ਹੁਸ਼ਿਆਰਪੁਰ, 5 ਸਤੰਬਰ (ਖ਼ਬਰ ਖਾਸ ਬਿਊਰੋ)
ਪੰਜਾਬ ਕਾਂਗਰਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹੜ੍ਹ ਪੀੜਤਾਂ ਨੂੰ ਸਹਾਇਤਾ ਪਹੁੰਚਾਉਣ ਲਈ ਹੁਣ ਤੱਕ ਲਗਭਗ ਦੋ ਕਰੋੜ ਰੁਪਏ ਦੀ ਰਾਹਤ ਸਮੱਗਰੀ ਦਾ ਪ੍ਰਬੰਧ ਕੀਤਾ ਹੈ।
ਇੱਥੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਹੜ੍ਹ ਰਾਹਤ ਤਾਲਮੇਲ ਕਮੇਟੀਆਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕਰ ਰਹੀਆਂ ਹਨ।
ਉਹ ਜ਼ਿਲ੍ਹੇ ਦੇ ਸੀਨੀਅਰ ਪਾਰਟੀ ਆਗੂਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਉਨ੍ਹਾਂ ਖ਼ੁਲਾਸਾ ਕੀਤਾ ਕਿ ਜਿੱਥੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਆਗੂ ਅਤੇ ਜਨ ਪ੍ਰਤੀਨਿਧੀ ਪਹਿਲਾਂ ਹੀ ਲੋਕਾਂ ਵਿੱਚ ਕੰਮ ਕਰ ਰਹੇ ਹਨ। ਉੱਥੇ ਹੀ, ਜਿਹੜੇ ਇਲਾਕੇ ਹੜ੍ਹਾਂ ਤੋਂ ਪ੍ਰਭਾਵਿਤ ਨਹੀਂ ਹਨ, ਉਨ੍ਹਾਂ ਦੇ ਆਗੂ ਅਤੇ ਵਰਕਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਤਾਇਨਾਤ ਕੀਤੇ ਜਾ ਰਹੇ ਹਨ।
ਅੱਜ ਹੁਸ਼ਿਆਰਪੁਰ ਵਿਖੇ ਹੋਈ ਮੀਟਿੰਗ ਵਿੱਚ ਸਾਬਕਾ ਮੰਤਰੀ ਸੁੰਦਰ ਸ਼ਿਆਮ ਅਰੋੜਾ, ਸੰਗਤ ਸਿੰਘ ਗਿਲਜ਼ੀਆਂ, ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ, ਅਰੁਣ ਡੋਗਰਾ, ਕਮਲਜੀਤ ਸਿੰਘ ਲਾਲੀ ਆਦਿ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਫਿਰੋਜ਼ਪੁਰ, ਲੁਧਿਆਣਾ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਸੰਸਦੀ ਹਲਕਿਆਂ ਵਿੱਚ ਹੁਣ ਤੱਕ ਫੰਡ ਇਕੱਠੇ ਕੀਤੇ ਗਏ ਹਨ।
ਵੜਿੰਗ ਨੇ ਕਿਹਾ ਕਿ ਪਾਰਟੀ ਦੇ ਸੰਸਦ ਮੈਂਬਰਾਂ ਨੇ ਵੀ ਆਪੋ-ਆਪਣੇ ਮੈਂਬਰ ਪਾਰਲੀਮੈਂਟ ਲੋਕਲ ਏਰੀਆ ਡਿਵੈਲਪਮੈਂਟ ਫੰਡਾਂ ਵਿੱਚੋਂ ਯੋਗਦਾਨ ਪਾਇਆ ਗਿਆ ਹੈ, ਕਿਉਂਕਿ ਉਹ ਕੁਦਰਤੀ ਆਫ਼ਤ ਦੌਰਾਨ ਰਾਹਤ ਲਈ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਤੋਂ ਇਲਾਵਾ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਔਜਲਾ, ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਅਤੇ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਸੂਬੇ ਵਿੱਚ ਹੜ੍ਹਾਂ ਤੋਂ ਰਾਹਤ ਲਈ 25-25 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਖੁਲਾਸਾ ਕੀਤਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਸੂਬਾਈ ਲੀਡਰਸ਼ਿਪ ਤੇ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨਾਲ ਵੀ ਨਿਯਮਤ ਸੰਪਰਕ ਵਿੱਚ ਹਨ।