ਅਕਾਲੀ ਦਲ ਨੇ ਮੁੱਖ ਸਕੱਤਰ ਤੋਂ ਮੰਗੀ ਲੋਕ ਸੰਪਰਕ ਅਫਸਰਾਂ ਦੀ ਨਿਆਂਇਕ ਜਾਂਚ

ਚੰਡੀਗੜ੍ਹ, 10 ਮਾਰਚ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਸਕੱਤਰ ਨੂੰ ਆਖਿਆ ਕਿ ਉਹ ਤਿੰਨ ਜ਼ਿਲ੍ਹਿਆਂ ਵਿਚ ਸੂਚਨਾ ਤੇ ਲੋਕ ਸੰਪਰਕ ਅਫਸਰਾਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਜਾਰੀ ਹੋਏ ਕੁਝ ਪੰਥਕ ਧੜਿਆਂ ਦੇ ਬਿਆਨਾਂ ਦੀ ਵੀਡੀਓ ਸਾਂਝੀ ਕਰ ਕੇ ਭਾਵਨਾਵਾਂ ਭੜਕਾ ਕੇ ਝੜਪਾਂ ਕਰਵਾਉਣ ਦੇ ਯਤਨਾਂ ਦੀ ਨਿਆਂਇਕ ਜਾਂਚ ਦੇ ਹੁਕਮ ਦੇਣ।

ਇਥੇ ਜਾਰੀ ਕੀਤੇ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਲੋਕ ਸੰਪਰਕ ਵਿਭਾਗ ਦੇ ਅਫਸਰਾਂ ਨੂੰ ਆਮ ਆਦਮੀ ਪਾਰਟੀ (ਆਪ) ਦੇ ਅਹੁਦੇਦਾਰਾਂ ਨੇ ਹੁਕਮ ਦਿੱਤੇ ਸਨ ਕਿ ਉਹ ਅਜਿਹੀਆਂ ਵੀਡੀਓ ਸਾਂਝੀਆਂ ਕਰਨ ਜਿਸ ਨਾਲ ਭਾਵਨਾਵਾਂ ਭੜਕਣ। ਉਹਨਾਂ ਕਿਹਾ ਕਿ ਇਹਨਾਂ ਅਹੁਦੇਦਾਰਾਂ ਦੀ ਸ਼ਨਾਖ਼ਤ ਹੋਣੀ ਚਾਹੀਦੀ ਹੈ ਤੇ ਉਹਨਾਂ ਖਿਲਾਫ ਕਾਨੂੰਨ ਮੁਤਾਬਕ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਭੜਕਾਊ ਵੀਡੀਓ ਸਾਂਝੀਆਂ ਕਰਨ ਵਾਲੇ ਅਫਸਰਾਂ ਖਿਲਾਫ ਵੀ ਕਾਨੂੰਨੀ ਤੇ ਅਨੁਸ਼ਾਸਨੀ ਕਾਰਵਾਈ ਹੋਣੀ ਚਾਹੀਦੀ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਡਾ. ਦਲਜੀਤ ਸਿੰਘ ਚੀਮਾ ਨੇ ਆਪ ਸਰਕਾਰ ਨੂੰ ਆਖਿਆ ਕਿ ਉਹ ਖਾਲਸਾ ਪੰਥ ਦੇ ਅੰਦਰੂਨੀ ਮਾਮਲਿਆਂ ਵਿਚ ਦਖਲਅੰਦਾਜ਼ੀ ਨਾ ਕਰੇ। ਉਹਨਾਂ ਕਿਹਾ ਕਿ ਅਸੀਂ ਉਹਨਾਂ ਪੰਥਕ ਜਥੇਬੰਦੀਆਂ ਨੂੰ ਕੁਝ ਨਹੀਂ ਕਹਿਣਾ ਚਾਹੁੰਦੇ ਜੋ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਨਵਾਂ ਜਥੇਦਾਰ ਬਣਾਉਣ ਦਾ ਵਿਰੋਧ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਇਹ ਜਥੇਬੰਦੀਆਂ ਬਹੁਤ ਸਨਮਾਨਯੋਗ ਹਨ।

ਉਹਨਾਂ ਜ਼ੋਰ ਦੇ ਕੇ ਆਖਿਆ ਕਿ ਆਪ ਸਰਕਾਰ ਨੇ ਇਸ ਗੱਲ ’ਤੇ ਪੂਰਾ ਜ਼ੋਰ ਲਗਾਇਆ ਹੋਇਆ ਸੀ ਕਿ ਸਿੱਖ ਧੜਿਆਂ ਵਿਚ ਆਪਸੀ ਝੜਪ ਹੋਵੇ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਸ਼੍ਰੋਮਣੀ ਕਮੇਟੀ ਨੇ ਇਹ ਫੈਸਲਾ ਲਿਆ ਕਿ ਨਵੇਂ ਜਥੇਦਾਰ ਦਾ ਸੇਵਾ ਸੰਭਾਲ ਸਮਾਗਮ ਵੱਡੇ ਤੜਕੇ ਹੀ ਕਰ ਲਿਆ ਜਾਵੇ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਤੇ ਅਜਿਹੀਆਂ ਘਟਨਾਵਾਂ ਸ਼ਾਂਤੀ ਭੰਗ ਕਰ ਸਕਦੀਆਂ ਹਨ। ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਢੁਕਵੀਂ ਕਾਰਵਾਈ ਕਰਨ ਵਿਚ ਨਾਕਾਮ ਰਹੇ ਹਨ। ਉਹਨਾਂ ਕਿਹਾ ਕਿ ਪਾਰਟੀ ਇਹ ਮਾਮਲਾ ਗ੍ਰਹਿ ਮੰਤਰਾਲੇ ਦੇ ਵੀ ਧਿਆਨ ਵਿਚ ਲਿਆਵੇਗੀ।

ਇਸ ਦੌਰਾਨ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿਚ ਡਾ. ਚੀਮਾ ਨੇ ਤਿੰਨ ਵਟਸਐਪ ਗਰੁੱਪਾਂ ਦੇ ਵੇਰਵੇ ਸਾਂਝੇ ਕੀਤੇ ਜਿਹਨਾਂ ਵਿਚ ਮੀਡੀਆ ਵਾਲਿਆਂ ਨਾਲ ਕੁਝ ਪੰਥਕ ਜਥੇਬੰਦੀਆਂ ਦੀ ਵੀਡੀਓ ਸਾਂਝੀ ਕੀਤੀ ਗਈ ਸੀ। ਉਹਨਾਂ ਕਿਹਾ ਕਿ ਅਜਿਹਾ ਇਸ ਕਰ ਕੇ ਕੀਤਾ ਗਿਆ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮਾਮਲਾ ਧਿਆਨ ਖਿੱਚੇ ਤਾਂ ਜੋ ਵੱਖ-ਵੱਖ ਧੜਿਆਂ ਵਿਚ ਟਕਰਾਅ ਹੋਵੇ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

Leave a Reply

Your email address will not be published. Required fields are marked *