ਚੰਡੀਗੜ੍ਹ 12 ਮਈ( ਖ਼ਬਰ ਖਾਸ ਬਿਊਰੋ )
ਭਾਜਪਾ ਦੇ ਉਮੀਦਵਾਰਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਦੀ ਪੁਲਿਸ ਨੇ ਫੜੋ-ਫੜੀ ਸ਼ੁਰੂ ਕਰ ਦਿੱਤੀ ਹੈ। ਸਾਦਿਕ ਪੁਲਿਸ ਨੇ ਕਿਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਇਸਨੂੰ ਲੈ ਕੇ ਕਿਸਾਨਾਂ ਵਿਚ ਸਰਕਾਰ ਖਿਲਾਫ਼ ਰੋਹ ਫੁ੍ਟਣ ਲੱਗਿਆ ਹੈ। ਕਿਸਾਨ ਆਗੂਆ ਨੇ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਦਿਆ ਕਿਹਾ ਕਿ ਕਿਸਾਨ ਆਗੂਆਂ ਦੀਆਂ ਗ੍ਰਿਫਤਾਰੀਆਂ ਦੇ ਬਾਵਜੂਦ ਲੋਕਾਂ ਨੂੰ ਲਾਮਬੰਦ ਕਰਕੇ ਭਾਜਪਾ ਨੂੰ ਸਜ਼ਾ ਦੇਣ ਲਈ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ।
ਵਰਣਨਯੋਗ ਹੈ ਕਿ ਬੀਤੇ ਕੱਲ੍ਹ ਫਰੀਦਕੋਟ ਲੋਕ ਸਭਾ ਹਲਕੇ ਦੇ ਪਿੰਡ ਬੀਹਲੇਵਾਲ ਵਿੱਚ ਲੋਕਾਂ ਨੇ ਚੋਣ ਪ੍ਰਚਾਰ ਕਰ ਰਹੀ ਭਾਜਪਾ ਟੀਮ ਦਾ ਜ਼ੋਰਦਾਰ ਵਿਰੋਧ ਕੀਤਾ ਸੀ ਜਿਸ ਤੋਂ ਬੁਖਲਾਹਟ ਵਿੱਚ ਆ ਕੇ ਭਾਜਪਾ ਦੇ ਕਹਿਣ ਤੇ ਪੁਲੀਸ ਨੇ ਨੌਜਵਾਨ ਭਾਰਤ ਸਭਾ ਦੇ ਆਗੂ ਨੌਨਿਹਾਲ ਸਿੰਘ ਅਤੇ ਅੱਜ ਸਵੇਰ ਕਿਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ। ਕੁੱਝ ਦਿਨ ਪਹਿਲਾਂ ਬੀ ਕੇ ਯੂ ਡਕੌਂਦਾ ਧਨੇਰ ਗਰੁੱਪ ਦੇ ਹਰਨੇਕ ਸਿੰਘ ਮਹਿਮਾ ਨੂੰ ਵੀ ਜੇਲ੍ਹ ਭੇਜ ਦਿੱਤਾ ਗਿਆ ਸੀ।
ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਅਤੇ ਸੂਬਾ ਪ੍ਰੈਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਪਿਛਲੇ ਦੱਸ ਸਾਲਾਂ ਤੋਂ ਬੁਲਡੋਜ਼ਰ ਰਾਜ ਚਲਾਉਣ ਵਾਲੀ ਭਾਜਪਾ ਨੇ ਕਿਸਾਨਾਂ, ਮਜ਼ਦੂਰਾਂ, ਦਲਿਤਾਂ, ਘੱਟ ਗਿਣਤੀਆਂ ਅਤੇ ਔਰਤਾਂ ਦੇ ਹਰੇਕ ਸੰਘਰਸ਼ ਨੂੰ ਕੁਚਲਣ ਲਈ ਹਰ ਹਰਬਾ ਵਰਤਿਆ ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਹ ਹੈ। ਲੋਕ ਦਿੱਲੀ ਮੋਰਚਾ, ਲਖੀਮਪੁਰ ਖੀਰੀ ਅਤੇ ਪੰਜਾਬ ਦੇ ਬਾਰਡਰਾਂ ਤੇ ਕਿਸਾਨਾਂ ਵਿਰੁੱਧ ਭਾਜਪਾ ਵਲੋਂ ਕੀਤੇ ਜ਼ੁਲਮੋਂ ਸਿਤਮ ਨੂੰ ਭੁੱਲੇ ਨਹੀਂ ਹਨ।ਨਾ ਹੀ ਲੋਕ ਮਨਾਂ ਵਿਚੋਂ ਪਹਿਲਵਾਨ ਲੜਕੀਆਂ ਨਾਲ ਕੀਤਾ ਦੁਰਵਿਹਾਰ ਵਿਸਰਿਆ ਹੈ।ਲੋਕਾਂ ਦਾ ਇਹ ਗੁੱਸਾ ਲੋਕ ਸਭਾ ਚੋਣਾਂ ਸਮੇਂ ਭਾਜਪਾ ਉਮੀਦਵਾਰਾਂ ਦੇ ਥਾਂ ਥਾਂ ਵਿਰੋਧ ਦੇ ਰੂਪ ਵਿੱਚ ਸਾਹਮਣੇ ਆ ਰਿਹਾ। ਜਿਸ ਕਾਰਨ ਭਾਜਪਾ ਆਗੂ ਆਪਣੀ ਹਾਰ ਸਾਹਮਣੇ ਦੇਖ ਕੇ ਬੁਖਲਾਹਟ ਵਿੱਚ ਆਕੇ ਅਨਾਪ ਸਨਾਪ ਬਿਆਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸੰਯੁਕਤ ਕਿਸਾਨ ਮੋਰਚਾ ਵਲੋਂ ਭਾਜਪਾ ਨੂੰ ਸਜ਼ਾ ਦੇਣ ਦੇ ਨਾਅਰੇ ਨੂੰ ਲਾਗੂ ਕਰਨ ਲਈ ਮਨ ਬਣਾ ਲਿਆ ਹੈ।
ਕਿਸਾਨ ਆਗੂਆਂ ਨੇ ਗ੍ਰਿਫਤਾਰ ਕੀਤੇ ਆਗੂਆਂ ਨੂੰ ਫੌਰੀ ਰਿਹਾ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਸੰਘਰਸ਼ ਹੋਰ ਤੇਜ਼ ਹੋਵੇਗਾ ਜਿਸ ਦੀ ਜ਼ਿੰਮੇਵਾਰੀ ਚੋਣ ਕਮਿਸ਼ਨ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹੋਵੇਗੀ।