ਚੰਡੀਗੜ੍ਹ 27 ਜੁਲਾਈ (ਖ਼ਬਰ ਖਾਸ ਬਿਊਰੋ)
ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਅਤੇ ‘ਆਪ’ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਰਾਜਸਥਾਨ ਵਿੱਚ ਵਾਪਰੀ ਉਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਜਿਸ ਵਿੱਚ ਤਰਨਤਾਰਨ ਦੀ ਇੱਕ ਸਿੱਖ ਵਿਦਿਆਰਥਣ ਨੂੰ ਰਾਜਸਥਾਨ ਨਿਆਂਇਕ ਪ੍ਰੀਖਿਆ ਵਿੱਚ ਬੈਠਣ ਤੋਂ ਰੋਕ ਦਿੱਤਾ ਗਿਆ ਕਿਉਂਕਿ ਉਸ ਨੇ ਆਪਣਾ ਧਾਰਮਿਕ ਚਿੰਨ੍ਹ ਕਕਾਰ ਪਹਿਨਿਆ ਹੋਇਆ ਸੀ।
ਡਾ.ਨਿੱਜਰ ਨੇ ਕਿਹਾ ਕਿ ਅਸੀਂ ਇੱਕ ਆਜ਼ਾਦ ਦੇਸ਼ ਦੇ ਨਾਗਰਿਕ ਹਾਂ ਅਤੇ ਹਰ ਕਿਸੇ ਨੂੰ ਆਪਣੇ ਧਰਮ ਅਨੁਸਾਰ ਆਪਣੀ ਜ਼ਿੰਦਗੀ ਜਿਊਣ ਅਤੇ ਧਾਰਮਿਕ ਚਿੰਨ੍ਹ ਪਹਿਨਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਸਿੱਧੇ ਤੌਰ ‘ਤੇ ਧਾਰਮਿਕ ਅਤੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ ਜਿਸਨੇ ਘੱਟ ਗਿਣਤੀ ਭਾਈਚਾਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਸਿੱਖ ਵਿਦਿਆਰਥੀਆਂ ਨੂੰ ਧਾਰਮਿਕ ਚਿੰਨ੍ਹ ਪਹਿਨ ਕੇ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ।
ਡਾ. ਨਿੱਜਰ ਨੇ ਇਹ ਵੀ ਮੰਗ ਕੀਤੀ ਕਿ ਜਿਸ ਸਿੱਖ ਵਿਦਿਆਰਥਣ ਨੂੰ ਪ੍ਰੀਖਿਆ ਦੇਣ ਤੋਂ ਰੋਕਿਆ ਗਿਆ ਹੈ, ਉਸ ਨੂੰ ਵਿਸ਼ੇਸ਼ ਪ੍ਰਬੰਧਾਂ ਹੇਠ ਦੁਬਾਰਾ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਉਸਦੇ ਭਵਿੱਖ ਨਾਲ ਬੇਇਨਸਾਫ਼ੀ ਨਾ ਹੋਵੇ।