ਨਵੀਂ ਦਿੱਲੀ, 29 ਅਪ੍ਰੈਲ ( ਖ਼ਬਰ ਖਾਸ ਬਿਊਰੋ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਦੇ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਅਤੇ ਕਿਹਾ ਕਿ ‘ਆਪ’ ਸੁਪਰੀਮੋ ਨੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿਚ ਇੰਡੀਆ ਗਠਜੋੜ ਦੇ ਉਮੀਦਵਾਰਾਂ ਲਈ ਸਰਗਰਮੀ ਨਾਲ ਪ੍ਰਚਾਰ ਕਰਨ ਲਈ ਕਿਹਾ ਹੈ। ਸ੍ਰੀ ਮਾਨ ਨੇ ਪੱਤਰਕਾਰਾਂ ਨੂੰ ਇਹ ਵੀ ਦੱਸਿਆ ਕਿ ਸ੍ਰੀ ਕੇਜਰੀਵਾਲ ਦੀ ਸਿਹਤ ਠੀਕ ਹੈ ਅਤੇ ਉਹ ਇਨਸੁਲਿਨ ਲੈ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਉਨ੍ਹਾਂ ਦੀ ਚਿੰਤਾ ਨਾ ਕਰਨ ਅਤੇ ਚੋਣਾਂ ਦੌਰਾਨ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਕਿਹਾ ਹੈ। ਪੰਦਰਵਾੜੇ ਵਿੱਚ ਸ੍ਰੀ ਮਾਨ ਦੀ ਸ੍ਰੀ ਕੇਜਰੀਵਾਲ ਨਾਲ ਜੇਲ੍ਹ ਵਿੱਚ ਇਹ ਦੂਜੀ ਮੁਲਾਕਾਤ ਹੈ। ਸ੍ਰੀ ਕੇਜਰੀਵਾਲ 1 ਅਪਰੈਲ ਤੋਂ ਆਬਕਾਰੀ ਨੀਤੀ ਨਾਲ ਜੁੜੇ ਮਨੀ-ਲਾਂਡਰਿੰਗ ਮਾਮਲੇ ਵਿੱਚ ਨਿਆਂਇਕ ਹਿਰਾਸਤ ਅਧੀਨ ਤਿਹਾੜ ਜੇਲ੍ਹ ਵਿੱਚ ਹਨ।