ਪੰਜਾਬ ਸਰਕਾਰ 390 ਸਰਕਾਰੀ ਇਮਾਰਤਾਂ ‘ਤੇ 30 ਮੈਗਾਵਾਟ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਕਰੇਗੀ ਸਥਾਪਤ

ਚੰਡੀਗੜ੍ਹ, 10 ਜੁਲਾਈ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਸੂਬੇ ਦੀ ਕੁਦਰਤੀ ਊਰਜਾ ਸਬੰਧੀ ਸਮਰੱਥਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਮਾਰਚ 2026 ਤੱਕ ਸੂਬੇ ਭਰ ਵਿੱਚ 390 ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ 30 ਮੈਗਾਵਾਟ ਦੀ ਸੰਯੁਕਤ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਸਥਾਪਤ ਕੀਤੇ ਜਾਣਗੇ।

ਸ੍ਰੀ ਅਮਨ ਅਰੋੜਾ ਪੰਜਾਬ ਊਰਜਾ ਵਿਕਾਸ ਅਥਾਰਟੀ (ਪੇਡਾ) ਵੱਲੋਂ ਚਲਾਏ ਜਾ ਰਹੇ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਪੇਡਾ ਦੇ ਚੇਅਰਪਰਸਨ ਡਾ. ਸੁਖਚੈਨ ਗੋਗੀ ਅਤੇ ਪ੍ਰਮੁੱਖ ਸਕੱਤਰ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਸ੍ਰੀ ਅਜੋਏ ਕੁਮਾਰ ਸਿਨਹਾ ਵੀ ਮੌਜੂਦ ਸਨ।

ਹੋਰ ਪੜ੍ਹੋ 👉  ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

ਇਸ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 150 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਬਿਜਲੀ ਖਰਚ ਵਿੱਚ ਸਾਲਾਨਾ 15 ਕਰੋੜ ਰੁਪਏ ਦੀ ਬੱਚਤ ਹੋਣ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ, ਜਿਸ ਨਾਲ ਇਸ ਵੱਕਾਰੀ ਪ੍ਰਾਜੈਕਟ ਨੂੰ ਲਾਗੂ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ।

ਦੱਸ ਦੇਈਏ ਕਿ ਇਸ ਪ੍ਰਾਜੈਕਟ ਅਧੀਨ ਸਿਹਤ ਤੇ ਪਰਿਵਾਰ ਭਲਾਈ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਟਰਾਂਸਪੋਰਟ, ਖੇਤੀਬਾੜੀ ਤੇ ਕਿਸਾਨ ਭਲਾਈ, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਗ੍ਰਹਿ ਮਾਮਲੇ ਤੇ ਨਿਆਂ, ਮੈਡੀਕਲ ਸਿੱਖਿਆ ਅਤੇ ਖੋਜ, ਸਥਾਨਕ ਸਰਕਾਰਾਂ ਅਤੇ ਜਲ ਸਰੋਤ ਵਿਭਾਗ ਸਮੇਤ 25 ਪ੍ਰਮੁੱਖ ਵਿਭਾਗਾਂ ਦੀਆਂ ਇਮਾਰਤਾਂ ‘ਤੇ ਸੂਰਜੀ ਊਰਜਾ ਪਲਾਂਟ ਲਗਾਏ ਜਾਣਗੇ।

ਹੋਰ ਪੜ੍ਹੋ 👉  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਨੇ ਪਿਛਲੇ ਤਿੰਨ ਸਾਲਾਂ ਵਿੱਚ ਨਵਿਆਉਣਯੋਗ ਊਰਜਾ ਵਿੱਚ ਪ੍ਰਭਾਵਸ਼ਾਲੀ ਪ੍ਰਗਤੀ ਦਰਜ ਕੀਤੀ ਹੈ ਜਿਸ ਤਹਿਤ 1098 ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ 7.7 ਮੈਗਾਵਾਟ ਸਮੂਹਿਕ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਲਗਾਏ ਗਏ ਹਨ, ਜੋ ਸਥਾਈ ਊਰਜਾ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਥਿਰਤਾ, ਵਾਤਾਵਰਣ ਸੰਭਾਲ ਅਤੇ ਵਿੱਤੀ ਸੂਝ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਨਵਿਆਉਣਯੋਗ ਊਰਜਾ ਦੀ ਵਰਤੋਂ ਕਰਕੇ ਸੂਬੇ ਦਾ ਉਦੇਸ਼ ਕਾਰਬਨ ਨੂੰ ਘਟਾਉਣਾ, ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਨੂੰ ਘਟਾਉਣਾ ਅਤੇ ਆਪਣੇ ਨਾਗਰਿਕਾਂ ਲਈ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀ ਪੰਜਾਬ ਨੂੰ ਕੁਦਰਤੀ ਅਤੇ ਵਧੇਰੇ ਊਰਜਾ-ਕੁਸ਼ਲ ਸੂਬਾ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ

ਮੀਟਿੰਗ ਦੌਰਾਨ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕੁਦਰਤੀ ਊਰਜਾ ਉਤਪਾਦਨ ਨੂੰ ਹੋਰ ਵਧਾਉਣ ਦੇ ਢੰਗ-ਤਰੀਕਿਆਂ ਦੀ ਪੜਚੋਲ ਕਰਨ ਦੇ ਨਿਰਦੇਸ਼ ਵੀ ਦਿੱਤੇ।

ਮੀਟਿੰਗ ਵਿੱਚ ਪੇਡਾ ਦੀ ਸੀ.ਈ.ਓ. ਮਿਸ. ਨੀਲਿਮਾ, ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *