇਲੇ ‘ਆਪ’ ਦੀ ਚੁਣੌਤੀ ਕਾਰਨ ਚੰਡੀਗੜ੍ਹ ਵਿੱਚ ਮੇਅਰ ਦੀ ਚੋਣ 29 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ।