ਚੰਡੀਗੜ੍ਹ, 12 ਮਾਰਚ (ਖ਼ਬਰ ਖਾਸ ਬਿਊਰੋ)
ਪੰਜਾਬ ਕਾਂਗਰਸ ਦੀ ਅਹਿਮ ਬੈਠਕ ਭਲਕੇ 13 ਮਾਰਚ ਨੂੰ ਦਿੱਲੀ ਵਿਖੇ ਬੁਲਾਈ ਗਈ ਹੈ। ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਭੂਪੇਸ਼ ਬਘੇਲ ਨੇ ਇਹ ਮੀਟਿੰਗ ਸੱਦੀ ਹੈ, ਜਿਸ ਵਿਚ ਪੰਜਾਬ ਕਾਂਗਰਸ ਦੇ ਰਾਜਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਸ਼ਾਮਲ ਹੋਣਗੇ।
ਸੂਤਰ ਦੱਸਦੇ ਹਨ ਕਿ ਭਲਕੇ ਹੋਣ ਵਾਲੀ ਇਸ ਮੀਟਿੰਗ ਵਿੱਚ ਪੰਜਾਬ ’ਚ 2027 ਦੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਨੂੰ ਲੈ ਕੇ ਸਿਆਸੀ ਮੰਥਨ ਹੋਵੇਗਾ। ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਕਾਂਗਰਸ ਦੇ ਸੀਨੀਅਰ ਆਗੂ ਵੀ ਸ਼ਾਮਲ ਹੋਣਗੇ। ਇਸ ਮੀਟਿੰਗ ਵਿੱਚ ਕਾਂਗਰਸੀ ਨੇਤਾਵਾਂ ਦੀ ਆਪਸੀ ਧੜੇਬੰਦੀ ਨੂੰ ਲੈ ਕੇ ਵੀ ਤਾੜਨਾ ਕੀਤੇ ਜਾਣ ਦੀ ਸੰਭਾਵਨਾ ਹੈ।