ਪ੍ਰਧਾਨ ਮੰਤਰੀ ਦਾ ਸਵਾਗਤ ਪਰ ਕੇਂਦਰ ਪੰਜਾਬ ਦੀ ਭਰਪਾਈ ਕਰੇ- ਅਮਨ ਅਰੋੜਾ

ਚੰਡੀਗੜ੍ਹ, 8 ਸਤੰਬਰ (ਖ਼ਬਰ ਖਾਸ ਬਿਊਰੋ)

ਪ੍ਰਧਾਨ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਤੋਂ ਪਹਿਲਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ “ਡੂੰਘੀ ਨੀਂਦ” ਤੋਂ ਜਗਾਉਣ ਦਾ ਹੋਕਾ ਦਿੰਦਿਆਂ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕੇਂਦਰ ਤੋਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਹੜ੍ਹਾਂ ਕਰਕੇ ਬਣੇ ਹਾਲਾਤਾਂ ਨੂੰ ਫੋਟੋਗ੍ਰਾਫ਼ੀ ਦੇ ਮੌਕੇ ਵਜੋਂ ਦੇਖਣ ਲਈ ਪੰਜਾਬ ਦੀ ਭਾਜਪਾ ਲੀਡਰਸ਼ਿਪ ਅਤੇ ਕੇਂਦਰੀ ਮੰਤਰੀਆਂ ਦੀ ਸਖ਼ਤ ਆਲੋਚਨਾ ਕਰਦਿਆਂ ਸ੍ਰੀ ਮੋਦੀ ਨੂੰ ਇਸ ਕੁਦਰਤੀ ਮਾਰ ਤੋਂ ਸੂਬੇ ਨੂੰ ਉਭਾਰਨ ਲਈ ਕੋਈ ਠੋਸ ਸਹਾਇਤਾ ਦੇਣ ਦੀ ਅਪੀਲ ਕੀਤੀ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਮੰਗਲਵਾਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਪੰਜਾਬ ਆ ਰਹੇ ਹਨ।

ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, “ਮੈਂ ਪੰਜਾਬ ਦੇ 3 ਕਰੋੜ ਤੋਂ ਵੱਧ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਨਿੱਘਾ ਸਵਾਗਤ ਕਰਦਾ ਹਾਂ, ਜੋ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਆ ਰਹੇ ਹਨ ਪਰ ਮੈਂ ਨਾਲ ਹੀ ਉਨ੍ਹਾਂ ਨੂੰ ਨਿਮਰਤਾ ਨਾਲ ਬੇਨਤੀ ਕਰਦਾ ਕਿ ਉਹ ਇਸ ਗੰਭੀਰ ਸੰਕਟ ਨੂੰ ਸਿਰਫ਼ ਫੋਟੋਗ੍ਰਾਫ਼ੀ ਲਈ ਹੜ੍ਹ ਸੈਰ-ਸਪਾਟੇ ਤੱਕ ਸੀਮਤ ਨਾ ਰੱਖਦਿਆਂ ਪੰਜਾਬ ਲਈ ਵਿਸ਼ੇਸ਼ ਸਹਾਇਤਾ ਲੈ ਕੇ ਆਉਣ। ਜੇਕਰ ਪ੍ਰਧਾਨ ਮੰਤਰੀ ਪੰਜਾਬ ਨੂੰ ਭਾਰਤ ਦਾ ਅਨਿੱਖੜਵਾਂ ਅੰਗ ਮੰਨਦੇ ਹਨ ਅਤੇ ਉਹ ਸੱਚਮੁੱਚ ਪੰਜਾਬ ਦੀ ਪਰਵਾਹ ਕਰਦੇ ਹਨ ਤਾਂ ਉਹ ਸੂਬੇ ਲਈ ਘੱਟੋ-ਘੱਟ 20,000 ਕਰੋੜ ਰੁਪਏ ਦਾ ਪੈਕੇਜ ਲੈ ਕੇ ਆਉਣ।”

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਸ੍ਰੀ ਅਮਨ ਅਰੋੜਾ ਨੇ ਕੇਂਦਰ ਸਰਕਾਰ ਵੱਲੋਂ ਸੂਬੇ ਦੇ 60,000 ਕਰੋੜ ਰੁਪਏ ਦੇ ਰੋਕੇ ਗਏ ਫੰਡਾਂ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਵੀ ਕੀਤੀ, ਜਿਸ ਵਿੱਚ ਜੀ.ਐਸ.ਟੀ. ਪ੍ਰਣਾਲੀ ਲਾਗੂ ਹੋਣ ਕਾਰਨ 50,000 ਕਰੋੜ ਰੁਪਏ ਦੇ ਮਾਲੀਆ ਦਾ ਨੁਕਸਾਨ ਅਤੇ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਪੇਂਡੂ ਵਿਕਾਸ ਫੰਡ (ਆਰਡੀਐਫ) ਅਤੇ ਮਾਰਕੀਟ ਵਿਕਾਸ ਫੰਡ (ਐਮਡੀਐਫ) ਦੇ ਬਕਾਇਆ 8,000 ਕਰੋੜ ਰੁਪਏ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵੀ ਬਕਾਇਆ ਫੰਡ ਜਾਰੀ ਕਰਨ ਲਈ ਕੇਂਦਰ ਸਰਕਾਰ ਨੂੰ ਇੱਕ ਪੱਤਰ ਲਿਖਿਆ ਸੀ। ਉਨ੍ਹਾਂ ਨੇ ਹੜ੍ਹ ਮੁਆਵਜ਼ੇ ਵਿੱਚ ਵਾਧੇ ਦੀ ਮੰਗ ਵੀ ਕੀਤੀ ਕਿਉਂਕਿ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ 4.50 ਲੱਖ ਏਕੜ ਤੋਂ ਵੱਧ ਖੇਤੀ ਵਾਲਾ ਰਕਬਾ ਪਾਣੀ ‘ਚ ਡੁੱਬ ਗਿਆ ਹੈ ਅਤੇ 3 ਲੱਖ ਤੋਂ ਵੱਧ ਪਸ਼ੂਧਨ ਪ੍ਰਭਾਵਿਤ ਹੋਣ ਦੇ ਨਾਲ-ਨਾਲ ਸੈਂਕੜੇ ਘਰ ਨੁਕਸਾਨੇ ਗਏ ਹਨ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਉਨ੍ਹਾਂ ਨੇ ਭਾਰਤ ਦੀ ਖੁਰਾਕ ਸੁਰੱਖਿਆ ਵਿੱਚ ਪੰਜਾਬ ਦੇ ਮਹੱਤਵਪੂਰਨ ਯੋਗਦਾਨ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੀ ਹੜ੍ਹ ਪ੍ਰਭਾਵਿਤ ਆਰਥਿਕਤਾ ਨੂੰ ਮੁੜ ਲੀਹ ‘ਤੇ ਲਿਆਉਣ ਲਈ ਵਿਸ਼ੇਸ਼ ਰਾਹਤ ਪੈਕੇਜ ਦੀ ਲੋੜ ‘ਤੇ ਜ਼ੋਰ ਦਿੱਤਾ।

ਕੇਂਦਰ ਸਰਕਾਰ ‘ਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦਾ ਦੋਸ਼ ਲਾਉਂਦਿਆਂ ਸ੍ਰੀ ਅਰੋੜਾ ਨੇ ਇਸ ਸੰਕਟ ਦੌਰਾਨ ਪੰਜਾਬ ਦੇ ਭਾਜਪਾ ਆਗੂਆਂ ਦੀ ਚੁੱਪੀ ‘ਤੇ ਸਵਾਲ ਉਠਾਉਂਦਿਆਂ ਸੁਝਾਅ ਦਿੱਤਾ ਕਿ ਅਜਿਹੇ ਹਾਲਾਤਾਂ ਵਿੱਚ ਇਨ੍ਹਾਂ ਆਗੂਆਂ ਨੂੰ ਫੋਟੋਆਂ ਖਿਚਵਾਉਣ ਦੇ ਮੌਕੇ ਤਲਾਸ਼ਣ ਦੀ ਥਾਂ ਸੂਬੇ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕੇਜ ਹਾਸਲ ਕਰਨ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ‘ਚ ਬਣੇ ਗੰਭੀਰ ਹਾਲਾਤਾਂ ‘ਚ ਸੁਧਾਰ ਲਈ ਵਿਖਾਵੇ ਦੀ ਰਾਜਨੀਤੀ ਨਹੀਂ, ਸਗੋਂ ਠੋਸ ਕਾਰਵਾਈ ਕਰਨ ਦੀ ਲੋੜ ਹੈ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਸ੍ਰੀ ਅਮਨ ਅਰੋੜਾ ਨੇ ਦੁਹਰਾਇਆ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਇਸ ਕੁਦਰਤੀ ਕਹਿਰ ਕਰਕੇ ਬਣੇ ਹਾਲਾਤਾਂ ‘ਚੋਂ ਸੂਬੇ ਨੂੰ ਉਭਾਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਸੂਬੇ ਦੀਆਂ ਚੁਣੌਤੀਆਂ ਦੇ ਹੱਲ ਲਈ ਲੋੜੀਂਦੀ ਰਾਹਤ ਅਤੇ ਸਹਾਇਤਾ ਦੀ ਲੋੜ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਅਤੇ ਪੰਜਾਬ ਦੇ ਹੱਕਾਂ ਲਈ ਹਰੇਕ ਪਲੇਟਫ਼ਾਰਮ ਉਤੇ ਆਵਾਜ਼ ਉਠਾਵੇਗੀ।

Leave a Reply

Your email address will not be published. Required fields are marked *