19 ਥਾਵਾਂ ‘ਤੇ ਛਾਪੇਮਾਰੀ – 20 ਹੋਰ ਬੱਚੇ ਰੈਸਕਿਉ ਕੀਤੇ; 13 ਪਰਿਵਾਰਾਂ ਨੂੰ ਸੌਂਪੇ, 7 ਬਾਲ ਘਰਾਂ ਵਿੱਚ ਭੇਜੇ

ਚੰਡੀਗੜ੍ਹ, 22 ਜੁਲਾਈ (ਖ਼ਬਰ ਖਾਸ ਬਿਊਰੋ)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਭੀਖ ਮੰਗਣ ਨੂੰ ਜੜ੍ਹੋਂ ਖਤਮ ਕਰਨ ਲਈ ਚਲਾਈ ਜਾ ਰਹੀ ਜੀਵਨਜੋਤ ਪ੍ਰੋਜੈਕਟ 2.0 ਦੇ ਹੁਣ ਠੋਸ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 6 ਦਿਨਾਂ ‘ਚ 137 ਬੱਚਿਆਂ ਨੂੰ ਰੈਸਕਿਉ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਅੱਜ 16 ਜ਼ਿਲ੍ਹਿਆਂ ਵਿੱਚ 19 ਥਾਵਾਂ ‘ਤੇ ਛਾਪੇਮਾਰੀ ਹੋਈ, ਜਿਨ੍ਹਾਂ ਦੌਰਾਨ 20 ਹੋਰ ਭੀਖ ਮੰਗਦੇ ਬੱਚਿਆਂ ਨੂੰ ਬਚਾਇਆ ਗਿਆ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਯੋਜਨਾਬੱਧ ਅਤੇ ਸਖ਼ਤੀ ਨਾਲ ਲਾਗੂ ਕਰਨ ਦੇ ਨਤੀਜੇ ਵਜੋਂ ਕਈ ਥਾਵਾਂ ‘ਤੇ ਕੋਈ ਵੀ ਬੱਚਾ ਭੀਖ ਮੰਗਦੇ ਨਹੀਂ ਮਿਲਿਆ, ਜੋ ਕਿ ਸਰਕਾਰੀ ਕੋਸ਼ਿਸ਼ਾਂ ਦੀ ਪ੍ਰਭਾਵਸ਼ੀਲਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਬਚਾਏ ਗਏ 20 ਬੱਚਿਆਂ ‘ਚੋਂ 13 ਨੂੰ ਦਸਤਾਵੇਜ਼ੀ ਜਾਂਚ ਅਤੇ ਮਾਪਿਆਂ ਦੀ ਸਲਾਹ-ਮਸ਼ਵਰੇ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪਿਆ ਗਿਆ, ਜਦਕਿ 7 ਬੱਚਿਆਂ ਨੂੰ ਪਟਿਆਲਾ ਦੇ ਬਾਲ ਘਰ ਵਿੱਚ ਭੇਜਿਆ ਗਿਆ।

ਮੰਤਰੀ ਨੇ ਇਹ ਵੀ ਦੱਸਿਆ ਕਿ ਅੱਜ ਕਿਸੇ ਵੀ ਬੱਚੇ ਦੀ ਐਫ.ਆਈ.ਆਰ ਜਾਂ ਡੀ.ਐਨ.ਏ ਜਾਂਚ ਦੀ ਲੋੜ ਨਹੀਂ ਪਈ, ਪਰ ਪਟਿਆਲਾ ਬਾਲ ਭਲਾਈ ਕਮੇਟੀ ਵੱਲੋਂ ਜਾਂਚ ਜਾਰੀ ਹੈ, ਅਤੇ ਜੇ ਲੋੜ ਪਈ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਮਾਪਿਆਂ ਨੂੰ ਚੇਤਾਵਨੀ ਦਿੰਦਿਆਂ, ਡਾ. ਬਲਜੀਤ ਕੌਰ ਨੇ ਕਿਹਾ ਕਿ ਜੇਕਰ ਕੋਈ ਮਾਪੇ ਆਪਣੇ ਬੱਚਿਆਂ ਨੂੰ ਮੁੜ ਭੀਖ ਮੰਗਣ ਲਈ ਭੇਜਦੇ ਹੋਏ ਪਾਏ ਗਏ, ਤਾਂ ਉਨ੍ਹਾਂ ਨੂੰ ਅਯੋਗ ਸਰਪ੍ਰਸਤ ਘੋਸ਼ਿਤ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਆਮ ਲੋਕਾਂ ਅਤੇ ਸਿਵਲ ਸੋਸਾਇਟੀ ਨੂੰ ਅਪੀਲ ਕਰਦਿਆਂ, ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਬੱਚੇ ਨੂੰ ਭੀਖ ਨਾ ਦਿੱਤੀ ਜਾਵੇ, ਸਗੋਂ ਚਾਈਲਡ ਹੈਲਪ ਲਾਈਨ 1098 ‘ਤੇ ਫ਼ੋਨ ਕਰਕੇ ਤੁਰੰਤ ਸੂਚਨਾ ਦਿੱਤੀ ਜਾਵੇ, ਤਾਂ ਜੋ ਉਹਨਾਂ ਦੀ ਸੁਰੱਖਿਆ ਅਤੇ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ।

Leave a Reply

Your email address will not be published. Required fields are marked *