ਚੰਡੀਗੜ 15 ਮਈ ( ਖ਼ਬਰ ਖਾਸ ਬਿਊਰੋ)
ਚੀਫ ਜੁਡੀਸ਼ੀਅਲ ਮਜਿਸਟਰੇਟ ਚੰਡੀਗੜ੍ਹ ਦੀ ਅਦਾਲਤ ਨੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਦੋਸ਼ੀ ਸ਼ਮਸ਼ੇਰ ਸਿੰਘ ਦੇ ਗੈਰ ਜਮਾਨਤੀ ਵਾਰੰਟ ਜਾਰੀ ਕੀਤੇ ਹਨ।
ਜਾਣਕਾਰੀ ਅਨੁਸਾਰ ਪਿਛਲੇ ਸਾਲ ਜੂਨ ਮਹੀਨੇ ਵਿੱਚ ਸ਼ਮਸ਼ੇਰ ਸਿੰਘ ਨੇ, ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਉਸਦੀ ਸਮੇਂ ਤੋਂ ਪਹਿਲਾਂ ਰਿਹਾਈ ਲਈ ਦਾਇਰ ਅਰਜ਼ੀ ‘ਤੇ ਫੈਸਲਾ ਨਾ ਲੈਣ ਕਰਕੇ, ਅਦਾਲਤ ਵਿੱਚ ਜਮਾਨਤ ਅਰਜੀ ਦਾਇਰ ਕੀਤੀ ਸੀ। ਅਦਾਲਤ ਨੇ 20 ਸਤੰਬਰ ਨੂੰ ਪਟਿਸ਼ਨਰ ਨੂੰ ਅਗੇਤੀ ਜਮਾਨਤੀ ਦੇ ਦਿੱਤੀ ਸੀ।
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਇੱਕ ਫੈਸਲੇ ਦੇ ਆਧਾਰ ‘ਤੇ ਜਨਵਰੀ ਮਹੀਨੇ ਵਿੱਚ ਸ਼ਮਸ਼ੇਰ ਸਿੰਘ ਨੂੰ ਜਮਾਨਤ ਉਤੇ ਰਿਹਾਅ ਕਰ ਦਿੱਤਾ ਗਿਆ ਸੀ ਪਰ ਸਮੇਂ ਤੋਂ ਪਹਿਲਾਂ ਰਿਹਾਈ ਵਾਲੀ ਉਸਦੀ ਅਰਜ਼ੀ ਪੈਂਡਿੰਗ ਸੀ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸਾਲ ਸ਼ਮਸ਼ੇਰ ਸਿੰਘ ਨੂੰ ਸਮੇਂ ਤੋਂ ਪਹਿਲਾਂ ਰਿਹਾਈ ਦੇਣ ਦੀ ਬੇਨਤੀ ਵਾਲੀ ਅਰਜੀ ਨੂੰ ਰੱਦ ਕਰ ਦਿੱਤਾ ਤਾਂ ਚੀਫ ਜੁਡੀਸ਼ੀਅਲ ਮਜਿਸਟਰੇਟ ਦੀ ਅਦਾਲਤ ਨੇ ਸ਼ਮਸ਼ੇਰ ਸਿੰਘ ਨੂੰ ਆਤਮ ਸਮਰਪਣ ਕਾਰਨ ਲਈ ਨੋਟਸ ਜਾਰੀ ਕੀਤਾ ਸੀ, ਪਰ ਉਸ ਨੇ ਅਦਾਲਤ ਵਿੱਚ ਸਰੈਂਡਰ ਨਹੀਂ ਕੀਤਾ। ਹੁਣ ਅਦਾਲਤ ਨੇ ਸ਼ਮਸ਼ੇਰ ਸਿੰਘ ਨੂੰ ਦੂਸਰਾ ਗੈਰ ਜਮਾਨਤੀ ਵਰੰਟ ਜਾਰੀ ਕੀਤਾ ਹੈ ।
ਵਰਨਣਯੋਗ ਹੈ ਕਿ 31 ਅਗਸਤ 1995 ਨੂੰ ਚੰਡੀਗੜ੍ਹ ਸਿਵਲ ਸਕੱਤਰੇਤ ਦੇ ਬਾਹਰ ਬੰਬ ਧਮਾਕੇ ਰਾਹੀਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। ਸੀਬੀਆਈ ਅਦਾਲਤ ਨੇ ਬਲਵੰਤ ਸਿੰਘ ਰਾਜੋਆਣਾ ਨੂੰ 2007 ਵਿੱਚ ਫਾਂਸੀ ਦੀ ਸਜ਼ਾ ਸੁਣਾਈ ਸੀ ਜੋ ਕਿ ਇਸ ਸਮੇਂ ਕੇਂਦਰੀ ਜੇਲ ਪਟਿਆਲਾ ਵਿੱਚ ਬੰਦ ਹੈ। ਅਦਾਲਤ ਨੇ ਜਗਤਾਰ ਸਿੰਘ ਹਵਾਰਾ, ਗੁਰਮੀਤ ਸਿੰਘ, ਲਖਵਿੰਦਰ ਸਿੰਘ ਸ਼ਮਸ਼ੇਰ ਸਿੰਘ ਨੂੰ ਅਗਸਤ 2007 ਵਿੱਚ ਉਮਰ ਕੈਦ ਦੀ ਸਜ਼ਾ ਦਿੱਤੀ ਸੀ। ਸਮਸ਼ੇਰ ਸਿੰਘ ਨੂੰ 1995 ਵਿੱਚ ਇਸ ਹੱਤਿਆ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।