ਸਿੱਖਿਆ ਕ੍ਰਾਂਤੀ ਸਦਕਾ ਵਿਦਿਆਰਥੀ ਲਿਖ ਰਹੇ ਨੇ ਸਫ਼ਲਤਾ ਦੀ ਕਹਾਣੀ: ਮੁੱਖ ਮੰਤਰੀ

ਚੰਡੀਗੜ੍ਹ, 5 ਜੂਨ (ਖ਼ਬਰ ਖਾਸ ਬਿਊਰੋ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸਿੱਖਿਆ ਖੇਤਰ ਨੂੰ ਸੁਰਜੀਤ ਕਰਨ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਪਹਿਲਕਦਮੀ ਨੇ ਇੱਕ ਵਾਰ ਫਿਰ ਸੂਬੇ ਨੂੰ ਮੂਹਰਲੀ ਕਤਾਰ ਵਿੱਚ ਸਥਾਪਤ ਕਰ ਦਿੱਤਾ ਹੈ ਅਤੇ ਪੰਜਾਬ ਦੇ ਨੌਜਵਾਨ ਆਏ ਦਿਨ ਸਫ਼ਲਤਾ ਦਾ ਨਵਾਂ ਅਧਿਆਏ ਲਿਖ ਰਹੇ ਹਨ।

ਸਰਕਾਰੀ ਸਕੂਲਾਂ ਦੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਪਾਸ ਕਰਨ ਵਾਲੇ 44 ਵਿਦਿਆਰਥੀਆਂ ਦੇ ਸਨਮਾਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਵਿਦਿਆਰਥੀਆਂ ਵਿੱਚ ਸਫ਼ਲ ਹੋਣ ਲਈ ਇੱਕ ਅਦੁੱਤੀ ਜਜ਼ਬਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਕ੍ਰਾਂਤੀ ਨੇ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਦਿਆਰਥੀ ਹੁਣ ਆਏ ਦਿਨ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖਦਿਆਂ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਕ੍ਰਾਂਤੀ ਦਾ ਮੁੱਖ ਉਦੇਸ਼ ਪੰਜਾਬ ਨੂੰ ਸਿੱਖਿਆ ਖੇਤਰ ਵਿੱਚ ਮੋਹਰੀ ਬਣਾਉਣਾ ਹੈ। ਉਨ੍ਹਾਂ ਇਸ ਗੱਲ ‘ਤੇ ਬਹੁਤ ਮਾਣ ਅਤੇ ਤਸੱਲੀ ਪ੍ਰਗਟ ਕੀਤੀ ਕਿ ਇਸ ਪਹਿਲਕਦਮੀ ਦੇ ਸ਼ਾਨਦਾਰ ਨਤੀਜੇ ਆ ਰਹੇ ਹਨ ਅਤੇ ਸੂਬੇ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਪੰਜਾਬ ਨੌਜਵਾਨਾਂ ਨੂੰ ਹੋਰ ਸਸ਼ਕਤ ਬਣਾਉਣ ਲਈ ਵਿੱਦਿਅਕ ਸੁਧਾਰਾਂ ਨੂੰ ਲਾਗੂ ਕਰਨਾ ਜਾਰੀ ਰੱਖੇਗਾ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਇੱਕ ਤਕਨੀਕੀ ਹੱਬ ਬਣਨ ਦੇ ਰਾਹ ‘ਤੇ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਉੱਚ-ਪੱਧਰੀ ਤਕਨਾਲੋਜੀ ਕੰਪਨੀਆਂ ਪੰਜਾਬ ਦੇ ਨੌਜਵਾਨਾਂ ਨੂੰ ਭਰਤੀ ਕਰਨ ਲਈ ਕਤਾਰ ਵਿੱਚ ਲੱਗਣਗੀਆਂ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਤਬਦੀਲੀ ਪੰਜਾਬ ਨੂੰ ਨਵੀਨਤਾ, ਤਕਨੀਕੀ ਤਰੱਕੀ ਅਤੇ ਆਰਥਿਕ ਵਿਕਾਸ ਦੇ ਕੇਂਦਰ ਵਜੋਂ ਸਥਾਪਤ ਕਰਨ ਵਿੱਚ ਮਦਦ ਕਰੇਗੀ।

ਵਿਦਿਆਰਥੀਆਂ ਦੇ ਦ੍ਰਿੜ੍ਹ ਇਰਾਦੇ ਦੀ ਪ੍ਰਸ਼ੰਸਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਹੁਤੇ ਵਿਦਿਆਰਥੀਆਂ ਨੇ ਸਫ਼ਲਤਾ ਪ੍ਰਾਪਤ ਕਰਨ ਲਈ ਵੱਡੀਆਂ ਮੁਸ਼ਕਲਾਂ ਨੂੰ ਪਾਰ ਕੀਤਾ ਹੈ। ਉਨ੍ਹਾਂ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮਿਸਾਲ ਦਿੱਤੀ, ਜੋ ਸਖ਼ਤ ਮਿਹਨਤ ਨਾਲ ਇਹ ਪ੍ਰੀਖਿਆ ਪਾਸ ਕਰਕੇ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਬਣੇ ਸਨ। ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਕੇਂਦਰ ਵਜੋਂ ਵਿਕਸਤ ਕਰਨ ਲਈ ਚੱਲ ਰਹੇ ਯਤਨਾਂ ‘ਤੇ ਵੀ ਚਾਨਣਾ ਪਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਲਾਭ ਪਹੁੰਚਾਉਣ ਅਤੇ ਮੈਡੀਕਲ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਨਵੇਂ ਮੈਡੀਕਲ ਕਾਲਜ ਅਤੇ ਹਸਪਤਾਲ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ ਪੰਜਾਬ ਭਰ ਵਿੱਚ ਅੱਠ ਯੂ.ਪੀ.ਐਸ.ਸੀ. ਕੋਚਿੰਗ ਸੈਂਟਰ ਸਥਾਪਤ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਹਰੇਕ ਕੇਂਦਰ ਵਿੱਚ ਇੱਕ ਲਾਇਬ੍ਰੇਰੀ, ਹੋਸਟਲ ਅਤੇ ਮਿਆਰੀ ਕੋਚਿੰਗ ਪ੍ਰਦਾਨ ਕਰਨ ਲਈ ਹੋਰ ਜ਼ਰੂਰੀ ਸਹੂਲਤਾਂ ਉਪਲੱਬਧ ਹੋਣਗੀਆਂ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕੇਂਦਰ ਪੰਜਾਬ ਦੇ ਨੌਜਵਾਨਾਂ ਨੂੰ ਕੌਮੀ ਪੱਧਰ ਦੀਆਂ ਪ੍ਰੀਖਿਆਵਾਂ ਵਿੱਚ ਮੋਹਰੀ ਰੈਂਕ ਹਾਸਲ ਕਰਨ ਦੇ ਕਾਬਿਲ ਬਣਾਉਣ ਲਈ ਮਦਦ ਕਰਨਗੇ। ਵਿਦਿਆਰਥੀਆਂ ਨੂੰ ਜ਼ਮੀਨ ਨਾਲ ਜੁੜੇ ਰਹਿਣ ਲਈ ਉਤਸ਼ਾਹਿਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ “ਪੈਰਾਸ਼ੂਟਰ” ਦੀ ਬਜਾਏ “ਗਰਾਸਰੂਟਰ” ਬਣਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਜੋ ਲੋਕ ਜ਼ਮੀਨ ਤੋਂ ਉੱਠਦੇ ਹਨ ਉਹ ਚੁਣੌਤੀਆਂ ਨੂੰ ਜਿੱਤਣ ਅਤੇ ਵੱਡੀਆਂ ਉਚਾਈਆਂ ‘ਤੇ ਪਹੁੰਚਣ ਲਈ ਬਿਹਤਰ ਢੰਗ ਨਾਲ ਤਿਆਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੈਰਾਸ਼ੂਟਰ ਅਸਮਾਨ ਤੋਂ ਆਉਂਦੇ ਹਨ ਪਰ ਅੰਤ ਵਿੱਚ ਜ਼ਮੀਨ ‘ਤੇ ਡਿੱਗਦੇ ਹਨ ਅਤੇ ਦੂਜੇ ਪਾਸੇ “ਗਰਾਸਰੂਟਰ” ਜ਼ਮੀਨ ਤੋਂ ਉੱਠਦੇ ਹਨ ਅਤੇ ਆਸਮਾਨ ਛੂੰਹਦੇ ਹਨ।

ਮੁੱਖ ਮੰਤਰੀ ਨੇ ਸਰਕਾਰ ਦੀ ਭੂਮਿਕਾ ਦੀ ਤੁਲਨਾ ਹਵਾਈ ਅੱਡੇ ਦੇ ਰਨਵੇਅ ਨਾਲ ਕੀਤੀ ਅਤੇ ਕਿਹਾ ਕਿ ਜਿਵੇਂ ਰਨਵੇਅ ਹਵਾਈ ਜਹਾਜ਼ਾਂ ਲਈ ਇੱਕ ਸੁਚਾਰੂ ਉਡਾਣ ਦੀ ਸਹੂਲਤ ਦਿੰਦਾ ਹੈ ਅਤੇ ਇਸੇ ਤਰ੍ਹਾਂ ਸੂਬਾ ਸਰਕਾਰ ਸਾਡੇ ਨੌਜਵਾਨਾਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਦੇ ਯੋਗ ਬਣਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਨੌਜਵਾਨ ਦੀਆਂ ਇੱਛਾਵਾਂ/ਖਾਹਿਸ਼ਾਂ ਨੂੰ ਖੰਭ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਮਿਸ਼ਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਵੱਡੀਆਂ ਪ੍ਰਾਪਤੀਆਂ ਹਾਸਲ ਕਰਕੇ ਵੀ ਨਿਮਰ ਰਹਿਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਹਮੇਸ਼ਾ ਆਤਮਵਿਸ਼ਵਾਸ ਨਾਲ ਭਰੇ ਅਤੇ ਸਕਾਰਾਤਮਕ ਰਹੋ, ਪਰ ਕਦੇ ਵੀ ਹੰਕਾਰੀ ਨਾ ਬਣੋ। ਉਨ੍ਹਾਂ ਨੌਜਵਾਨਾਂ ਨੂੰ ਸਲਾਹ ਦਿੱਤੀ ਕਿ ਨਿਮਰਤਾ ਅਤੇ ਸਖ਼ਤ ਮਿਹਨਤ ਨਿਰੰਤਰ ਸਫ਼ਲਤਾ ਦੀਆਂ ਕੁੰਜੀਆਂ ਹਨ।

ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ, ਜਿਨ੍ਹਾਂ ਨੇ ਮਹੱਤਵਪੂਰਨ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਬਾਵਜੂਦ ਪ੍ਰੀਖਿਆ ਪਾਸ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਪਾਸ ਕੀਤੀ ਸੀ, ਜੋ ਸਰਕਾਰ ਦੀਆਂ ਵਿੱਦਿਅਕ ਪਹਿਲਕਦਮੀਆਂ ਦੇ ਲਗਾਤਾਰ ਸਫ਼ਲ ਨਤੀਜਿਆਂ ਨੂੰ ਉਜਾਗਰ ਕਰਦਾ ਹੈ।

Leave a Reply

Your email address will not be published. Required fields are marked *