ਲਾਰੈਂਸ ਬਿਸ਼ਨੋਈ ਗੈਂਗ ਦਾ ਕਾਰਕੁੰਨ ਕਾਬੂ, ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ

ਜਲੰਧਰ, 8 ਜੁਲਾਈ (ਖ਼ਬਰ ਖਾਸ ਬਿਊਰੋ)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਦੀ ਟੀਮ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਆਪਰੇਟਿਵ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਗਿਰੋਹ ਵੱਲੋਂ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕਪੂਰਥਲਾ ਦੇ ਫਗਵਾੜਾ ਵਿੱਚ ਰਹਿਣ ਵਾਲੇ ਹਿਮਾਂਸ਼ੂ ਸੂਦ ਵਜੋਂ ਹੋਈ ਹੈ। ਪੰਜਾਬ ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਚੋਂ ਇੱਕ .30 ਬੋਰ ਦਾ ਚੀਨੀ ਪੀਐਕਸ3 ਪਿਸਤੌਲ, ਇੱਕ .32 ਬੋਰ ਦਾ ਪਿਸਤੌਲ ਅਤੇ ਦੋ ਮੈਗਜ਼ੀਨਾਂ ਸਮੇਤ ਸੱਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਹਿਮਾਂਸ਼ੂ ਆਪਣੇ ਗੈਂਗ ਮੈਂਬਰਾਂ ਨਾਲ ਮਿਲ ਕੇ ਆਪਣੇ ਦੁਬਈ ਸਥਿਤ ਹੈਂਡਲਰ ਨਮਿਤ ਸ਼ਰਮਾ ਦੇ ਨਿਰਦੇਸ਼ਾਂ ਹੇਠ ਇੱਕ ਅੰਤਰ-ਰਾਜੀ ਗੈਂਗ ਚਲਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਨਮਿਤ ਸ਼ਰਮਾ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਹੈ।

ਉਨ੍ਹਾਂ ਅੱਗੇ ਕਿਹਾ, ‘‘ਜੂਨ 2025 ਵਿੱਚ, ਮੁਲਜ਼ਮ ਹਿਮਾਂਸ਼ੂ ਸੂਦ ਨੇ ਹੋਰ ਗੈਂਗ ਮੈਂਬਰਾਂ ਨਾਲ ਮਿਲ ਕੇ ਆਪਣੇ ਹੈਂਡਲਰ ਨਮਿਤ ਸ਼ਰਮਾ ਦੇ ਨਿਰਦੇਸ਼ਾਂ ’ਤੇ ਹਰਿਦੁਆਰ ਵਿੱਚ ਇੱਕ ਹੋਟਲ ਮਾਲਕ ਅਰੁਣ ’ਤੇ ਗੋਲੀਆਂ ਚਲਾਈਆਂ ਸਨ’’।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਡੀਜੀਪੀ ਨੇ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਹਿਮਾਂਸ਼ੂ ਨੂੰ ਉਸਦੇ ਹੈਂਡਲਰ ਨੇ ਕ੍ਰਮਵਾਰ ਮੱਧ ਪ੍ਰਦੇਸ਼, ਲੁਧਿਆਣਾ ਅਤੇ ਕਪੂਰਥਲਾ ਸਮੇਤ ਤਿੰਨ ਟਾਰਗੇਟਸ ਨੂੰ ਖਤਮ ਕਰਨ ਦਾ ਕੰਮ ਸੌਂਪਿਆ ਸੀ। ਸੀ.ਆਈ. ਜਲੰਧਰ ਦੀ ਟੀਮ ਨੇ ਜਨਤਕ ਸੁਰੱਖਿਆ ਲਈ ਇੱਕ ਵੱਡੇ ਖ਼ਤਰੇ ਨੂੰ ਟਾਲਦੇ ਹੋਏ ਇਸ ਟਾਰਗੇਟ ਕਿਲਿੰਗ ਮਾਡਿਊਲ ਨੂੰ ਸਫਲਤਾਪੂਰਵਕ ਖਤਮ ਕਰ ਦਿੱਤਾ।

ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਸੀਆਈ ਜਲੰਧਰ ਨਵਜੋਤ ਸਿੰਘ ਮਾਹਲ ਨੇ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਕਿਹਾ ਕਿ ਪੁਲਿਸ ਟੀਮਾਂ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਸ਼ੱਕੀ ਹਿਮਾਂਸ਼ੂ ਬਾਰੇ ਪੁਖ਼ਤਾ ਜਾਣਕਾਰੀ ਮਿਲੀ ਸੀ ਕਿ ਉਹ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਹੈ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਏ.ਆਈ.ਜੀ. ਨੇ ਕਿਹਾ ਕਿ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ, ਇੱਕ ਖੁਫੀਆ ਕਾਰਵਾਈ ਕੀਤੀ ਗਈ, ਜਿਸਦੇ ਨਤੀਜੇ ਵਜੋਂ ਹਿਮਾਂਸ਼ੂ ਸੂਦ ਨੂੰ ਦਕੋਹਾ ਰੇਲਵੇ ਕਰਾਸਿੰਗ, ਜਲੰਧਰ ਦੇ ਨੇੜੇ ਹਥਿਆਰਾਂ ਸਮੇਤ ਉਦੋਂ ਗ੍ਰਿਫਤਾਰ ਕੀਤਾ ਜਦੋਂ ਉਕਤ ਆਪਣੇ ਸਾਥੀ ਦੀ ਉਡੀਕ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਬੀਐਨਐਸ ਦੀ ਧਾਰਾ 49, 55 ਅਤੇ 61(2), ਅਸਲਾ ਐਕਟ ਦੀ ਧਾਰਾ 25 ਅਤੇ 25 (1ਬੀ) (ਏ) ਦੇ ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 37 ਮਿਤੀ 07.07.2025 ਨੂੰ ਕੇਸ ਦਰਜ ਕੀਤਾ ਗਿਆ ਹੈ।

Leave a Reply

Your email address will not be published. Required fields are marked *