ਪੀ ਸੀ ਏ ਸਟੇਡੀਅਮ ਮੁੱਲਾਂਪੁਰ ਵਿਖੇ ਤਿੰਨ ਕੰਪਨੀਆਂ ਵੱਲੋਂ ਦਿੱਤਾ ਗਿਆ ਆਪਣੇ ਐਂਟੀ ਡਰੋਨ ਸਿਸਟਮ ਦਾ ਡੈਮੋ

ਐਂਟੀ ਡਰੱਗ ਕੈਬਨਿਟ ਸਬ-ਕਮੇਟੀ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਨਾਲ ਨਜਿੱਠਣ ਲਈ ਐਂਟੀ ਡਰੋਨ ਤਕਨਾਲੋਜੀ ਦੇ ਲਏ ਟ੍ਰਾਇਲ

ਸਰਹੱਦ ਪਾਰੋਂ ਡਰੱਗ ਤਸਕਰੀ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਅਤਿ-ਆਧੁਨਿਕ ਐਂਟੀ-ਡਰੋਨ ਤਕਨਾਲੋਜੀ ਮੁਹੱਈਆ ਕਰਵਾਈ ਜਾਵੇਗੀ: ਹਰਪਾਲ ਸਿੰਘ ਚੀਮਾ

ਸਰਕਾਰ ਦੀ ਪਹਿਲਕਦਮੀ ਸੂਬੇ ਦੀ ਦੂਸਰੀ ਰੱਖਿਆ ਪੰਕਤੀ ਨੂੰ ਹੋਰ ਮਜ਼ਬੂਤ ਕਰਨ ‘ਤੇ ਕੇਂਦਰਤ: ਅਮਨ ਅਰੋੜਾ

ਚੰਡੀਗੜ੍ਹ, 4 ਮਾਰਚ (ਖ਼ਬਰ ਖਾਸ ਬਿਊਰੋ)

‘ਯੁੱਧ ਨਸ਼ੇ ਦੇ ਵਿਰੁੱਧ’ ਮੁਹਿੰਮ ਦੀ ਅਗਵਾਈ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਪੰਜਾਬ ਪੁਲਿਸ ਨੂੰ ਜਲਦ ਹੀ ਸਰਹੱਦ ਪਾਰ ਤੋਂ ਹੁੰਦੀ ਨਸ਼ਿਆਂ ਦੀ ਤਸਕਰੀ ਨੂੰ ਨੱਥ ਪਾਉਣ ਲਈ ਅਤਿ ਆਧੁਨਿਕ ਐਂਟੀ-ਡਰੋਨ ਤਕਨਾਲੋਜੀ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਇਹ ਐਲਾਨ ਪੰਜਾਬ ਪੁਲਿਸ ਵੱਲੋਂ ਪੀਸੀਏ ਸਟੇਡੀਅਮ, ਮੁੱਲਾਂਪੁਰ ਵਿਖੇ ਕੀਤਾ ਜਿੱਥੇ ਜਨਤਕ ਅਤੇ ਨਿੱਜੀ ਖੇਤਰ ਦੀਆਂ ਤਿੰਨ ਕੰਪਨੀਆਂ ਨੇ ਆਪਣੀਆਂ ਅਤਿ-ਆਧੁਨਿਕ ਐਂਟੀ-ਡਰੋਨ ਤਕਨੀਕਾਂ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ, ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ, ਗੌਰਵ ਯਾਦਵ ਅਤੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਹਾਜ਼ਰ ਸਨ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਤਿੰਨੋਂ ਕੰਪਨੀਆਂ ਨੇ ਪਾਕਿਸਤਾਨ ਨਾਲ ਲੱਗਦੀ ਚੁਣੌਤੀਪੂਰਨ ਸਰਹੱਦ ‘ਤੇ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਵਿਸਫੋਟਕਾਂ ਦੀ ਸਰਹੱਦ ਪਾਰੋਂ ਡਰੋਨਾਂ ਰਾਹੀ ਹੋ ਰਹੀ ਤਸਕਰੀ ਨੂੰ ਰੋਕਣ ਲਈ ਤਿਆਰ ਕੀਤੀਆਂ ਗਈਆਂ ਆਪਣੀਆਂ ਆਧੁਨਿਕ ਤਕਨੀਕਾਂ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕੰਪਨੀਆਂ ਵੱਲੋਂ ਪ੍ਰਦਰਸ਼ਤ ਕੀਤੀਆਂ ਗਈਆਂ ਐਂਟੀ-ਡ੍ਰੋਨ ਤਕਨਾਲੋਜੀਆਂ ਵਿੱਚ ਪੋਰਟੇਬਲ, ਮੋਬਾਈਲ ਅਤੇ ਸਟੇਸ਼ਨਰੀ ਤਕਨੀਕਾਂ ਸ਼ਾਮਲ ਸਨ ਅਤੇ ਹਰੇਕ ਤਕਨੀਕ ਡਰੋਨ ਨੂੰ ਵੱਖ-ਵੱਖ ਦੂਰੀਆਂ ‘ਤੇ ਵੇਖਣ ਅਤੇ ਰੋਕਣ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਇਹ ਤਕਨਾਲੋਜੀਆਂ ਡਰੋਨ ਨੂੰ ਹਵਾ ਵਿੱਚ ਹੀ ਰੋਕਣ ਅਤੇ ਡੇਗਣ ਲਈ ਇਸ ਤਰਾਂ ਤਿਆਰ ਕੀਤੀਆਂ ਗਈਆਂ ਹਨ ਕਿ ਸਰਹੱਦ ਪਾਰ ਤੋਂ ਡਰੱਗ ਸਪਲਾਈ ਨੂੰ ਤੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਰਾਜ ਸਰਕਾਰ ਵੱਲੋਂ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਜ਼ਬੂਤ ਕਰੇਗੀ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਜਨਤਕ ਜਾਂ ਨਿੱਜੀ ਖੇਤਰ ਤੋਂ ਨਵੀਨਤਮ ਡਰੋਨ ਵਿਰੋਧੀ ਤਕਨਾਲੋਜੀ ਪ੍ਰਾਪਤ ਕਰਨ ਦੀ ਇਜਾਜ਼ਤ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮਾਹਿਰ ਕੇਂਦਰੀ ਸੁਰੱਖਿਆ ਏਜੰਸੀਆਂ ਨਾਲ ਸਲਾਹ-ਮਸ਼ਵਰਾ ਕਰਕੇ ਜਲਦੀ ਹੀ ਲੋੜੀਂਦੀ ਪ੍ਰਣਾਲੀ ਅਤੇ ਸਾਜੋ-ਸਮਾਨ ਦੀ ਖਰੀਦ ਨੂੰ ਅੰਤਿਮ ਰੂਪ ਦੇਣਗੇ।

ਇਸ ਦੌਰਾਨ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਨਸ਼ਿਆਂ ਅਤੇ ਹਥਿਆਰਾਂ ਦੀ ਸਰਹੱਦ ਪਾਰ ਤੋਂ ਹੋਣ ਵਾਲੀ ਤਸਕਰੀ ਨੂੰ ਰੋਕਣਾ ਕੇਂਦਰ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ ਕਿਉਂਕਿ ਕੌਮਾਂਤਰੀ ਸਰਹੱਦ ਦੇ ਨਾਲ ਲੱਗਦੇ 50 ਕਿਲੋਮੀਟਰ ਦਾ ਇਲਾਕਾ ਬੀ.ਐਸ.ਐਫ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ ਪਰ ਹੁਣ ਤੱਕ ਉਨ੍ਹਾਂ ਵੱਲੋਂ ਕੀਤੀਆਂ ਕੋਸ਼ਿਸ਼ਾਂ ਵਿੱਚ 100 ਫੀਸਦੀ ਕਾਮਯਾਬੀ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸਰਹੱਦ ਪਾਰ ਤੋਂ ਅੱਤਵਾਦ, ਖਾਸ ਕਰਕੇ ਨਾਰਕੋਟੈਰੋਰਿਜ਼ਮ ਦੀਆਂ ਨਾਪਾਕ ਕੋਸ਼ਿਸ਼ਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਸੂਬੇ ਦੀ ਦੂਜੀ ਰੱਖਿਆ ਪੰਕਤੀ ਨੂੰ ਹੋਰ ਮਜ਼ਬੂਤ ਕਰਨਾ ਹੈ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਉਨ੍ਹਾਂ ਕਿਹਾ ਕਿ ਸੂਬੇ ਨੇ ਨਸ਼ਾ ਤਸਕਰਾਂ ਵਿਰੁੱਧ ਆਰ ਪਾਰ ਦੀ ਲੜਾਈ ਲਈ ਰਣਨੀਤੀ ਤਿਆਰ ਕੀਤੀ ਹੈ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਦੀ ਇਹ ਮੁਹਿੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸੋਚ ਅਨੁਸਾਰ ਚਲਾਈ ਜਾ ਰਹੀ ਹੈ।

Leave a Reply

Your email address will not be published. Required fields are marked *