ਚੰਡੀਗੜ 31 ਜੁਲਾਈ (ਖ਼ਬਰ ਖਾਸ ਬਿਊਰੋ)
ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜੋ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਹੈ, ਉਸਨੂੰ ਸਿੱਖ ਸੰਗਤ ਅਤੇ ਸਮੁੱਚੇ ਪੰਜਾਬੀਆਂ ਵੱਲੋਂ ਭਰਵਾਂ ਹੁੰਗਾਰਾਂ ਮਿਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਇਕ ਧੜੇ ਦੀ ਲੀਡਰਸ਼ਿਪ ਜੋ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮਨਾਮਾ ਸਾਹਿਬ ਤੋ ਮੁਨਕਰ ਹੈ,ਨੇ ਪਹਿਲਾ ਸਿੰਘ ਸਾਹਿਬਾਨ ਨੂੰ ਅਹੁਦਿਆਂ ਤੋਂ ਲਾਂਭੇ ਕਰਕੇ ਉਹਨਾਂ ਦੀ ਕਿਰਦਾਰਕੁਸ਼ੀ ਕੀਤੀ ਅਤੇ ਹੁਣ ਭਰਤੀ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਇਆਲੀ ਅਤੇ ਬਾਕੀ ਭਰਤੀ ਕਮੇਟੀ ਦੇ ਮੈਂਬਰਾਂ ਦੀ ਕਿਰਦਾਰਕੁਸ਼ੀ ਕਰਨ ਦੇ ਕੋਝੇ ਯਤਨ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਭਰਤੀ ਕਮੇਟੀ ਦੇ ਸਾਰੇ ਮੈਂਬਰਾਂ ਦੇ ਰਾਜਸੀ ਅਤੇ ਸਮਾਜਿਕ ਜੀਵਨ ਵਿੱਚ ਕਿਸੇ ਵੀ ਕਿਸਮ ਦਾ ਕੋਈ ਦਾਗ਼ ਨਹੀਂ ਹੈ ਅਤੇ ਇਹਨਾਂ ਕੋਝੀਆਂ ਚਾਲਾਂ ਦੇ ਰਾਹੀ ਮਨਪ੍ਰੀਤ ਸਿੰਘ ਇਆਲੀ ਜਾਂ ਬਾਕੀ ਮੈਂਬਰਾ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ ਦੀ ਪਾਲਣਾ ਕਰਨ ਤੋ ਪਿੱਛੇ ਨਹੀਂ ਹਟਾਇਆ ਜਾ ਸਕਦਾ ਅਸੀ ਮਨਪ੍ਰੀਤ ਸਿੰਘ ਇਆਲੀ ਅਤੇ ਹੋਰ ਆਗੂਆਂ ਖ਼ਿਲਾਫ਼ ਬਿਆਨਬਾਜ਼ੀ ਕਰਨ ਵਾਲੀ ਲੀਡਰਸ਼ਿਪ ਨੂੰ ਕਹਿਣਾ ਚਾਹੁੰਦੇ ਹਾਂ ਕਿ ਰਾਜਨੀਤਕ ਅਤੇ ਸਮਾਜਿਕ ਪੱਧਰ ਤੇ ਇਹਨਾਂ ਨੀਵਾਂ ਜਾਣ ਦੀ ਬਜਾਏ ਪ੍ਰਧਾਨਗੀ ਤੋ ਅਸਤੀਫਾ ਦੇ ਕੇ ਅਤੇ ਆਪਣਾ ਢਾਂਚਾ ਭੰਗ ਕਰਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਣ ਤਾ ਜੋ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਆਦੇਸ਼ ਅਨੁਸਾਰ ਪੰਥਕ ਏਕਤਾ ਦਾ ਰਾਹ ਪੱਧਰਾ ਹੋ ਸਕੇ।