ਚੰਡੀਗੜ੍ਹ, 13 ਮਾਰਚ (ਖਬ਼ਰ ਖਾਸ ਬਿਊਰੋ)
ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਅੱਜ ਪੰਜਵੇਂ ਦਿਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਜਪਾਲ ਦੇ ਭਾਸ਼ਣ ’ਤੇ ਆਪਣੇ ਵਿਚਾਰ ਰੱਖੇ। ਵਿਧਾਨ ਸਭਾ ਵਿੱਚ ਜਿਵੇਂ ਹੀ ਮੁੱਖ ਮੰਤਰੀ ਨੇ ਆਪਣਾ ਭਾਸ਼ਣ ਸ਼ੁਰੂ ਕੀਤਾ ਤਾਂ ਕੁਝ ਸਮੇਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਉਨ੍ਹਾਂ ਦੀਆਂ ਟਿੱਪਣੀਆਂ ਦਾ ਵਿਰੋਧ ਕੀਤਾ ਅਤੇ ਵਿਧਾਨ ਸਭਾ ਸੈਸ਼ਨ ਵਿੱਚੋਂ ਵਾਕ ਆਊਟ ਕੀਤਾ।
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਆਪਣੇ ਭਾਸ਼ਣ ਦੌਰਾਨ ਰਾਜਪਾਲ ਦੇ ਭਾਸ਼ਣ ਬਾਰੇ ਵਿਚਾਰ ਰੱਖਣ ਦੀ ਥਾਂ ਹੋਰ ਗੱਲਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਜਪਾਲ ਦਾ ਭਾਸ਼ਣ ਸੱਚ ਤੋਂ ਕੋਹਾਂ ਦੂਰ ਹੈ, ਜਦੋਂ ਇਸ ਬਾਰੇ ਵਿਰੋਧੀ ਧਿਰ ਵੱਲੋਂ ਸਵਾਲ ਚੁੱਕਿਆ ਜਾਂਦਾ ਹੈ ਤਾਂ ਸੱਤਾਧਾਰੀ ਧਿਰ ਵੱਲੋਂ ਉਸ ਦਾ ਕੋਈ ਸਹੀ ਜਵਾਬ ਹੀ ਨਹੀਂ ਦਿੱਤਾ ਜਾਂਦਾ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਭਾਸ਼ਣ ਦੌਰਾਨ ਆਪਣੇ ਇੱਕ ਸਾਲ ਦੀਆਂ ਪ੍ਰਾਪਤੀਆਂ ਨੂੰ ਗਿਣਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਨਾਲ ਹੀ ਉਨ੍ਹਾਂ ਵੱਲੋਂ ਕਾਂਗਰਸ ਦੇ ਕਾਰਜਕਾਲ ’ਤੇ ਸਵਾਲ ਵੀ ਖੜ੍ਹੇ ਕੀਤੇ ਜਾ ਰਹੇ ਸਨ।