ਚੰਡੀਗੜ੍ਹ, 29 ਅਪ੍ਰੈਲ (ਖ਼ਬਰ ਖਾਸ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਖਡੂਰ ਸਾਹਿਬ ਤੋਂ ਐਲਾਨੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਅੱਜ ਇਸੇ ਹਲਕੇ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕਰਨ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨਾਲ ਵਿਰਾਸਤੀ ਮਾਰਗ ਵਿਖੇ ਸਵੇਰੇ ਪੁੱਜ ਕੇ ਮੁਲਾਕਾਤ ਕੀਤੀ। ਸ੍ਰੀ ਵਲਟੋਹਾ ਨੇ ਜੇਲ੍ਹ ’ਚ ਬੰਦ ਵਾਰਿਸ ਪੰਜਾਬ ਦੇ ਮੁਖੀ ਦੇ ਮਾਤਾ-ਪਿਤਾ ਨੂੰ ਅੰਮ੍ਰਿਤਪਾਲ ਸਿੰਘ ਨੂੰ ਵੱਖਰੀ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਾਉਣ ਦੀ ਥਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਅੰਮ੍ਰਿਤਪਾਲ ਸਿੰਘ, ਜੋ ਕੌਮੀ ਸੁਰੱਖਿਆ ਕਾਨੂੰਨ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ, ਵੀ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਹੈ। ਫੇਸਬੁੱਕ ਪੋਸਟ ਵਿੱਚ ਸ੍ਰੀ ਵਲਟੋਹਾ ਨੇ ਕਿਹਾ ਕਿ ਉਹ ਸਵੇਰੇ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਮਿਲੇ ਹਨ। ਪੋਸਟ ਦੇ ਅਨੁਸਾਰ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਲੋਕ ਸਭਾ ਚੋਣਾਂ ‘ਤੇ ਚਰਚਾ ਕੀਤੀ ਅਤੇ ਉਨ੍ਹਾਂ ਤੋਂ ਆਪਣੇ ਲਈ ਸਮਰਥਨ ਮੰਗਿਆ। ਐਤਵਾਰ ਨੂੰ ਸਿਮਰਨਜੀਤ ਮਾਨ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਸੀ।